ਕੋਟਕਪੂਰਾ ‘ਚ ਘਰ ਨੂੰ ਭਿਆਨਕ ਅੱਗ/ ਲੱਖਾਂ ਦਾ ਸਮਾਨ ਸੜ ਕੇ ਸੁਆਹ/ ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

0
2

ਕੋਟਕਪੂਰਾ ਦੇ ਡਾਕਟਰ ਹਰਪਾਲ ਸਟਰੀਟ ਵਿਚ ਲੰਘੀ ਰਾਤ ਇੱਕ ਘਰ ਨੂੰ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਇਸ ਅੱਗ ਨਾਲ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਜਦਕਿ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਵੇਲੇ ਪਰਿਵਾਰ ਮੋਗਾ ਵਿਖੇ ਇੱਕ ਸਮਾਗਮ ਵਿੱਚ ਸ਼ਾਮਿਲ ਹੋਣ ਗਿਆ ਹੋਇਆ ਸੀ। ਅੱਗ ਮੰਦਰ ਵਿਚ ਲੱਗੀ ਜੋਤ ਕਾਰਨ ਲੱਗੀ ਦੱਸੀ ਜਾ ਰਹੀ ਹੈ। ਘਰ ਵਿਚੋਂ ਧੂੰਆਂ ਨਿਕਲਦਾ ਵੇਖ ਲੋਕਾ ਨੇ ਪਰਿਵਾਰ ਨੂੰ ਫੋਨ ਕਰਨ ਦੇ ਨਾਲ ਨਾਲ ਫਾਇਰ ਬ੍ਰਿਗੇਡ ਤੇ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ  ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਲੋਕਾਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ।
ਜਾਣਕਾਰੀ ਅਨੁਸਾਰ, ਇਲੈਕਟ੍ਰਾਨਿਕਸ ਦਾ ਸ਼ੋਅਰੂਮ ਚਲਾਉਣ ਵਾਲੇ ਸੁਰੇਸ਼ ਕੁਮਾਰ ਕਾਲੜਾ ਆਪਣੇ ਪਰਿਵਾਰ ਸਮੇਤ ਮੋਗਾ ਗਏ ਹੋਏ ਸਨ। ਘਰ ਤੋਂ ਜਾਣ ਤੋਂ ਪਹਿਲਾਂ ਉਨ੍ਹਾਂ ਵੱਲੋਂ ਘਰ ਦੇ ਮੰਦਰ ਵਿੱਚ ਜੋਤ ਜਲਾਈ ਗਈ ਸੀ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸੇ ਜੋਤ ਕਾਰਨ ਅਚਾਨਕ ਅੱਗ ਲੱਗ ਗਈ, ਜਿਸ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ। ਆਸ-ਪਾਸ ਦੇ ਲੋਕਾਂ ਨੇ ਘਰ ਵਿੱਚੋਂ ਧੂੰਆਂ ਨਿਕਲਦਾ ਦੇਖ ਪਰਿਵਾਰ ਨੂੰ ਫੋਨ ‘ਤੇ ਸੂਚਿਤ ਕੀਤਾ ਅਤੇ ਬਾਅਦ ਵਿੱਚ ਫਾਇਰ ਬ੍ਰਿਗੇਡ ਅਤੇ ਸਿਟੀ ਪੁਲਿਸ ਨੂੰ ਸੂਚਨਾ ਦਿੱਤੀ।
ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਅਤੇ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਘਰ ਦੇ ਮੇਨ ਗੇਟ ਸਮੇਤ ਹੋਰ ਦਰਵਾਜ਼ੇ ਤੋੜ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਹਾਲਾਂਕਿ, ਇਸ ਦੌਰਾਨ ਘਰ ਦਾ ਵੱਡਾ ਹਿੱਸਾ ਅਤੇ ਕਾਫੀ ਕੀਮਤੀ ਸਮਾਨ ਸੜ ਕੇ ਸੁਆਹ ਹੋ ਚੁੱਕਿਆ ਸੀ। ਇਸ ਸਬੰਧੀ ਫਾਇਰ ਬ੍ਰਿਗੇਡ ਅਧਿਕਾਰੀ ਪ੍ਰੇਮਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਦੋ ਟੀਮਾਂ ਨਾਲ ਮੌਕੇ ‘ਤੇ ਪਹੁੰਚ ਗਏ ਸਨ ਅਤੇ ਪੁਲਿਸ ਤੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਜਾਂਚ ਮੁਤਾਬਕ ਅੱਗ ਦਾ ਕਾਰਨ ਘਰ ਦੇ ਮੰਦਰ ਵਿੱਚ ਜਲਾਈ ਗਈ ਜੋਤ ਹੋ ਸਕਦੀ ਹੈ, ਹਾਲਾਂਕਿ ਅਸਲ ਕਾਰਨਾਂ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here