ਅਨੰਦਪੁਰ ਸਾਹਿਬ ਨਗਰ ਕੌਂਸਲ ਵਿਖੇ ਸ਼ੁਕਰਾਨਾ ਸਮਾਗਮ/ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ/ ਕੌਂਸਲ ਵੱਲੋਂ ਕੀਤੇ ਕੰਮਾਂ ਦੀ ਕੀਤੀ ਭਰਵੀ ਸ਼ਲਾਘਾ

0
6

ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੀ ਮਿਆਦ ਪੂਰੀ ਹੋਣ ਮੌਕੇ ‘ਤੇ ਕੌਂਸਲ ਵੱਲੋਂ ਇਕ ਵਿਸ਼ੇਸ਼ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ। ਇਹ ਮਿਆਦ ਭਲਕੇ 14 ਅਪਰੈਲ ਨੂੰ ਪੂਰੀ ਹੋਣ ਜਾ ਰਹੀ ਹੈ। ਸਮਾਗਮ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਸਰਦਾਰ ਸੁਰਜੀਤ ਸਿੰਘ ਜੀਤਾ ਅਤੇ ਕੌਂਸਲ ਦੀ ਪੂਰੀ ਟੀਮ ਵੱਲੋਂ ਪਿਛਲੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸੀ ਕੰਮਾਂ ਦਾ “ਰਿਪੋਰਟ ਕਾਰਡ” ਸੰਗਤ ਦੇ ਸਾਹਮਣੇ ਪੇਸ਼ ਕੀਤਾ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੌਂਸਲ ਦੇ ਕੀਤੇ ਕੰਮਾਂ ਦੀ ਪ੍ਰਸੰਸ਼ਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਇਕ ਪਵਿੱਤਰ ਅਤੇ ਇਤਿਹਾਸਕ ਧਰਤੀ ਹੈ, ਜਿਸਦੀ ਸੇਵਾ ਕਰਨਾ ਵੱਡੀ ਕਿਸਮਤ ਦੀ ਗੱਲ ਹੈ ਅਤੇ ਇਹ ਗੁਰੂ ਸਾਹਿਬ ਦੀ ਕਿਰਪਾ ਨਾਲ ਹੀ ਸੰਭਵ ਹੁੰਦਾ ਹੈ। ਇਸ ਦੌਰਾਨ ਉਨ੍ਹਾਂ ਨੇ ਨਗਰ ਕੌਂਸਲ ਵੱਲੋਂ ਕੀਤੇ ਕੰਮਾਂ ਦਾ ਬਿਊਰਾ ਵੀ ਸਾਂਝਾ ਕੀਤਾ।
ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਸ਼ਹਿਰ ਵਿੱਚ ਵੱਡੇ ਪੱਧਰ ‘ਤੇ ਵਿਕਾਸੀ ਕੰਮ ਹੋਏ ਹਨ ਅਤੇ ਖਾਸ ਕਰਕੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ, ਜਿਸ ਨਾਲ ਇਸ ਧਰਤੀ ਨੂੰ ਵਿਸ਼ੇਸ਼ ਮਾਣ ਮਿਲਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦਾ ਇਤਿਹਾਸਕ ਸੈਸ਼ਨ ਵੀ ਇੱਥੇ ਆਯੋਜਿਤ ਕੀਤਾ ਗਿਆ ਸੀ। ਮੰਤਰੀ ਬੈਂਸ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੇ ਵਿਕਾਸ ਲਈ ਹੋਰ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਇਕ ਵੱਡੀ ਯੂਨੀਵਰਸਿਟੀ ਦੀ ਸਥਾਪਨਾ ਨਾਲ ਆਉਣ ਵਾਲੇ 5-7 ਸਾਲਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡਾ ਬਦਲਾਅ ਆਵੇਗਾ। ਇਸ ਤੋਂ ਇਲਾਵਾ ਇਲਾਕੇ ਲਈ ਮੈਡੀਕਲ ਕਾਲਜ ਲਿਆਉਣ ਦੀ ਕੋਸ਼ਿਸ਼ ਵੀ ਜਾਰੀ ਹੈ।
ਉਨ੍ਹਾਂ ਹੋਰ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਇਕ ਆਧੁਨਿਕ “ਸਟੇਟ ਆਫ ਆਰਟ ਐਡਮਿਨਿਸਟਰੇਟਿਵ ਕੰਪਲੈਕਸ” ਤਿਆਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਕਾਨਫਰੰਸ ਰੂਮ, ਆਡੀਟੋਰੀਅਮ ਅਤੇ ਹੋਰ ਸਹੂਲਤਾਂ ਹੋਣਗੀਆਂ। ਸਿੱਖਿਆ ਦੇ ਖੇਤਰ ਵਿੱਚ ਨੌਜਵਾਨਾਂ ਲਈ ਸ਼ੂਟਿੰਗ ਰੇਂਜ ਵੀ ਜਲਦੀ ਲੋਕਾਂ ਨੂੰ ਸਮਰਪਿਤ ਕੀਤੀ ਜਾਵੇਗੀ। ਇਸ ਦੌਰਾਨ ਮੰਤਰੀ ਬੈਂਸ ਨੇ ਕੈਬਨਿਟ ਵੱਲੋਂ ਪਾਸ ਕੀਤੇ ਜਾ ਰਹੇ “ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਐਕਟ” ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦੇ ਤਹਿਤ ਬੇਅਦਬੀ ਦੇ ਮਾਮਲਿਆਂ ਵਿੱਚ ਸਖਤ ਸਜ਼ਾਵਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਇਹ ਬਿਲ ਸਾਰੇ ਪੰਥਕ ਜਥੇਬੰਦੀਆਂ, ਸੰਪਰਦਾਵਾਂ ਅਤੇ ਕਾਨੂੰਨੀ ਮਾਹਿਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਤਿਆਰ ਕੀਤਾ ਗਿਆ ਹੈ। ਸਮਾਗਮ ਦੇ ਅੰਤ ਵਿੱਚ ਕੌਂਸਲ ਟੀਮ ਵੱਲੋਂ ਸ਼ਹਿਰ ਦੀ ਸੇਵਾ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ ਅਤੇ ਉਮੀਦ ਜਤਾਈ ਗਈ ਕਿ ਭਵਿੱਖ ਵਿੱਚ ਵੀ ਇਹ ਸੇਵਾ ਕਰਨ ਦਾ ਮੌਕਾ ਮਿਲੇਗਾ।

LEAVE A REPLY

Please enter your comment!
Please enter your name here