ਪੰਜਾਬ ਮੋਗਾ ਵਿਖੇ ਮਨਾਇਆ ਡਾ. ਅੰਬੇਡਕਰ ਦਾ ਜਨਮ ਦਿਹਾੜਾ/ ਵੱਖ ਵੱਖ ਥਾਈ ਸਮਾਗਮਾਂ ਦੌਰਾਨ ਦਿੱਤੀ ਸ਼ਰਧਾਂਜਲੀ By admin - April 14, 2026 0 2 Facebook Twitter Pinterest WhatsApp ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਹਾੜਾ ਅੱਜ ਪੂਰੇ ਦੇਸ਼ ਵਿੱਚ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਲੋਕਾਂ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਨਮਨ ਕੀਤਾ ਗਿਆ। ਗੱਲ ਜੇਕਰ ਮੋਗਾ ਦੀ ਕਰੀਏ ਤਾਂ ਇੱਥੇ ਵੀ ਵੱਖ-ਵੱਖ ਥਾਵਾਂ ‘ਤੇ ਸਮਾਗਮ ਕਰਕੇ ਬਾਬਾ ਸਾਹਿਬ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ‘ਤੇ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਅਹੁਦੇਦਾਰ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਇਸ ਮੌਕੇ ਬੁਲਾਰਿਆਂ ਨੇ ਬਾਬਾ ਸਾਹਿਬ ਦੇ ਜੀਵਨ ਤੇ ਸੰਘਰਸ਼ ਬਾਰੇ ਚਾਨਣਾ ਪਾਇਆ। ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸਕੱਤਰ ਰਮੇਸ਼ ਗੈਚੰਦ ਨੇ ਕਿਹਾ ਕਿ ਬਾਬਾ ਸਾਹਿਬ ਇੱਕ ਵਿਅਕਤੀ ਨਹੀਂ, ਸਗੋਂ ਆਪਣੇ ਆਪ ਵਿੱਚ ਇੱਕ ਸੰਸਥਾ ਅਤੇ ਜੀਵੰਤ ਸਿੱਖਿਆ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਜੀਵਨੀ ਤੋਂ ਸਭ ਤੋਂ ਵੱਡਾ ਸੰਦੇਸ਼ “ਪੜ੍ਹੋ, ਜੁੜੋ ਅਤੇ ਸੰਘਰਸ਼ ਕਰੋ” ਹੈ, ਜਿਸ ਨੂੰ ਅੱਜ ਵੀ ਅਪਣਾਉਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਸਮਾਜ ਵਿੱਚ ਕਈ ਵਾਰ ਗਲਤ ਪ੍ਰਚਾਰ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਵਾਤਾਵਰਣ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਜਿਸ ‘ਤੇ ਕਾਬੂ ਪਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਜੇ ਸਰਕਾਰਾਂ ਇਸ ਵੱਲ ਧਿਆਨ ਨਹੀਂ ਦੇਣਗੀਆਂ ਤਾਂ ਸਮਾਜ ਨੂੰ ਖੁਦ ਅੱਗੇ ਆ ਕੇ ਆਪਣੇ ਹੱਕਾਂ ਲਈ ਲੜਨਾ ਪਵੇਗਾ। ਸਮਾਗਮ ਦੌਰਾਨ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ, ਤਾਂ ਜੋ ਨਵੀਂ ਪੀੜ੍ਹੀ ਨੂੰ ਪ੍ਰੇਰਨਾ ਮਿਲ ਸਕੇ। ਉਨ੍ਹਾਂ ਨੇ ਚਿੰਤਾ ਜਤਾਈ ਕਿ ਉੱਚ ਸਿੱਖਿਆ ਮਹਿੰਗੀ ਹੋਣ ਕਾਰਨ ਕਈ ਬੱਚੇ ਆਪਣੀ ਪੜ੍ਹਾਈ ਪੂਰੀ ਨਹੀਂ ਕਰ ਸਕਦੇ ਅਤੇ ਰੁਜ਼ਗਾਰ ਦੀ ਘਾਟ ਵੀ ਵੱਡੀ ਸਮੱਸਿਆ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਰੁਜ਼ਗਾਰ ਦੇ ਮੌਕੇ ਵਧਣਗੇ ਤਾਂ ਹੀ ਨੌਜਵਾਨ ਸਿੱਖਿਆ ਵੱਲ ਹੋਰ ਪ੍ਰੇਰਿਤ ਹੋਣਗੇ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਬਾਬਾ ਸਾਹਿਬ ਦੇ ਵਿਚਾਰਾਂ ਬਾਰੇ ਪੂਰੀ ਜਾਣਕਾਰੀ ਨਹੀਂ ਹੈ, ਜਿਸ ਦਾ ਇੱਕ ਵੱਡਾ ਕਾਰਨ ਇਹ ਹੈ ਕਿ ਸਕੂਲੀ ਪਾਠਕ੍ਰਮ ਵਿੱਚ ਉਨ੍ਹਾਂ ਬਾਰੇ ਉਚਿਤ ਜਾਣਕਾਰੀ ਸ਼ਾਮਲ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਬਾਬਾ ਸਾਹਿਬ ਦੀ ਜੀਵਨੀ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਸਕੂਲਾਂ ਦੇ ਪਾਠਕ੍ਰਮ ਵਿੱਚ ਵੱਧ ਤੋਂ ਵੱਧ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮਾਜ ਨੂੰ ਜਾਗਰੂਕ ਹੋ ਕੇ ਆਪਣੇ ਹੱਕਾਂ ਲਈ ਇਕੱਠੇ ਹੋਣਾ ਪਵੇਗਾ ਅਤੇ ਬਾਬਾ ਸਾਹਿਬ ਦੇ ਦਰਸਾਏ ਰਸਤੇ ‘ਤੇ ਚੱਲਣਾ ਹੀ ਸੱਚੀ ਸ਼ਰਧਾਂਜਲੀ ਹੋਵੇਗੀ।