ਪੰਜਾਬ ਵਿਧਾਇਕ ਕੁਲਦੀਪ ਧਾਲੀਵਾਲ ਦਾ ਭਾਜਪਾ ’ਤੇ ਸ਼ਬਦੀ ਹਮਲਾ/ ਏਜੰਸੀਆਂ ਰਾਹੀਂ ਦਬਾਅ ਬਣਾਉਣ ਦੇ ਲਾਏ ਇਲਜ਼ਾਮ/ ਕਿਹਾ, ਬੀਜੇਪੀ ਜੋ ਮਰਜ਼ੀ ਕਰ ਲਵੇ, ਨਹੀਂ ਬਣਾ ਸਕੇਗੀ ਸਰਕਾਰ By admin - April 25, 2026 0 3 Facebook Twitter Pinterest WhatsApp ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜ ਸਭਾ ਮੈਂਬਰਾਂ ਨੂੰ ਤੋੜਣ ਨੂੰ ਲੈ ਕੇ ਭਾਜਪਾ ਉਤੇ ਸ਼ਬਦੀ ਹਮਲਾ ਕੀਤਾ ਹੈ। ਅੰਮ੍ਰਿਤਸਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਭਾਜਪਾ ਨੇ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਦਿਆਂ ਆਪ ਦੇ ਰਾਜ ਸਭਾ ਮੈਂਬਰਾਂ ਨੂੰ ਆਪਣੇ ਨਾਲ ਜੋੜਿਆ ਹੈ। ਉਨ੍ਹਾਂ ਕਿਹਾ ਕਿ ਰਾਜ ਸਭਾ ਮੈਂਬਰਾਂ ਦਾ ਕੋਈ ਜਨਤਕ ਆਧਾਰ ਨਹੀਂ ਸੀ, ਇਸ ਲਈ ਇਨ੍ਹਾਂ ਆਗੂਆਂ ਦੀ ਸ਼ਮੂਲੀਅਤ ਦਾ ਭਾਜਪਾ ਨੂੰ ਕੋਈ ਲਾਭ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਸਾਰੇ ਆਗੂ ਦੂਜੀਆਂ ਪਾਰਟੀਆਂ ਵਿਚੋਂ ਹੀ ਆਏ ਹਨ, ਜਿਸ ਦੇ ਚਲਦਿਆਂ ਪੰਜਾਬ ਅੰਦਰ ਭਾਜਪਾ ਦਾ ਆਪਣਾ ਕੋਈ ਆਧਾਰ ਨਹੀਂ ਹੈ, ਇਸ ਲਈ ਆਉਂਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹੀ ਮੁੜ ਸਰਕਾਰ ਬਣੇਗੀ। ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤੀ ਜਨਤਾ ਪਾਰਟੀ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਬੀਜੇਪੀ ਪੰਜਾਬ ਵਿੱਚ ਆਪਣੀ ਜਗ੍ਹਾ ਬਣਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਜਿਵੇਂ ਈਡੀ ਅਤੇ ਸੀਬੀਆਈ ਦਾ ਗਲਤ ਇਸਤੇਮਾਲ ਕਰ ਰਹੀ ਹੈ। ਧਾਲੀਵਾਲ ਨੇ ਦਾਅਵਾ ਕੀਤਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਬੀਜੇਪੀ ਵੱਲੋਂ ਕਈ ਵਾਰ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਹ ਇਸ ਵਿੱਚ ਕਾਮਯਾਬ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਹੁਣ ਦਬਾਅ ਅਤੇ ਡਰਾਉਣ ਦੀ ਰਾਜਨੀਤੀ ਰਾਹੀਂ ਬਿਜ਼ਨਸਮੈਨਾਂ ਅਤੇ ਹੋਰ ਪ੍ਰਭਾਵਸ਼ਾਲੀ ਲੋਕਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਬੀਜੇਪੀ ਪੰਜਾਬ ਵਿੱਚ ਕੋਈ ਮਜ਼ਬੂਤ ਆਧਾਰ ਨਹੀਂ ਰੱਖਦੀ ਅਤੇ ਜੋ ਵੀ ਨੇਤਾ ਉਨ੍ਹਾਂ ਨਾਲ ਜੁੜੇ ਹਨ, ਉਹ ਪਹਿਲਾਂ ਹੋਰ ਪਾਰਟੀਆਂ ਨਾਲ ਸੰਬੰਧਤ ਰਹੇ ਹਨ। ਧਾਲੀਵਾਲ ਮੁਤਾਬਕ, ਪੰਜਾਬ ਦੇ ਲੋਕ ਇਸ ਰਾਜਨੀਤਿਕ ਚਾਲ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਇਸਦਾ ਜਵਾਬ ਦੇਣਗੇ। ਆਮ ਆਦਮੀ ਪਾਰਟੀ ਦੇ ਨੇਤਾ ਨੇ ਭਰੋਸਾ ਜਤਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ ਆਧਾਰ ‘ਤੇ 2027 ਵਿੱਚ ਪਾਰਟੀ ਦੁਬਾਰਾ ਵੱਡੀ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਰੇ ਵਰਕਰ ਅਤੇ ਨੇਤਾ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਨਾਲ ਖੜੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਦਬਾਅ ਤੋਂ ਡਰਨ ਵਾਲੇ ਨਹੀਂ ਹਨ। ਅੰਤ ਵਿੱਚ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਧੱਕੇ ਅਤੇ ਦਬਾਅ ਦੀ ਰਾਜਨੀਤੀ ਨੂੰ ਕਦੇ ਕਬੂਲ ਨਹੀਂ ਕਰਨਗੇ ਅਤੇ ਲੋਕਤੰਤਰ ਵਿੱਚ ਆਪਣੀ ਵੋਟ ਰਾਹੀਂ ਹਰ ਇਕ ਗਲਤ ਕਦਮ ਦਾ ਮੂੰਹਤੋੜ ਜਵਾਬ ਦੇਣਗੇ।