ਹਿਮਾਚਲ ਪ੍ਰਦੇਸ਼ ਵਿਚ ਸਿੱਖ ਯਾਤਰੂਆਂ ਨਾਲ ਹੋਈਆਂ ਵਧੀਕੀਆਂ ਦੀਆਂ ਕਥਿਤ ਘਟਨਾਵਾਂ ਤੋਂ ਬਾਅਦ ਦੋਵਾਂ ਸੂਬਿਆਂ ਦੇ ਲੋਕਾਂ ਵਿਚਾਲੇ ਖਿੱਚੋਤਾਣ ਦਾ ਮੁੱਦਾ ਲਗਾਤਾਰ ਗਰਮਾਇਆ ਹੋਇਆ ਐ। ਖਾਸ ਕਰ ਕੇ ਹਿਮਾਚਲ ਪ੍ਰਦੇਸ਼ ਦੀਆਂ ਬੱਸਾਂ ਤੇ ਖਾਲਿਸਤਾਨੀ ਨਾਅਰੇ ਲਿਖਣ ਤੇ ਪੋਸਟਰ ਲਗਾਉਣ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਸੀ, ਜਿਸ ਦੇ ਮੱਦੇਨਜ਼ਰ ਹਿਮਾਚਲ ਦੇ ਲੋਕ ਪੰਜਾਬ ਆਉਣ ਤੋਂ ਕਤਰਾਅ ਰਹੇ ਸਨ। ਅਜਿਹੇ ਮਾਹੌਲ ਨੂੰ ਠੀਕ ਕਰਨ ਦੇ ਮਕਸਦ ਨਾਲ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਵਿਖੇ ਸਥਿਤ ਸਰਕਾਰੀ ਕਾਲਜ ਬੜਸਰ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਇਕ ਵਫਦ ਬੀਤੇ ਦਿਨ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਪਹੁੰਚਿਆ, ਜਿੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਹੋਈ ਮੀਟਿੰਗ ਦੌਰਾਨ ਹਿਮਾਚਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਚੱਲ ਰਹੀਆਂ ਅਫਵਾਹਾਂ ਬਾਰੇ ਜਥੇਦਾਰ ਨਾਲ ਵਿਚਾਰ ਚਰਚਾ ਕੀਤੀ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਅਧਿਆਪਕਾਂ ਨੇ ਦੋਵੇਂ ਸੂਬਿਆਂ ਦੇ ਲੋਕਾਂ ਨੂੰ ਸ਼ਰਾਰਤੀ ਅਨਸਰਾਂ ਤੇ ਅਫਾਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਹਾਲਾਤ ਠੀਕ ਨਾ ਹੋਣ ਦਾ ਹਵਾਲਾ ਦਿੰਦਿਆਂ ਪੰਜਾਬ ਨਾ ਆਉਣ ਦੀ ਸਲਾਹ ਦਿੱਤੀ ਗਈ ਸੀ ਪਰ ਪੰਜਾਬ ਦੀ ਧਰਤੀ ਤੇ ਆ ਕੇ ਸਾਨੂੰ ਬਹੁਤ ਚੰਗਾ ਲੱਗਾ ਐ।