ਪੰਜਾਬ ਬਿਕਰਮ ਮਜੀਠੀਆ ਨੇ ਧਮਾਕਿਆਂ ਨੂੰ ਲੈ ਕੇ ਘੇਰੀ ਸਰਕਾਰ/ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋਣ ਦਾ ਦਾਅਵਾ/ ਰਾਸ਼ਟਰਪਤੀ ਤੋਂ ਦਖ਼ਲ ਦੀ ਕੀਤੀ ਮੰਗ By admin - May 7, 2026 0 3 Facebook Twitter Pinterest WhatsApp ਅਕਾਲੀ ਆਗੂ ਬਿਕਰਮ ਮਜੀਠੀਆ ਨੇ ਜਲੰਧੜ ਅਤੇ ਅੰਮ੍ਰਿਤਸਰ ਵਿਖੇ ਹੋਏ ਧਮਾਕਿਆਂ ਨੂੰ ਲੈ ਕੇ ਸਰਕਾਰ ਨੂੰ ਨਿਸ਼ਾਨੇ ਉਤੇ ਲਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿੱਥੇ ਪਾਕਿਸਤਾਨ ਵੱਲੋਂ ਹਮੇਸ਼ਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਅਜਿਹੇ ਹਾਲਾਤਾਂ ‘ਚ ਸੂਬੇ ਦੇ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਹੋਰ ਵੱਧ ਜਾਂਦੀ ਹੈ, ਪਰ ਮੌਜੂਦਾ ਹਾਲਾਤ ਕਾਫ਼ੀ ਚਿੰਤਾਜਨਕ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਇਨ੍ਹਾਂ ਗੰਭੀਰ ਮਸਲਿਆਂ ਨੂੰ ਸੰਭਾਲਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਜਲੰਧਰ ਧਮਾਕੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਹਿਲਾਂ ਇਸਨੂੰ ਸਕੂਟੀ ਦੀ ਬੈਟਰੀ ਫਟਣ ਦੀ ਘਟਨਾ ਦੱਸਿਆ ਗਿਆ, ਜਦਕਿ ਬਾਅਦ ‘ਚ ਇੱਕ ਆਤੰਕੀ ਸੰਗਠਨ ਵੱਲੋਂ ਇਸਦੀ ਜ਼ਿੰਮੇਵਾਰੀ ਲੈਣ ਦੀ ਗੱਲ ਸਾਹਮਣੇ ਆਈ। ਮਜੀਠੀਆ ਨੇ ਇਸਨੂੰ ਇੰਟੈਲੀਜੈਂਸ ਦੀ ਵੱਡੀ ਨਾਕਾਮੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਿੱਥੇ ਧਮਾਕਾ ਹੋਇਆ, ਉਹ ਇਲਾਕਾ ਬਹੁਤ ਸੰਵੇਦਨਸ਼ੀਲ ਹੈ, ਜਿੱਥੇ ਬੀਐਸਐਫ, ਆਰਮੀ ਅਤੇ ਪੰਜਾਬ ਪੁਲਿਸ ਦੇ ਅਹਿਮ ਠਿਕਾਣੇ ਮੌਜੂਦ ਹਨ, ਫਿਰ ਵੀ ਅਜਿਹੀ ਘਟਨਾ ਹੋਣਾ ਸੁਰੱਖਿਆ ਪ੍ਰਬੰਧਾਂ ‘ਤੇ ਵੱਡਾ ਸਵਾਲ ਖੜਾ ਕਰਦਾ ਹੈ। ਮਜੀਠੀਆ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਆਰਮੀ ਕੈਂਪ ਦੇ ਬਾਹਰ ਹੋਇਆ ਦੂਜਾ ਧਮਾਕਾ ਇਸ ਮਾਮਲੇ ਦੀ ਗੰਭੀਰਤਾ ਨੂੰ ਹੋਰ ਵਧਾ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪੁਲਿਸ ਥਾਣਿਆਂ ‘ਤੇ ਗ੍ਰੇਨੇਡ ਹਮਲੇ, ਰੇਲਵੇ ਟਰੈਕ ਨੂੰ ਨੁਕਸਾਨ ਪਹੁੰਚਾਉਣ ਵਰਗੀਆਂ ਘਟਨਾਵਾਂ ਹੋ ਚੁੱਕੀਆਂ ਹਨ, ਪਰ ਸਰਕਾਰ ਨੇ ਇਨ੍ਹਾਂ ਤੋਂ ਕੋਈ ਸਬਕ ਨਹੀਂ ਲਿਆ। ਉਨ੍ਹਾਂ ਰਾਜ ਦੇ ਡੀਜੀਪੀ ਅਤੇ ਪੁਲਿਸ ਪ੍ਰਸ਼ਾਸਨ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਨੂੰਨ-ਵਿਵਸਥਾ ਸੁਧਾਰਨ ਦੀ ਬਜਾਏ ਧਿਆਨ ਰਾਜਨੀਤਿਕ ਗਤੀਵਿਧੀਆਂ ਵੱਲ ਵਧੇਰੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਉਦਯੋਗ ਪਲਾਇਨ ਕਰ ਰਹੇ ਹਨ ਅਤੇ ਵਪਾਰੀਆਂ ਨੂੰ ਧਮਕੀ ਭਰੇ ਫੋਨ ਆ ਰਹੇ ਹਨ, ਜੋ ਚਿੰਤਾ ਦਾ ਵਿਸ਼ਾ ਹੈ। ਮਜੀਠੀਆ ਨੇ ਰਾਜਪਾਲ ਅਤੇ ਰਾਸ਼ਟਰਪਤੀ ਕੋਲ ਦਖ਼ਲ ਦੀ ਮੰਗ ਕਰਦਿਆਂ ਕਿਹਾ ਕਿ ਜੇ ਸਮੇਂ ‘ਤੇ ਸਖ਼ਤ ਕਦਮ ਨਾ ਚੁੱਕੇ ਗਏ ਤਾਂ ਪੰਜਾਬ ਦੇ ਨਾਲ-ਨਾਲ ਦੇਸ਼ ਦੀ ਸੁਰੱਖਿਆ ‘ਤੇ ਵੀ ਅਸਰ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਕੜੀ ਕਾਰਵਾਈ ਲਾਜ਼ਮੀ ਹੈ।