ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਮਾਨ/ ਗੁਰੂ ਘਰ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ/ ਬੇਅਦਬੀ ਕਾਨੂੰਨ ‘ਚ ਸੋਧ ਨੂੰ ਦੱਸਿਆ ਗੁਰੂ ਦੀ ਬਖਸ਼ਿਸ਼

0
3

 

ਮੁੱਖ ਮੰਤਰੀ ਭਗਵੰਤ ਮਾਨ ਅੱਜ ‘ਸ਼ੁਕਰਾਨਾ ਯਾਤਰਾ’ ਦੇ ਤਹਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਰਾਜ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਬੇਅਦਬੀ ਕਾਨੂੰਨ ਬਣਨ ਉਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਮੰਤਰੀ ਨੇ ਕਿਹਾ ਕਿ ਬੇਅਦਬੀ ਕਾਨੂੰਨ ਬਣਾਉਣ ਦੀ ਸੇਵਾ ਗੁਰੂ ਮਹਾਰਾਜ ਦੀ ਮਿਹਰ ਸਦਕਾ ਨਸੀਬ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲ ਨੂੰ ਰਾਜਪਾਲ ਨੇ ਵੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਲੋਕਾਂ ਵੱਲੋਂ ਵੀ ਇਸ ਦਾ ਭਰਵਾਂ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਅਰਦਾਸ ਕੀਤੀ ਕਿ ਉਹ ਅੱਗੇ ਵੀ ਇਸੇ ਤਰ੍ਹਾਂ ਲੋਕਾਂ ਅਤੇ ਗੁਰੂ ਘਰ ਦੀ ਸੇਵਾ ਕਰਦੇ ਰਹਿਣ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੇ ਸਿੱਖ ਜਗਤ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਸਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੇ ਸੂਬੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁਰੱਖਿਆ ਅਤੇ ਸਤਿਕਾਰ ਯਕੀਨੀ ਨਹੀਂ ਬਣਾ ਸਕਦੇ, ਤਾਂ ਇਹ ਸਾਡੀ ਵੱਡੀ ਨਾਕਾਮੀ ਹੋਵੇਗੀ। ਨਵੇਂ ਕਾਨੂੰਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਹੁਣ ਅਜਿਹੇ ਅਪਰਾਧ ਕਰਨ ਵਾਲਿਆਂ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ (ਮੌਤ ਤੱਕ) ਵਰਗੀਆਂ ਸਖ਼ਤ ਸਜ਼ਾਵਾਂ ਦਾ ਸਾਹਮਣਾ ਕਰਨਾ ਪਵੇਗਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕਾਨੂੰਨ ਕਿਸੇ ਜਲਦਬਾਜ਼ੀ ਵਿੱਚ ਨਹੀਂ, ਸਗੋਂ ਚੋਟੀ ਦੇ ਸਿੱਖ ਵਿਦਵਾਨਾਂ ਅਤੇ ਕਾਨੂੰਨੀ ਮਾਹਿਰਾਂ ਨਾਲ ਡੂੰਘੀ ਵਿਚਾਰ-ਚਰਚਾ ਤੋਂ ਬਾਅਦ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਿੱਲ ਨੂੰ ਪਹਿਲਾਂ ਕੈਬਨਿਟ ਵਿੱਚ ਲਿਆਂਦਾ ਗਿਆ ਅਤੇ ਫਿਰ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕਰਵਾਇਆ ਗਿਆ ਤਾਂ ਜੋ ਭਵਿੱਖ ਵਿੱਚ ਇਸ ਨੂੰ ਕਿਸੇ ਵੀ ਕਾਨੂੰਨੀ ਚੁਣੌਤੀ ਦਾ ਸਾਹਮਣਾ ਨਾ ਕਰਨਾ ਪਵੇ।
ਐਸਜੀਪੀਸੀ ਚੋਣਾਂ ਵਿੱਚ ਹੋ ਰਹੀ ਦੇਰੀ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਨਾ ਕਰਵਾਉਣਾ SGPC ਦੇ ‘ਆਕਾਵਾਂ’ ਦੀ ਮਨਸ਼ਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਉਹ ਲੋਕ ਖੁਦ ਸ਼ਾਮਲ ਹਨ, ਜਿਸ ਕਾਰਨ ਉਹ ਕਾਨੂੰਨ ਨੂੰ ਮੰਨਣ ਤੋਂ ਇਨਕਾਰੀ ਹਨ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਪੀਕਰ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੇਅਦਬੀ ਵਿਰੁੱਧ ਕਾਨੂੰਨ ਇਕੱਲੇ ਸਪੀਕਰ ਨੇ ਨਹੀਂ, ਸਗੋਂ ਪੂਰੀ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕੀਤਾ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੀ ਮੌਜੂਦਾ ਲੀਡਰਸ਼ਿਪ ਵੱਲ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਜਿਹੜੇ ਪਹਿਲਾਂ ਅਜਿਹੇ ਕਾਨੂੰਨ ਦੀ ਮੰਗ ਕਰਦੇ ਸੀ ਅੱਜ ਉਹੀ ਇਸ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਦੁਨੀਆ ਭਰ ਦੀ ਸਿੱਖ ਸੰਗਤ ਇਸ ਫੈਸਲੇ ਤੋਂ ਖੁਸ਼ ਹੈ, ਪਰ ਸਿਰਫ਼ ਐਸਜੀਪੀਸੀ ਦੇ ‘ਆਕਾਵਾਂ’ ਨੂੰ ਇਹ ਪ੍ਰਵਾਨ ਨਹੀਂ ਕਿਉਂਕਿ ਉਨ੍ਹਾਂ ਦੇ ਆਪਣੇ ਨਾਮ ਅਜਿਹੀਆਂ ਸਾਜ਼ਿਸ਼ਾਂ ਵਿੱਚ ਬੋਲਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣਾ ਫਰਜ਼ ਨਿਭਾਇਆ ਹੈ ਅਤੇ ਸੰਗਤ ਵੀ ਇਸਦਾ ਪੂਰਨ ਸਮਰਥਨ ਕਰ ਰਹੀ ਹੈ। ਅੰਤ ਵਿਚ ਈਡੀ ਦੀਆਂ ਹਾਲੀਆ ਕਾਰਵਾਈਆਂ ਬਾਰੇ ਬੋਲਦਿਆਂ ਸੀਐਮ ਮਾਨ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਜਾਂ ਉਨ੍ਹਾਂ ਦੀ ਸਰਕਾਰ ਦਾ ਇਨ੍ਹਾਂ ਰੇਡਾਂ ਨਾਲ ਕੋਈ ਲੈਣ-ਦੇਣ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਰੇਡ ਇੱਕ ਨਿੱਜੀ ਕੰਪਨੀ ‘ਤੇ ਹੈ ਅਤੇ ਸਾਡਾ ਕੋਈ ਵੀ ਬੰਦਾ ਇਸ ਵਿੱਚ ਸ਼ਾਮਲ ਨਹੀਂ ਹੈ।

LEAVE A REPLY

Please enter your comment!
Please enter your name here