ਅੰਮ੍ਰਿਤਸਰ ਦੇ ਪਿੰਡ ਕੋਟਲਾ ਸੈਦਾਂ ’ਚ ਗੁੰਡਾਗਰਦੀ ਦਾ ਨੰਗਾ ਨਾਚ/ ਘਰ ਅੰਦਰ ਵੜ ਕੇ ਕੁੱਟਮਾਰ ਤੇ ਭੰਨਤੋੜ, ਗੱਡੀ ਦੇ ਸਮਾਨ ਤਬਾਹ/ ਸੀਸੀਟੀਵੀ ਤਸਵੀਰਾਂ ਵਾਇਰਲ, ਪੀੜਤਾਂ ਨੇ ਮੰਗਿਆ ਇਨਸਾਫ

0
2

ਥਾਣਾ ਕੱਥੂ ਨੰਗਲ ਦੇ ਅਧੀਨ ਆਉਂਦੇ ਪਿੰਡ ਕੋਟਲਾ ਸੈਦਾਂ ਵਿੱਚ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਹਥਿਆਰਬੰਦ ਨੌਜਵਾਨ ਇੱਕ ਘਰ ਵਿੱਚ ਜਬਰਦਸਤੀ ਦਾਖਲ ਹੋ ਕੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕਰਨ ਲੱਗ ਪਏ। ਇਸ ਦੌਰਾਨ ਘਰ ਦੇ ਅੰਦਰ ਭੰਨਤੋੜ, ਗੋਲੀਬਾਰੀ ਅਤੇ ਹਮਲੇ ਦੀ ਪੂਰੀ ਘਟਨਾ ਉੱਥੇ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ। ਸਾਹਮਣੇ ਆਈਆਂ ਤਸਵੀਰਾਂ ਵਿਚ ਹਮਲਾਵਰ ਪਰਿਵਾਰ ਨਾਲ ਕੁੱਟਮਾਰ ਕਰਦੇ ਤੇ ਸਾਮਾਨ ਦੀ ਭੰਨਤੋੜ ਕਰਦੇ ਦਿਖਾਈ ਦੇ ਰਹੇ ਹਨ। ਪੀੜਤ ਪਰਿਵਾਰ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਇਨਸਾਫ ਦੀ ਮੰਗ ਕੀਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੀੜਤ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਹਮਲਾਵਰ ਪਿਸਤੌਲ, ਦਾਤਰ, ਰਾਡਾਂ ਅਤੇ ਡਾਂਗਾਂ ਨਾਲ ਲੈਸ ਹੋ ਕੇ ਆਏ ਸਨ। ਉਹਨਾਂ ਨੇ ਘਰ ਵਿੱਚ ਦਾਖਲ ਹੁੰਦੇ ਹੀ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਪਰਿਵਾਰ ਦੇ ਮੈਂਬਰਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ। ਹਮਲਾਵਰਾਂ ਨੇ ਨਵੀਂ ਕਾਰ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਘਰ ਦੇ ਅੰਦਰ ਅਲਮਾਰੀਆਂ, ਰਸੋਈ ਦੇ ਸ਼ੀਸ਼ੇ ਅਤੇ ਹੋਰ ਫਰਨੀਚਰ ਨੂੰ ਵੀ ਨੁਕਸਾਨ ਪਹੁੰਚਾਇਆ। ਪਰਿਵਾਰ ਦਾ ਦਾਅਵਾ ਹੈ ਕਿ ਹਮਲਾਵਰਾਂ ਨੇ ਗੋਲੀ ਵੀ ਚਲਾਈ ਅਤੇ ਮਹਿਲਾਵਾਂ ਨਾਲ ਵੀ ਧੱਕਾ ਮੁੱਕੀ ਕੀਤੀ।
ਪਿੰਡ ਦੇ ਸਰਪੰਚ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਇਹ ਹਮਲਾ ਬਹੁਤ ਹੀ ਗੰਭੀਰ ਸੀ ਅਤੇ ਕਰੀਬ 10 ਤੋਂ 15 ਲੋਕਾਂ ਨੇ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਕਿਸੇ ਨਾਲ ਕੋਈ ਪੁਰਾਣੀ ਰੰਜਿਸ਼ ਨਹੀਂ ਸੀ ਅਤੇ ਨਾ ਹੀ ਕੋਈ ਵੈਰ ਵਿਰੋਧ ਸੀ। ਸਰਪੰਚ ਨੇ ਦੋਸ਼ ਲਗਾਇਆ ਕਿ ਹਮਲਾਵਰ ਪਿਸਤੌਲਾਂ ਦੀ ਨੋਕ ‘ਤੇ ਪਰਿਵਾਰ ਨੂੰ ਡਰਾਉਂਦੇ ਰਹੇ ਅਤੇ ਘਰ ਦੇ ਅੰਦਰ ਕਾਫ਼ੀ ਦੇਰ ਤੱਕ ਤਬਾਹੀ ਮਚਾਉਂਦੇ ਰਹੇ।
ਉੱਥੇ ਹੀ ਪੀੜਤ ਮਹਿਲਾ ਵਰਿੰਦਰ ਕੌਰ ਨੇ ਰੋਂਦਿਆਂ ਦੱਸਿਆ ਕਿ ਉਸਦਾ ਪਤੀ ਸ਼ਹਿਰ ਤੋਂ ਸਮਾਨ ਲੈ ਕੇ ਘਰ ਆਇਆ ਸੀ ਅਤੇ ਕੱਪੜੇ ਬਦਲ ਰਿਹਾ ਸੀ ਕਿ ਅਚਾਨਕ ਕੁਝ ਨੌਜਵਾਨ ਘਰ ਦੇ ਅੰਦਰ ਦਾਖਲ ਹੋ ਗਏ। ਉਨ੍ਹਾਂ ਨੇ ਆਉਂਦੇ ਹੀ ਹਮਲਾ ਕਰ ਦਿੱਤਾ ਅਤੇ ਪਰਿਵਾਰ ਨੂੰ ਬੁਰੀ ਤਰ੍ਹਾਂ ਕੁੱਟਿਆ। ਉਸਨੇ ਦੱਸਿਆ ਕਿ ਹਮਲਾਵਰਾਂ ਨੇ ਉਸਦੇ ਨਾਲ ਵੀ ਧੱਕਾ ਮੁੱਕੀ ਕੀਤੀ ਅਤੇ ਬਾਂਹ ‘ਤੇ ਸੱਟ ਮਾਰੀ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਸਥਾਨਕ ਪੁਲਿਸ ਦੇ ਸਬ ਇੰਸਪੈਕਟਰ ਨਰਿੰਦਰ ਸਿੰਘ ਦੇ ਦੱਸਣ ਮੁਤਾਬਕ ਪੁਲਿਸ ਨੂੰ ਦੇਰ ਰਾਤ ਇੱਕ ਕਾਲ ਪ੍ਰਾਪਤ ਹੋਈ ਸੀ ਕਿ ਪਿੰਡ ਕੋਟਲਾ ਸੈਦਾਂ ਵਿੱਚ ਕੁਝ ਲੋਕ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਅਤੇ ਲੜਾਈ ਝਗੜਾ ਕਰ ਰਹੇ ਹਨ। ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਆਲੇ-ਦੁਆਲੇ ਲੱਗੇ CCTV ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਲਈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਬਿਆਨਾਂ ਅਤੇ ਮਿਲ ਰਹੇ ਸਬੂਤਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਅਨੁਸਾਰ ਬਲਜੀਤ ਸਿੰਘ ਅਤੇ ਉਸਦੇ ਪੁੱਤਰ ਸਮੇਤ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਸੱਟਾਂ ਲੱਗੀਆਂ ਹਨ।

LEAVE A REPLY

Please enter your comment!
Please enter your name here