ਅੰਮ੍ਰਿਤਸਰ ਅਦਾਲਤ ’ਚ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ/ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਸੁਣਵਾਈ/ ਧਾਰਾ 307 ਨੂੰ ਲੈ ਕੇ ਵਕੀਲਾਂ ਵਿਚਾਲੇ ਤਿੱਖੀ ਬਹਿਸ਼

0
2

ਸਾਂਸਦ ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਮਾਮਲੇ ਵਿੱਚ ਅੱਜ ਸੈਸ਼ਨ ਕੋਰਟ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ। ਅੱਜ ਦੀ ਸੁਣਵਾਈ ਦੌਰਾਨ ਸਟੇਟ ਦੇ ਵਕੀਲਾਂ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਵਿਚਕਾਰ ਕਾਫੀ ਤਿੱਖੀ ਬਹਿਸਬਾਜ਼ੀ ਹੋਈ। ਬਾਅਦ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਬਚਾਅ ਪੱਖ ਦੇ ਵਕੀਲ ਐਡਵੋਕੇਟ ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਕੋਰਟ ਵੱਲੋਂ ਅਗਲੀ ਤਾਰੀਖ 14 ਮਈ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਚਾਅ ਪੱਖ ਵੱਲੋਂ ਪਹਿਲਾਂ ਹੀ ਡਿਸਚਾਰਜ ਐਪਲੀਕੇਸ਼ਨ ਦਾਇਰ ਕਰ ਕੇ ਅੰਮ੍ਰਿਤਪਾਲ ਸਿੰਘ ਉੱਤੇ ਲਗਾਈ ਧਾਰਾ 307 ਦੀ ਦੁਰਵਰਤੋਂ ਦੇ ਦੀ ਗੱਲ ਕਹੀ ਸੀ। ਅੱਜ ਸੁਣਵਾਈ ਦੌਰਾਨ ਸਟੇਟ ਦੇ ਵਕੀਲਾਂ ਵੱਲੋਂ ਇਨ੍ਹਾਂ ਧਾਰਾਵਾਂ ਦਾ ਸਮਰਥਨ ਕੀਤਾ ਗਿਆ, ਜਦਕਿ ਬਚਾਅ ਪੱਖ ਨੇ ਸਬੂਤਾਂ ਦੇ ਆਧਾਰ ‘ਤੇ ਇਨ੍ਹਾਂ ਨੂੰ ਗਲਤ ਕਰਾਰ ਦਿੱਤਾ।
ਵਕੀਲ ਨੇ ਦੱਸਿਆ ਕਿ ਬਚਾਅ ਪੱਖ ਵੱਲੋਂ ਕੋਰਟ ਵਿੱਚ ਦੋ ਵੀਡੀਓਜ਼ ਪੇਸ਼ ਕੀਤੀਆਂ ਗਈਆਂ ਅਤੇ ਉਨ੍ਹਾਂ ਦੀ ਜਾਂਚ ਕਰਨ ਦੀ ਮੰਗ ਵੀ ਕੀਤੀ ਗਈ। ਪਹਿਲੀ ਵੀਡੀਓ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਆਪਣੇ ਸਮਰਥਕਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਅਪੀਲ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਵੀਡੀਓ ਵਿੱਚ ਸਾਫ਼ ਦਿਖਾਈ ਦਿੰਦਾ ਹੈ ਕਿ ਉਹਨਾਂ ਵੱਲੋਂ ਸਾਈਲੈਂਟ ਪ੍ਰੋਟੈਸਟ ਦੀ ਗੱਲ ਕੀਤੀ ਜਾ ਰਹੀ ਸੀ।
ਦੂਜੀ ਵੀਡੀਓ ਸਬੰਧੀ ਐਡਵੋਕੇਟ ਸੰਧੂ ਨੇ ਦਲੀਲ ਦਿੱਤੀ ਕਿ ਜਿਸ ਐਸਪੀ ਜੁਗਰਾਜ ਸਿੰਘ ਦੇ ਜਖ਼ਮੀ ਹੋਣ ਦਾ ਦਾਅਵਾ ਕੀਤਾ ਗਿਆ ਹੈ, ਉਹ ਘਟਨਾ ਤੋਂ ਬਾਅਦ ਥਾਣੇ ਦੇ ਅੰਦਰ ਹੋਰ ਅਧਿਕਾਰੀਆਂ ਨਾਲ ਆਮ ਤਰੀਕੇ ਨਾਲ ਗੱਲਬਾਤ ਕਰਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਸੱਟ ਗੰਭੀਰ ਹੁੰਦੀ ਤਾਂ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਉਣਾ ਲਾਜ਼ਮੀ ਸੀ। ਬਚਾਅ ਪੱਖ ਨੇ ਇਹ ਵੀ ਦੋਸ਼ ਲਗਾਇਆ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਖ਼ਤ ਧਾਰਾਵਾਂ ਵਿੱਚ ਫਸਾਉਣ ਲਈ ਇੱਕ ਸੋਚੀ-ਸਮਝੀ ਸਾਜ਼ਿਸ਼ ਰਚੀ ਗਈ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 14 ਮਈ ਨੂੰ ਹੋਵੇਗੀ, ਜਿਸ ਉੱਤੇ ਸਭ ਦੀ ਨਜ਼ਰ ਟਿਕੀ ਹੋਈ ਹੈ।

LEAVE A REPLY

Please enter your comment!
Please enter your name here