ਮਜੀਠਾ ’ਚ ਕਾਂਗਰਸੀ ਆਗੂਆਂ ਦਾ ਪ੍ਰਸ਼ਾਸਨ ਖਿਲਾਫ ਪ੍ਰਦਰਸ਼ਨ/ ਉਮੀਦਵਾਰਾਂ ਦੇ ਜ਼ਬਰਦਸਤੀ ਕਾਗਜ਼ ਵਾਪਸ ਕਰਵਾਉਣ ਦੇ ਇਲਜ਼ਾਮ/ ਸੀਨੀਅਰ ਆਗ ਭਗਵੰਤ ਸੱਚਰ ਵੱਲੋਂ ਅਦਾਲਤ ਜਾਣ ਦੀ ਚਿਤਾਵਨੀ

0
2

 

ਅੰਮ੍ਰਿਤਸਰ ਦੇ ਹਲਕਾ ਮਜੀਠਾ ਵਿੱਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਕਾਂਗਰਸੀ ਆਗੂਆਂ ਨੇ ਪ੍ਰਸ਼ਾਸਨ ਉਤੇ ਕਾਂਗਰਸੀ ਉਮੀਦਵਾਰਾਂ ਦੇ ਧੱਕੇ ਨਾਲ ਕਾਗਜ਼ ਰੱਦ ਕਰਨ ਦੇ ਇਲਜ਼ਾਮ ਲਾਏ ਹਨ। ਪਾਰਟੀ ਦੇ ਹਲਕਾ ਇੰਚਰਾਜ ਭਗਵੰਤ ਸਿੰਘ ਸੱਚਰ ਨੇ ਇਲਜਾਮ ਲਾਇਆ ਕਿ ਸੱਤਾਧਾਰੀ ਧਿਰ ਵੱਲੋਂ ਪਾਰਟੀ ਉਮੀਦਵਾਰਾਂ ਉਤੇ ਕਾਗਜ ਵਾਪਸ ਲੈਣ ਲਈ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਕਾਂਗਰਸੀ ਉਮੀਦਵਾਰਾਂ ਨਾਲ ਧੱਕਾ ਬੰਦ ਨਾ ਕੀਤਾ ਤਾਂ ਉਹ ਅਦਾਲਤ ਦਾ ਦਰਵਾਜਾ ਖੜਕਾਉਣ ਤੋਂ ਗੁਰੇਜ ਨਹੀਂ ਕਰਨਗੇ।
ਇਸ ਸਬੰਧੀ ਦੇਰ ਰਾਤ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਅੰਮ੍ਰਿਤਸਰ ਦਿਹਾਤੀ ਪ੍ਰਧਾਨ ਅਤੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਸਿੰਘ ਸੱਚਰ ਨੇ ਦੋਸ਼ ਲਗਾਇਆ ਕਿ ਵਾਰਡ ਨੰਬਰ 13 ਤੋਂ ਕਾਂਗਰਸੀ ਉਮੀਦਵਾਰ ਅਮਰਜੀਤ ਕੌਰ ਅਤੇ ਵਾਰਡ ਨੰਬਰ 6 ਤੋਂ ਉਮੀਦਵਾਰ ਅਮਨਦੀਪ ਸਿੰਘ ਸਮੇਤ ਹੋਰ ਉਮੀਦਵਾਰਾਂ ’ਤੇ ਪੁਲਿਸ ਅਤੇ ਸੱਤਾਰੂੜ ਪਾਰਟੀ ਦੇ ਆਗੂਆਂ ਵੱਲੋਂ ਦਬਾਅ ਬਣਾਇਆ ਗਿਆ।
ਉਹਨਾਂ ਕਿਹਾ ਕਿ ਸਵੇਰੇ ਸਥਾਨਕ ਪੁਲਿਸ ਕਰਮਚਾਰੀ ਉਮੀਦਵਾਰਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੂੰ ਧਮਕਾਇਆ ਗਿਆ ਕਿ ਜੇਕਰ ਕਾਗਜ਼ ਵਾਪਸ ਨਾ ਲਏ ਤਾਂ ਉਨ੍ਹਾਂ ਉੱਪਰ ਝੂਠੇ ਪਰਚੇ ਦਰਜ ਕਰ ਦਿੱਤੇ ਜਾਣਗੇ। ਸੱਚਰ ਨੇ ਦੱਸਿਆ ਕਿ ਇੱਕ ਉਮੀਦਵਾਰ ਦਾ ਆਧਾਰ ਕਾਰਡ ਅਤੇ ਹੋਰ ਦਸਤਾਵੇਜ਼ ਵੀ ਆਪਣੇ ਕਬਜ਼ੇ ਵਿੱਚ ਲਏ ਗਏ ਅਤੇ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਦਬਾਅ ਹੇਠ ਲਿਆਉਣ ਦੀ ਕੋਸ਼ਿਸ਼ ਕੀਤੀ ਗਈ। ਭਗਵੰਤ ਸਿੰਘ ਸੱਚਰ ਨੇ ਕਿਹਾ ਕਿ ਕਾਂਗਰਸ ਦੇ ਉਮੀਦਵਾਰਾਂ ਨੇ ਨਾ ਤਾਂ ਕੋਈ ਕਾਗਜ਼ ਵਾਪਸ ਲਿਆ ਅਤੇ ਨਾ ਹੀ ਕਿਸੇ ਦਸਤਾਵੇਜ਼ ’ਤੇ ਦਸਤਖ਼ਤ ਕੀਤੇ, ਇਸ ਦੇ ਬਾਵਜੂਦ ਉਨ੍ਹਾਂ ਦੇ ਨਾਮ ਵਾਪਸ ਲਏ ਉਮੀਦਵਾਰਾਂ ਵਿੱਚ ਦਰਸਾ ਦਿੱਤੇ ਗਏ।
ਉਨ੍ਹਾਂ ਕਿਹਾ ਕਿ ਉਮੀਦਵਾਰਾਂ ਕੋਲ ਅਜੇ ਵੀ ਉਹ ਪਰਚੀਆਂ ਮੌਜੂਦ ਹਨ ਜੋ ਕਾਗਜ਼ ਵਾਪਸੀ ਸਮੇਂ ਤਹਿਸੀਲਦਾਰ ਦਫ਼ਤਰ ਵਿੱਚ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਕਾਗਜ਼ ਕਾਨੂੰਨੀ ਤਰੀਕੇ ਨਾਲ ਵਾਪਸ ਨਹੀਂ ਲਏ ਗਏ। ਕਾਂਗਰਸੀ ਆਗੂ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਵੀ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਇਸ ਮਾਮਲੇ ਵਿੱਚ ਐਸਡੀਐਮ ਅਤੇ ਤਹਿਸੀਲਦਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਹੋਰ ਹਲਕਿਆਂ ਵਿੱਚ ਵੀ ਵੱਡੀ ਗਿਣਤੀ ਵਿੱਚ ਕਾਗਜ਼ ਰੱਦ ਹੋਏ ਹਨ, ਜਦਕਿ ਮਜੀਠਾ ਵਿੱਚ ਸਿਰਫ ਕੁਝ ਹੀ ਮਾਮਲੇ ਹਨ। ਸੱਚਰ ਨੇ ਕਿਹਾ ਕਿ ਇਹ ਤਰਕ ਗਲਤ ਹੈ ਅਤੇ ਲੋਕਤੰਤਰ ਦੀ ਹੱਤਿਆ ਦੇ ਬਰਾਬਰ ਹੈ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਕਾਂਗਰਸ ਇਸ ਮਾਮਲੇ ਨੂੰ ਲੈ ਕੇ ਅਦਾਲਤ ਦਾ ਦਰਵਾਜ਼ਾ ਖਟਖਟਾਏਗੀ ਅਤੇ ਚੋਣ ਕਮਿਸ਼ਨ ਕੋਲ ਵੀ ਸ਼ਿਕਾਇਤ ਦਰਜ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਸੱਤਾ ਦੇ ਨਸ਼ੇ ਵਿੱਚ ਵਿਰੋਧੀ ਪਾਰਟੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਉਮੀਦਵਾਰਾਂ ਨੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਦੇ ਕਾਗਜ਼ ਰੱਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਿਨਾਂ ਜਾਣਕਾਰੀ ਦਿੱਤੇ ਹੀ ਉਮੀਦਵਾਰੀ ਰੱਦ ਕਰ ਦਿੱਤੀ ਗਈ ਅਤੇ ਨਾ ਹੀ ਉਨ੍ਹਾਂ ਵੱਲੋਂ ਕਿਸੇ ਕਿਸਮ ਦੇ ਦਸਤਖ਼ਤ ਕੀਤੇ ਗਏ ਹਨ। ਉਮੀਦਵਾਰਾਂ ਨੇ ਇਨਸਾਫ ਦੀ ਮੰਗ ਕਰਦੇ ਹੋਏ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਦੀ ਅਪੀਲ ਕੀਤੀ

LEAVE A REPLY

Please enter your comment!
Please enter your name here