ਅੰਮ੍ਰਿਤਸਰ ਬੱਸ ਅੱਡੇ ’ਤੇ ਰੋਡਵੇਜ ਕਾਮਿਆਂ ਦਾ ਪ੍ਰਦਰਸ਼ਨ/ ਕੱਚੇ ਕਾਮਿਆਂ ਨੂੰ ਪੱਕਾ ਕਰਨ ਦੀ ਕੀਤੀ ਮੰਗ/ 25 ਤੋਂ 27 ਤਾਰੀਖ ਨੂੰ ਮੁਕੰਮਲ ਹੜਤਾਲ ਦੀ ਚੇਤਾਵਨੀ

0
2

 

ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕਾਂਟ੍ਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਅੰਮ੍ਰਿਤਸਰ ਦੇ ਕੇਂਦਰੀ ਬੱਸ ਸਟੈਂਡ ‘ਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਆਗੂਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਲੰਬਿਤ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨ ਦੌਰਾਨ ਕਰਮਚਾਰੀਆਂ ਨੇ ਕਿਹਾ ਕਿ ਜਦ ਤੱਕ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 25 ਤੋਂ 27 ਤਕ ਹੜਤਾਲ ਕੀਤੀ ਜਾਵੇਗੀ।
ਯੂਨੀਅਨ ਦੇ ਸੂਬਾ ਆਗੂ ਜੋਧ ਸਿੰਘ ਨੇ ਦੱਸਿਆ ਕਿ 18 ਤਾਰੀਖ ਨੂੰ ਕਰਮਚਾਰੀਆਂ ਵੱਲੋਂ ਇੱਕ ਦਿਨ ਦੀ ਸੰਕੇਤਕ ਹੜਤਾਲ ਕੀਤੀ ਗਈ ਸੀ। ਇਸ ਤੋਂ ਬਾਅਦ ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਹੋਈ, ਜਿਸ ਵਿੱਚ ਮੰਤਰੀ ਵੱਲੋਂ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਹਾਲਾਂਕਿ ਕਰਮਚਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਕਰਮਚਾਰੀ ਲਗਾਤਾਰ ਸੰਘਰਸ਼ ਕਰ ਰਹੇ ਹਨ। ਚਾਹੇ ਪਿਛਲੀਆਂ ਸਰਕਾਰਾਂ ਹੋਣ ਜਾਂ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ, ਕਰਮਚਾਰੀਆਂ ਨੂੰ ਆਪਣੀਆਂ ਮੰਗਾਂ ਲਈ ਅੰਦੋਲਨ ਕਰਨਾ ਪੈ ਰਿਹਾ ਹੈ। ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਆਉਟਸੋਰਸ ਅਤੇ ਕਾਂਟ੍ਰੈਕਟ ਕਰਮਚਾਰੀਆਂ ਨੂੰ ਰੈਗੂਲਰ ਕਰਨਾ, ਸੰਘਰਸ਼ ਦੌਰਾਨ ਦਰਜ ਕੀਤੇ ਕੇਸ ਵਾਪਸ ਲੈਣਾ ਅਤੇ ਕਰਮਚਾਰੀਆਂ ਨੂੰ ਮੁੜ ਬਹਾਲ ਕਰਨਾ ਸ਼ਾਮਲ ਹੈ।
ਜੋਧ ਸਿੰਘ ਨੇ ਕਿਹਾ ਕਿ ਅੰਦੋਲਨ ਦੌਰਾਨ ਕਈ ਕਰਮਚਾਰੀਆਂ ‘ਤੇ ਧਾਰਾ 307 ਵਰਗੇ ਗੰਭੀਰ ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਨੂੰ ਬੰਦ ਕਰਨ ਦੀ ਮੰਗ ਵੀ ਪ੍ਰਮੁੱਖ ਤੌਰ ‘ਤੇ ਉਠਾਈ ਜਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀ ਤਰ੍ਹਾਂ ਸਵੀਕਾਰ ਨਹੀਂ ਕਰਦੀ, ਉਦੋਂ ਤੱਕ ਬੱਸ ਸਟੈਂਡਾਂ ਅਤੇ ਬੱਸਾਂ ਵਿੱਚ ਸਰਕਾਰ ਖ਼ਿਲਾਫ਼ ਪ੍ਰਚਾਰ ਮੁਹਿੰਮ ਜਾਰੀ ਰਹੇਗੀ।
ਉੱਥੇ ਹੀ ਯੂਨੀਅਨ ਦੇ ਸੂਬਾ ਕੈਸ਼ੀਅਰ ਬਲਜੀਤ ਸਿੰਘ ਨੇ ਕਿਹਾ ਕਿ ਪਹਿਲਾਂ 20 ਤਾਰੀਖ ਨੂੰ ਸੰਗਰੂਰ ਵਿੱਚ ਵੱਡਾ ਧਰਨਾ ਪ੍ਰਦਰਸ਼ਨ ਰੱਖਿਆ ਗਿਆ ਸੀ, ਜਿਸ ਵਿੱਚ ਪੂਰੇ ਪੰਜਾਬ ਤੋਂ ਕਰਮਚਾਰੀ ਪਹੁੰਚਣ ਵਾਲੇ ਸਨ। ਪਰ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਤੋਂ ਬਾਅਦ ਫਿਲਹਾਲ ਅੰਦੋਲਨ ਨੂੰ ਕੁਝ ਸਮੇਂ ਲਈ ਰੋਕਿਆ ਗਿਆ ਹੈ। ਮੰਤਰੀ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਕਰਮਚਾਰੀਆਂ ‘ਤੇ ਦਰਜ ਕੇਸ ਖਤਮ ਕੀਤੇ ਜਾਣਗੇ ਅਤੇ ਜਿਨ੍ਹਾਂ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਣਾ ਹੈ, ਉਨ੍ਹਾਂ ਨੂੰ ਜਲਦ ਰੈਗੂਲਰ ਕੀਤਾ ਜਾਵੇਗਾ।
ਕਰਮਚਾਰੀਆਂ ਨੇ ਸਾਫ਼ ਕੀਤਾ ਕਿ ਜੇਕਰ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਾ ਕੀਤੇ ਤਾਂ 25, 26 ਅਤੇ 27 ਤਾਰੀਖ ਨੂੰ ਪੰਜਾਬ ਭਰ ਵਿੱਚ ਵੱਡੀ ਹੜਤਾਲ ਕੀਤੀ ਜਾਵੇਗੀ। ਯੂਨੀਅਨ ਆਗੂਆਂ ਨੇ ਮੁੱਖ ਮੰਤਰੀ ‘ਤੇ ਵਾਅਦਾਖਿਲਾਫ਼ੀ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਚੋਣਾਂ ਅਤੇ ਵਿਧਾਨ ਸਭਾ ਵਿੱਚ ਕੀਤੇ ਗਏ ਵਾਅਦੇ ਹੁਣ ਸਰਕਾਰ ਭੁੱਲ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਫਿਰ ਵੀ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ ਉਹ ਘਰ-ਘਰ ਜਾ ਕੇ ਸਰਕਾਰ ਖ਼ਿਲਾਫ਼ ਮੁਹਿੰਮ ਚਲਾਉਣਗੇ ਅਤੇ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਬਾਰੇ ਜਾਗਰੂਕ ਕਰਨਗੇ।

LEAVE A REPLY

Please enter your comment!
Please enter your name here