ਸਰਹਿੰਦ ਨੈਸ਼ਨਲ ਵਾਈਵੇ ’ਤੇ ਭਿਆਨਕ ਸੜਕ ਹਾਦਸਾ/ ਵੋਲਵੋ ਬੱਸ ਦੀ ਟਰਾਲੇ ਨਾਲ ਹੋਈ ਭਿਆਨਕ ਟੱਕਰ/ ਬੱਸ ਡਰਾਈਵਰ ਦੀ ਮੌਤ, 15 ਸਵਾਰੀਆਂ ਜ਼ਖਮੀ

0
2

ਫਤਹਿਗੜ੍ਹ ਸਾਹਿਬ ਦੇ ਸਰਹਿੰਦ ਨੈਸ਼ਨਲ ਹਾਈਵੇ ‘ਤੇ ਪੈਂਦੇ ਪਿੰਡ ਪਤਾਰਸੀ ਕਲਾਂ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਜਣੇ ਦੀ ਮੌਤ ਜਦਕਿ 15 ਹੋਰ ਲੋਕਾਂ ਦੇ ਜ਼ਖਮੀ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇੱਥੇ ਦਿੱਲੀ ਤੋਂ ਕਟੜਾ ਜਾ ਰਹੀ ਇੱਕ ਤੇਜ਼ ਰਫ਼ਤਾਰ ਵੋਲਵੋ ਬੱਸ ਦੀ ਅੱਗੇ ਜਾ ਰਹੇ 18 ਟਾਇਰਾਂ ਵਾਲੇ ਨਾਲ ਭਿਆਨਕ ਟੱਕਰ ਹੋ ਗਈ।  ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਵਿੱਚ ਬੱਸ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਬੱਸ ਵਿੱਚ ਸਵਾਰ 15 ਯਾਤਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮੌਕੇ ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਡਰਾਈਵਰ ਦੀ ਪਛਾਣ ਇੰਦਰਜੀਤ ਸਿੰਘ ਵਜੋਂ ਹੋਈ ਹੈ, ਜੋ ਫ਼ਿਰੋਜ਼ਪੁਰ ਦਾ ਰਹਿਣ ਵਾਲਾ ਸੀ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਲੇਪੁਰ ਦੇ ਸਹਾਇਕ ਥਾਣੇਦਾਰ ਜਗਰੂਪ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਬੱਸ ਵਿੱਚ ਸਵਾਰ ਕੁਝ ਯਾਤਰੀ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਮੱਥਾ ਟੇਕਣ ਜਾ ਰਹੇ ਸਨ। ਪੁਲਿਸ ਵੱਲੋਂ ਰਾਹਤ ਕਾਰਜ ਸ਼ੁਰੂ ਕਰਦਿਆਂ ਸਾਰੇ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ।
ਜ਼ਖ਼ਮੀਆਂ ਦੀ ਪਛਾਣ ਦਿੱਲੀ ਨਿਵਾਸੀ ਅਭਿਜੀਤ ਕਸ਼ਬ(27), ਅਸ਼ੋਕਾ ਕਸ਼ਬ(37), ਵਿਭੂਤੀ(35), ਪ੍ਰਿਅੰਕਾ(24), ਗੋਪੀਨਾਥ(25), ਬਲਜੀਤ(28), ਜਵੇਸ਼ਵਰ(60), ਰਸ਼ਮੀ(27), ਬਬੀਤਾ(50), ਸੂਭਾ ਕੁਮਾਰੀ(16),ਸ਼ੁਭਮ(28), ਸਰੂਤੀ ਝਾ(38), ਕੇਸ਼ਅਪ(13) ਤੇ ਸੁਹੇਲ (28) ਵਜੋਂ ਹੋਈ ਹੈ। ਹਸਪਤਾਲ ਦੇ ਡਾਕਟਰਾਂ ਮੁਤਾਬਕ ਜ਼ਖ਼ਮੀਆਂ ਵਿੱਚੋਂ 6 ਮਰੀਜ਼ਾਂ—ਅਭਿਜੀਤ, ਅਸ਼ੋਕਾ, ਵਿਭੂਤੀ, ਪ੍ਰਿਅੰਕਾ, ਗੋਪੀਨਾਥ ਅਤੇ ਬਲਜੀਤ ਦੀ ਹਾਲਤ ਬੇਹੱਦ ਚਿੰਤਾਜਨਕ ਸੀ, ਜਿਸ ਕਾਰਨ ਉਨ੍ਹਾਂ ਨੂੰ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ (ਸੈਕਟਰ-32) ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮ੍ਰਿਤਕ ਡਰਾਈਵਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here