ਪੰਜਾਬ ਜੰਡਿਆਲਾ ਗੁਰੂ ’ਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ/ ਮੰਤਰੀ ਈਟੀਓ ਨੇ ਜਿੱਤੇ ਉਮੀਦਵਾਰਾਂ ਨੂੰ ਦਿੱਤੀ ਵਧਾਈ/ ਜੰਡਿਆਲਾ ਗੁਰੂ ਵਿੱਚ 15 ’ਚੋਂ 13 ਸੀਟਾਂ ‘ਤੇ ਆਪ ਦੀ ਜਿੱਤ By admin - May 29, 2026 0 2 Facebook Twitter Pinterest WhatsApp ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੀ ਨਗਰ ਕੌਂਸਲ ਚੋਣਾਂ ਦੇ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਖੁਦ ਜਿੱਤੇ ਹੋਏ ਉਮੀਦਵਾਰਾਂ ਨੂੰ ਵਧਾਈ ਦੇਣ ਲਈ ਪਹੁੰਚੇ ਅਤੇ ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਨਿਗਮ ਅਤੇ ਨਗਰ ਪਰਿਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਵਿੱਚ ਪਾਰਟੀ ਨੇ 15 ਵਿੱਚੋਂ 13 ਸੀਟਾਂ ‘ਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ, ਜੋ ਲੋਕਾਂ ਦੇ ਵਿਸ਼ਵਾਸ ਅਤੇ ਮੁੱਖ ਮੰਤਰੀ ਮਾਨ ਦੀ ਵਿਕਾਸਸ਼ੀਲ ਸੋਚ ਦਾ ਨਤੀਜਾ ਹੈ। ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਵਿਕਾਸ ਦੀ ਰਾਜਨੀਤੀ ਨੂੰ ਤਰਜੀਹ ਦਿੱਤੀ ਹੈ ਅਤੇ ਲੋਕਾਂ ਨੇ ਇਸ ਵਾਰ ਵੀ ਉਸੇ ਵਿਕਾਸ ਨੂੰ ਵੋਟ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਸਾਬਤ ਕਰਦੀ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਕੰਮਕਾਜ ਤੋਂ ਸੰਤੁਸ਼ਟ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੁਝ ਸੀਟਾਂ ਹੋਰ ਪਾਰਟੀਆਂ ਦੇ ਹਿੱਸੇ ਵਿੱਚ ਗਈਆਂ ਹਨ, ਪਰ ਲੋਕਤੰਤਰ ਵਿੱਚ ਲੋਕਾਂ ਦਾ ਫੈਸਲਾ ਸਿਰ ਮੱਥੇ ‘ਤੇ ਮਨਜ਼ੂਰ ਹੁੰਦਾ ਹੈ। ਮੀਡੀਆ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਈਟੀਓ ਨੇ ਕਿਹਾ ਕਿ ਚੋਣਾਂ ਦੌਰਾਨ ਪ੍ਰਸ਼ਾਸਨ ਜਾਂ ਪੁਲਿਸ ਵਿੱਚ ਕਿਸੇ ਤਰ੍ਹਾਂ ਦੀ ਕੋਈ ਦਖਲਅੰਦਾਜ਼ੀ ਨਹੀਂ ਕੀਤੀ ਗਈ। ਨਾ ਹੀ ਨਾਮਜ਼ਦਗੀ ਦੇ ਸਮੇਂ ਅਤੇ ਨਾ ਹੀ ਕਾਊਂਟਿੰਗ ਦੇ ਦਿਨ ਕਿਸੇ ਤਰ੍ਹਾਂ ਦੀ ਧੱਕੇਸ਼ਾਹੀ ਹੋਈ। ਉਨ੍ਹਾਂ ਕਿਹਾ ਕਿ ਜਿਹੜੀਆਂ ਦੋ ਸੀਟਾਂ ‘ਤੇ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ, ਉਹ ਵੀ ਬਹੁਤ ਘੱਟ ਮਾਰਜਨ ਨਾਲ ਗਈਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਤੰਤਰ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਲੋਕਾਂ ਦੇ ਫ਼ੈਸਲੇ ਨੂੰ ਸਵੀਕਾਰ ਕਰਦੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਹ ਨਤੀਜੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਇੱਕ ਵੱਡਾ ਸੰਕੇਤ ਹਨ ਅਤੇ ਪੰਜਾਬ ਵਿੱਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਇਸ ਮੌਕੇ ਜਿੱਤੇ ਹੋਏ ਉਮੀਦਵਾਰਾਂ ਅਤੇ ਵਰਕਰਾਂ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਢੋਲ ਦੀ ਥਾਪ ‘ਤੇ ਭੰਗੜਾ ਪਾ ਕੇ ਜਿੱਤ ਦਾ ਜਸ਼ਨ ਮਨਾਇਆ ਗਿਆ ਅਤੇ ਸਮੂਹ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ।