ਪੰਜਾਬ ਅੰਮ੍ਰਿਤਸਰ ’ਚ ਵਿਦਿਆਰਥਣ ਦੀ ਭੇਦਭਰੀ ਹਾਲਤ ’ਚ ਮੌਤ/ ਪਰਿਵਾਰ ਨੇ ਸਕੂਲ ਪ੍ਰਸ਼ਾਸਨ ਉਤੇ ਲਾਏ ਗੰਭੀਰ ਇਲਜ਼ਾਮ/ ਪੁਲਿਸ ਨੇ ਮਾਪਿਆਂ ਦੇ ਬਿਆਨਾ ’ਤੇ ਦਰਜ ਕੀਤਾ ਮਾਮਲਾ By admin - June 1, 2026 0 2 Facebook Twitter Pinterest WhatsApp ਅੰਮ੍ਰਿਤਸਰ ਵਿਚ 17 ਸਾਲਾ ਵਿਦਿਆਰਥਣ ਵੱਲੋਂ ਜ਼ਹਿਰੀਲੀ ਚੀਜ਼ ਨਿਕਲਣ ਕੇ ਜਾਣ ਦੇਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕਾ ਦੀ ਪਛਾਣ ਅਮਜੋਤ ਕੌਰ ਔਲਖ ਵਜੋਂ ਹੋਈ ਹੈ, ਜੋ ਡੀ.ਡੀ.ਆਈ.ਐਸ. ਸਕੂਲ ਵਿੱਚ ਪੜ੍ਹਾਈ ਕਰ ਰਹੀ ਸੀ। ਪਰਿਵਾਰ ਦਾ ਇਲਜ਼ਾਮ ਹੈ ਕਿ ਸਕੂਲ ਪ੍ਰਸ਼ਾਸਨ ਵੱਲੋਂ ਫੀਸ ਜਮ੍ਹਾਂ ਨਾ ਹੋਣ ਨੂੰ ਲੈ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਦੇ ਚਲਦਿਆਂ ਉਸ ਨੇ ਕਥਿਤ ਤੌਰ ’ਤੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਸਕੂਲ ਪ੍ਰਸ਼ਾਸ਼ਨ ਖਿਲਾਫ ਕਾਰਵਾਈ ਮੰਗੀ ਹੈ। ਪੁਲਿਸ ਨੇ ਮਾਪਿਆਂ ਦੇ ਬਿਆਨਾਂ ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੇ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਕੂਲ ਪ੍ਰਬੰਧਨ ’ਤੇ ਗੰਭੀਰ ਦੋਸ਼ ਲਗਾਏ ਹਨ। ਵਿਦਿਆਰਥਣ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਪੜ੍ਹਾਈ ਵਿੱਚ ਬਹੁਤ ਹੋਣਹਾਰ ਸੀ ਅਤੇ ਹਰ ਕਲਾਸ ਵਿੱਚ ਵਧੀਆ ਅੰਕ ਪ੍ਰਾਪਤ ਕਰਦੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਅਮਜੋਤ ਕੌਰ ਨੇ ਕਈ ਵਾਰ ਸਕੂਲ ਵਿੱਚ ਆ ਰਹੀਆਂ ਮੁਸ਼ਕਲਾਂ ਅਤੇ ਦਬਾਅ ਬਾਰੇ ਪਰਿਵਾਰ ਨੂੰ ਜਾਣੂ ਕਰਵਾਇਆ ਸੀ। ਪਰਿਵਾਰ ਦੇ ਅਨੁਸਾਰ ਸਕੂਲ ਦੀ ਪ੍ਰਿੰਸੀਪਲ, ਕਲਾਸ ਟੀਚਰ ਅਤੇ ਹੋਰ ਸਟਾਫ਼ ਮੈਂਬਰਾਂ ਵੱਲੋਂ ਵਿਦਿਆਰਥਣ ’ਤੇ ਵਾਧੂ ਦਬਾਅ ਬਣਾਇਆ ਜਾਂਦਾ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਅਮਜੋਤ ਕੌਰ ਨੂੰ ਕਈ ਵਾਰ ਹੋਰ ਵਿਦਿਆਰਥੀਆਂ ਦੇ ਸਾਹਮਣੇ ਅਪਮਾਨਿਤ ਕੀਤਾ ਜਾਂਦਾ ਸੀ ਅਤੇ ਫੀਸ ਸਬੰਧੀ ਮਾਮਲਿਆਂ ਨੂੰ ਲੈ ਕੇ ਉਸ ’ਤੇ ਲਗਾਤਾਰ ਦਬਾਅ ਬਣਾਇਆ ਜਾਂਦਾ ਸੀ। ਪਰਿਵਾਰ ਨੇ ਇਹ ਵੀ ਦਾਅਵਾ ਕੀਤਾ ਕਿ ਵਿਦਿਆਰਥਣ ਨੂੰ ਪੜ੍ਹਾਈ ਤੋਂ ਇਲਾਵਾ ਹੋਰ ਜ਼ਿੰਮੇਵਾਰੀਆਂ ਵੀ ਨਿਭਾਉਣ ਲਈ ਕਿਹਾ ਜਾਂਦਾ ਸੀ, ਜਿਸ ਕਾਰਨ ਉਹ ਲਗਾਤਾਰ ਤਣਾਅ ਵਿੱਚ ਰਹਿੰਦੀ ਸੀ। ਉਧਰ ਵਿਜੇ ਨਗਰ ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇੱਕ 17 ਸਾਲਾ ਵਿਦਿਆਰਥਣ ਵੱਲੋਂ ਜ਼ਹਿਰੀਲਾ ਪਦਾਰਥ ਖਾਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ। ਉਨ੍ਹਾਂ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਸਕੂਲ ਸਟਾਫ਼ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋ ਸਕੇਗੀ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।