ਪੰਜਾਬ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ/ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਬਰਸੀ ਮੌਕੇ ਪੈਣਗੇ ਭੋਗ/ ਐਸਜੀਪੀਸੀ ਧਾਮੀ ਬੋਲੇ, ਕਦੇ ਨਹੀਂ ਮਿਟੇਗਾ ਇਹ ਕਲੰਕ By admin - June 4, 2026 0 2 Facebook Twitter Pinterest WhatsApp ਆਪਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਸਬੰਧੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਰਿਸਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਨ੍ਹਾਂ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਆਪਣੇ ਸੰਬੋਧਨ ਵਿਚ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 1 ਤੋਂ 6 ਜੂਨ 1984 ਤੱਕ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰੱਖਿਆ ਲਈ ਡਟੇ ਮਰਜੀਵੜਿਆਂ ਨੇ ਅਦੁੱਤੀ ਸ਼ਹਾਦਤਾਂ ਦਿੱਤੀਆਂ, ਜਿਨ੍ਹਾਂ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਇਹ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਵੀ ਜੂਨ ਮਹੀਨਾ ਆਉਂਦਾ ਹੈ ਤਾਂ 1984 ਦੇ ਘੱਲੂਘਾਰੇ ਦੀਆਂ ਦਰਦਨਾਕ ਯਾਦਾਂ ਸਿੱਖ ਕੌਮ ਦੇ ਮਨ ਵਿੱਚ ਤਾਜ਼ਾ ਹੋ ਜਾਂਦੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਉਸ ਵੇਲੇ ਦੀ ਕਾਂਗਰਸ ਸਰਕਾਰ ਵੱਲੋਂ ਚਲਾਏ ਗਏ ਫੌਜੀ ਆਪਰੇਸ਼ਨ ਦੌਰਾਨ ਬੇਗੁਨਾਹ ਸੰਗਤਾਂ, ਬਜ਼ੁਰਗਾਂ, ਨੌਜਵਾਨਾਂ ਅਤੇ ਬੀਬੀਆਂ ਨੂੰ ਵੀ ਮੌਤ ਦੇ ਘਾਟ ਉਤਾਰਿਆ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ ਅਤੇ ਪੰਜਾਬ ਦੇ ਹੋਰ ਕਈ ਧਾਰਮਿਕ ਅਸਥਾਨਾਂ ‘ਤੇ ਵੀ ਕਾਰਵਾਈਆਂ ਕੀਤੀਆਂ ਗਈਆਂ। ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਭਾਈ ਠਾਰਾ ਸਿੰਘ, ਜਨਰਲ ਸ਼ਬੇਗ ਸਿੰਘ ਅਤੇ ਹੋਰ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ 6 ਜੂਨ ਨੂੰ ਅੰਮ੍ਰਿਤ ਵੇਲੇ ਪਾਏ ਜਾਣਗੇ। ਇਸ ਮੌਕੇ ਕਥਾ, ਕੀਰਤਨ ਅਤੇ ਅਰਦਾਸ ਵੀ ਕੀਤੀ ਜਾਵੇਗੀ। ਧਾਮੀ ਨੇ ਦੱਸਿਆ ਕਿ 6 ਜੂਨ ਨੂੰ ਆਪਰੇਸ਼ਨ ਦੌਰਾਨ ਜਖ਼ਮੀ ਹੋਏ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਸੁਸ਼ੋਭਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਲਗਾਈ ਗਈ ਫੋਟੋ ਪ੍ਰਦਰਸ਼ਨੀ ਅਤੇ ਅਕਾਲ ਤਖ਼ਤ ਸਾਹਿਬ ਦੀ ਦਰਸ਼ਨ ਗੈਲਰੀ ਵਿੱਚ ਵੀ ਸੰਗਤਾਂ ਇਤਿਹਾਸਕ ਤਸਵੀਰਾਂ ਦੇ ਦਰਸ਼ਨ ਕਰ ਸਕਣਗੀਆਂ। ਸਵਾਲ ਦੇ ਜਵਾਬ ਵਿੱਚ ਧਾਮੀ ਨੇ ਕਿਹਾ ਕਿ ਸਿੱਖ ਮਸਲਿਆਂ ਅਤੇ ਐਕਟ ਸਬੰਧੀ ਅਗਲਾ ਫੈਸਲਾ 6 ਜੂਨ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ ਅਤੇ ਜੋ ਵੀ ਦਿਸ਼ਾ-ਨਿਰਦੇਸ਼ ਜਾਰੀ ਹੋਣਗੇ, ਉਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ।