ਪੰਜਾਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਘੱਲੂਘਾਰਾ ਦਿਵਸ/ 42ਵੀਂ ਵਰ੍ਹੇਗੰਢ ਮੌਕੇ ਦੇਸ਼-ਵਿਦੇਸ਼ ਤੋਂ ਸ਼ਾਮਲ ਹੋਈ ਸੰਗਤ/ 1984 ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ By admin - June 6, 2026 0 2 Facebook Twitter Pinterest WhatsApp ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1984 ਦੇ ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ। 4 ਜੂਨ ਨੂੰ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਸਮਾਗਮ ਹੋਇਆ ਅਤੇ ਅਰਦਾਸ ਕੀਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਸੰਦੇਸ਼ ਵੀ ਦਿੱਤਾ। ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਹੀਦਾਂ ਯਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਸੋਚ ਅਤੇ ਵਿਚਾਰਧਾਰਾ ਅੱਜ ਵੀ ਸਿੱਖ ਕੌਮ ਲਈ ਮਾਰਗਦਰਸ਼ਕ ਹੈ ਅਤੇ ਉਹ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ 1984 ਦੀਆਂ ਘਟਨਾਵਾਂ ਨੂੰ ਉਹ ਕਦੇ ਵੀ ਭੁਲਾ ਨਹੀਂ ਸਕਦੇ ਅਤੇ ਇਹ ਇਤਿਹਾਸ ਸਿੱਖ ਕੌਮ ਨੂੰ ਆਪਣੇ ਅਸੂਲਾਂ ਅਤੇ ਅਧਿਕਾਰਾਂ ਲਈ ਡਟ ਕੇ ਖੜ੍ਹੇ ਰਹਿਣ ਦੀ ਪ੍ਰੇਰਣਾ ਦਿੰਦਾ ਹੈ। ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਦੇ ਨਾਮ ‘ਤੇ ਲਿਆਂਦੇ ਗਏ ਸੋਧ ਕਾਨੂੰਨ ਦਾ ਵੀ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਪੰਥ ਨੂੰ ਮਨਜ਼ੂਰ ਨਹੀਂ ਹੈ ਅਤੇ ਇਸ ਸਬੰਧੀ ਅਗਲੇ ਦਿਨਾਂ ਵਿੱਚ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰ ਹੋਣ ਦੀ ਸੰਭਾਵਨਾ ਹੈ। ਆਗੂਆਂ ਨੇ ਕਿਹਾ ਕਿ ਪੰਥਕ ਮਸਲਿਆਂ ‘ਤੇ ਫੈਸਲੇ ਸਿੱਖ ਪਰੰਪਰਾਵਾਂ ਅਤੇ ਮਰਿਆਦਾ ਅਨੁਸਾਰ ਹੀ ਹੋਣੇ ਚਾਹੀਦੇ ਹਨ। ਇਸ ਮੌਕੇ ਭਾਈ ਮਾਨ ਸਿੰਘ ਮਾਨ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਆਪਣੀ ਵੱਖਰੀ ਪਛਾਣ ਅਤੇ ਗੁਰੂ ਸਾਹਿਬਾਨ ਵੱਲੋਂ ਦਿੱਤੇ ਗਏ ਸਿਧਾਂਤਾਂ ‘ਤੇ ਪਹਿਰਾ ਦਿੰਦੀ ਰਹੇਗੀ। ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਕੁਝ ਨੀਤੀਆਂ ‘ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਸਿੱਖ ਧਰਮ ਦੀ ਵੱਖਰੀ ਪਛਾਣ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਉਪਦੇਸ਼ਾਂ ਅਨੁਸਾਰ ਜੀਵਨ ਜਿਉਣ ਅਤੇ ਧਾਰਮਿਕ ਕਦਰਾਂ-ਕੀਮਤਾਂ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ। ਉੱਥੇ ਹੀ ਭੁਪਿੰਦਰ ਸਿੰਘ ਨੇ ਕਿਹਾ ਕਿ ਲੰਬੇ ਸਮੇਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰਾਂ ਦੀ ਗੱਲ ਨੂੰ ਸੰਗਤਾਂ ਨੇ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨਾਲ ਜੁੜੇ ਮੁੱਦੇ ਅਤੇ ਇਤਿਹਾਸਕ ਘਟਨਾਵਾਂ ਅੱਜ ਵੀ ਸੰਗਤਾਂ ਦੇ ਮਨ ਵਿੱਚ ਤਾਜ਼ਾ ਹਨ। ਉਨ੍ਹਾਂ ਨੇ ਕਿਹਾ ਕਿ ਕੌਮ ਆਪਣੇ ਇਤਿਹਾਸ, ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਪੰਥਕ ਮਸਲਿਆਂ ਨੂੰ ਲੈ ਕੇ ਜਾਗਰੂਕ ਹੈ ਅਤੇ ਅੱਗੇ ਵੀ ਆਪਣੇ ਅਧਿਕਾਰਾਂ ਲਈ ਆਵਾਜ਼ ਉਠਾਉਂਦੀ ਰਹੇਗੀ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਦੀ ਹਾਜ਼ਰੀ ਦੇਖਣ ਨੂੰ ਮਿਲੀ ਅਤੇ ਪੂਰਾ ਮਾਹੌਲ ਧਾਰਮਿਕ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਆਇਆ। ਸੰਗਤਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਿੱਖ ਇਤਿਹਾਸ ਅਤੇ ਵਿਰਾਸਤ ਨੂੰ ਅੱਗੇ ਲੈ ਕੇ ਜਾਣ ਦਾ ਸੰਕਲਪ ਦੁਹਰਾਇਆ।