ਨੰਗਲ ’ਚ ਮੁੱਖ ਚੋਣ ਅਧਿਕਾਰੀ ਦੀ ਅਧਿਕਾਰੀਆਂ ਨਾਲ ਮੀਟਿੰਗ/ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਬਾਰੇ ਕੀਤੀ ਵਿਚਾਰ-ਚਰਚਾ

0
2

ਰੂਪਨਗਰ ਦੇ ਮੁੱਖ ਚੋਣ ਅਫਸਰ ਅਨਿੰਦਤਾ ਮਿੱਤਰਾ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਵੋਟਰ ਸੂਚੀਆਂ ਦੀ ਕੀਤੀ ਜਾਣ ਵਾਲੀ ਸੁਧਾਈ ਬਾਰੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਚੋਣ ਅਫਸਰ ਨੇ ਐਸ.ਆਈ.ਆਰ. ਮੁਹਿੰਮ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐਸ.ਡੀ.ਐਮਜ਼, ਤਹਿਸੀਲਦਾਰ ਅਤੇ ਚੋਣ ਕਾਨੂੰਗੋ ਸਮੇਤ ਹੋਰ ਸਬੰਧਤ ਆਫਿਸਰ ਸਾਹਿਬਾਨ ਹਾਜ਼ਰ ਸਨ।
ਦੱਸਣਯੋਗ ਹੈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਸ਼ੁੱਧ ਅਤੇ ਨੁਕਸ-ਰਹਿਤ ਬਣਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ‘ਸਪੈਸ਼ਲ ਇਨਸੈਂਟਿਵ ਰਿਵੀਜ਼ਨ’  ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਵੱਕਾਰੀ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪੰਜਾਬ ਦੀ ਮੁੱਖ ਚੋਣ ਅਫਸਰ ਅਨਿੰਦਤਾ ਮਿੱਤਰਾ ਵੱਲੋਂ ਅੱਜ ਰੂਪਨਗਰ ਜ਼ਿਲ੍ਹੇ ਦੇ ਸਮੂਹ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ ਹੈ। ਚੋਣ ਕਮਿਸ਼ਨ ਦੇ ਅਧਿਕਾਰੀਆਂ ਮੁਤਾਬਕ ਇਸ ਵਾਰ ਦੀ ਮੁਹਿੰਮ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਹੈ ਕਿ ਮੌਜੂਦਾ ਵੋਟਰ ਸੂਚੀਆਂ ਦਾ ਮਿਲਾਨ ਸਾਲ 2003 ਦੀਆਂ ਵੋਟਰ ਸੂਚੀਆਂ ਨਾਲ ਕੀਤਾ ਜਾ ਰਿਹਾ ਹੈ।
ਇਸ ਕਰਾਸ-ਵੈਰੀਫਿਕੇਸ਼ਨ (Cross-Verification) ਦਾ ਮੁੱਖ ਮਕਸਦ ਲੰਬੇ ਸਮੇਂ ਤੋਂ ਚੱਲ ਰਹੀਆਂ ਗੜਬੜੀਆਂ ਨੂੰ ਸਦਾ ਲਈ ਖ਼ਤਮ ਕਰਨਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਸੂਚੀ ਵਿੱਚੋਂ ਦੋਹਰੀਆਂ, ਗਲਤ ਜਾਂ ਮ੍ਰਿਤਕ ਵਿਅਕਤੀਆਂ ਦੀਆਂ ਫਰਜ਼ੀ ਵੋਟਾਂ ਨੂੰ ਪਛਾਣ ਕੇ ਤੁਰੰਤ ਹਟਾਉਣਾ ਹੈ। ਇਸ ਤੋਂ ਇਲਾਵਾ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਰ ਯੋਗ ਨਵੇਂ ਨੌਜਵਾਨ ਦੀ ਵੋਟ ਬਣਾਉਣਾ ਯਕੀਨੀ ਕਰਨਾ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਵੋਟਰ ਦੇ ਨਾਮ, ਪਿਤਾ/ਪਤੀ ਦੇ ਨਾਮ, ਉਮਰ, ਐਡਰੈੱਸ (ਪਤਾ) ਜਾਂ ਫੋਟੋ ਦੀ ਪ੍ਰਿੰਟਿੰਗ ਵਿੱਚ ਕੋਈ ਗਲਤੀ ਹੈ, ਤਾਂ ਉਸ ਨੂੰ ਮੌਕੇ ‘ਤੇ ਹੀ ਦਰੁਸਤ ਕਰਨਾ ਹੈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਚੋਣ ਅਫਸਰ ਅਨਿੰਦਤਾ ਮਿੱਤਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਮੁਹਿੰਮ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

LEAVE A REPLY

Please enter your comment!
Please enter your name here