ਮੋਗਾ ਦੇ ਥਾਣਾ ਕੋਟ ਈਸ਼ੇ ਖਾਂ ਪੁਲਿਸ ਦੀ ਵੱਡੀ ਕਾਮਯਾਬੀ/ 1 ਕਿਲੋ ਹੈਰੋਇਨ ਤੇ ਮੋਟਰਸਾਈਕਲ ਸਮੇਤ ਦੋ ਕਾਬੂ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਆਰੰਭੀ

0
2

ਮੋਗਾ ਦੇ ਥਾਣਾ ਕੋਟ ਈਸੇ ਖਾਂ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਦੋ ਕਥਿਤ ਨਸ਼ਾ ਤਸਕਰਾਂ ਨੂੰ ਇੱਕ ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਕਾਰਵਾਈ ਦੌਰਾਨ ਇੱਕ ਬਿਨਾਂ ਨੰਬਰ ਵਾਲਾ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਸੋਨੂ ਅਤੇ ਕਰਨ ਨਾਮ ਦੇ ਮੁਲਜ਼ਮ ਨਸ਼ੇ ਵੇਚਣ ਦੇ ਆਦੀ ਹਨ ਅਤੇ ਕੋਟ ਈਸੇ ਖਾਂ ਵਿਖੇ ਗਾਹਕਾਂ ਦੀ ਉਡੀਕ ਕਰ ਰਹੇ ਹਨ। ਪੁਲਿਸ ਨੇ ਮੌਕੇ ਤੇ ਛਾਪੇਮਾਰੀ ਕਰ ਕੇ ਦੋਵਾਂ ਨੂੰ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਡੀਐਸਪੀਡੀ ਨੇ ਦੱਸਿਆ ਕਿ ਥਾਣਾ ਕੋਟ ਈਸੇ ਖਾਂ ਦੀ ਮੁਖੀ ਇੰਸਪੈਕਟਰ ਸੁਨੀਤਾ ਰਾਣੀ ਅਤੇ ਉਨ੍ਹਾਂ ਦੀ ਪੁਲਿਸ ਟੀਮ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਇੱਕ ਭਰੋਸੇਯੋਗ ਸੂਚਨਾ ਪ੍ਰਾਪਤ ਹੋਈ ਕਿ ਸੋਨੂ ਵਾਸੀ ਪਿੰਡ ਪੀਰ ਮੁਹੰਮਦ, ਜ਼ਿਲ੍ਹਾ ਫਿਰੋਜ਼ਪੁਰ ਅਤੇ ਕਰਨ ਵਾਸੀ ਪਿੰਡ ਵਾਰਿਸ ਵਾਲਾ ਜੱਟਾਂ, ਜ਼ਿਲ੍ਹਾ ਫਿਰੋਜ਼ਪੁਰ ਹੈਰੋਇਨ ਵੇਚਣ ਦੇ ਆਦੀ ਹਨ ਅਤੇ ਉਸ ਸਮੇਂ ਦਾਣਾ ਮੰਡੀ ਮੋਗਾ ਰੋਡ, ਕੋਟ ਈਸੇ ਖਾਂ ਵਿਖੇ ਗਾਹਕਾਂ ਦੀ ਉਡੀਕ ਕਰ ਰਹੇ ਹਨ।
ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਦੱਸੇ ਗਏ ਸਥਾਨ ‘ਤੇ ਛਾਪੇਮਾਰੀ ਕੀਤੀ। ਪੁਲਿਸ ਨੇ ਦੋਵਾਂ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਕੇ ਕਾਨੂੰਨੀ ਕਾਰਵਾਈ ਅਨੁਸਾਰ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ ਇੱਕ ਕਿਲੋ ਹੈਰੋਇਨ ਬਰਾਮਦ ਹੋਈ। ਇਸ ਤੋਂ ਇਲਾਵਾ ਮੌਕੇ ਤੋਂ ਇੱਕ ਬਿਨਾਂ ਨੰਬਰ ਵਾਲਾ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਉਨ੍ਹਾਂ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਮਨਜ਼ੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਇਆ ਜਾਵੇਗਾ ਕਿ ਉਹ ਹੈਰੋਇਨ ਕਿੱਥੋਂ ਲੈ ਕੇ ਆਉਂਦੇ ਸਨ, ਇਸ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਹੋਰ ਕਿਹੜੇ ਵਿਅਕਤੀ ਜੁੜੇ ਹੋਏ ਹਨ ਅਤੇ ਇਸ ਦੇ ਪਿੱਛੇ ਕੰਮ ਕਰ ਰਹੇ ਗਿਰੋਹ ਦਾ ਪਰਦਾਫਾਸ਼ ਕੀਤਾ ਜਾਵੇਗਾ। ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਹਨ, ਤਾਂ ਜੋ ਸਮਾਜ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਬਚਾਇਆ ਜਾ ਸਕੇ।

LEAVE A REPLY

Please enter your comment!
Please enter your name here