ਪੰਜਾਬ ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਪ੍ਰੈੱਸ ਕਾਨਫਰੰਸ/ ਕਤਲ ਤੇ ਨਸ਼ਾ-ਹਥਿਆਰ ਤਸਕਰੀ ਬਾਰੇ ਖੁਲਾਸੇ/ ਮ੍ਰਿਤਕ ਦੀ ਪਤਨੀ ਸਮੇਤ ਪੰਜ ਮੁਲਜ਼ਮ ਗ੍ਰਿਫ਼ਤਾਰ By admin - June 13, 2026 0 4 Facebook Twitter Pinterest WhatsApp ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਵੱਖ-ਵੱਖ ਅਹਿਮ ਮਾਮਲਿਆਂ ਸਬੰਧੀ ਵੱਡੇ ਖੁਲਾਸੇ ਕੀਤੇ। ਪੁਲਿਸ ਨੇ ਇੱਕ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਉੱਥੇ ਹੀ ਨਸ਼ਾ ਅਤੇ ਹਥਿਆਰ ਤਸਕਰੀ ਖ਼ਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਵੀ ਮਹੱਤਵਪੂਰਨ ਸਫ਼ਲਤਾਵਾਂ ਹਾਸਲ ਕੀਤੀਆਂ ਗਈਆਂ ਹਨ। ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਮ੍ਰਿਤਕ ਦੀ ਪਤਨੀ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਮ੍ਰਿਤਕ ਦੀ ਪਤਨੀ ਨੇ ਨਾਜਾਇਜ ਸਬੰਧਾਂ ਦੇ ਚਲਦਿਆਂ ਵਾਰਦਾਤ ਅੰਜ਼ਾਮ ਦਿੱਤੀ ਗਈ ਸੀ। ਐੱਸਐੱਸਪੀ ਚਾਹਲ ਨੇ ਦੱਸਿਆ ਕਿ 4 ਜੂਨ 2026 ਨੂੰ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਲੱਖੋਵਾਲ ਦੇ ਖੇਤਾਂ ਵਿੱਚ ਇੱਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਸੀ। ਮੌਕੇ ਦੀ ਜਾਂਚ ਦੌਰਾਨ ਮਾਮਲਾ ਕਤਲ ਦਾ ਪ੍ਰਤੀਤ ਹੋਣ ‘ਤੇ ਥਾਣਾ ਅਜਨਾਲਾ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੀਐੱਸਪੀ ਅਜਨਾਲਾ ਕੁਲਦੀਪ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਅਤੇ ਤਫ਼ਤੀਸ਼ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਦੀ ਪਤਨੀ ਦੇ ਕਿਸੇ ਹੋਰ ਵਿਅਕਤੀ ਨਾਲ ਨਾਜਾਇਜ਼ ਸਬੰਧ ਸਨ। ਜਦੋਂ ਇਸ ਸਬੰਧੀ ਜਾਣਕਾਰੀ ਮ੍ਰਿਤਕ ਨੂੰ ਹੋ ਗਈ ਤਾਂ ਮੁਲਜ਼ਮਾਂ ਨੇ ਸਾਜ਼ਿਸ਼ ਰਚ ਕੇ ਉਸ ਨੂੰ ਰਾਹ ਵਿੱਚੋਂ ਹਟਾਉਣ ਦਾ ਫ਼ੈਸਲਾ ਕਰ ਲਿਆ। ਪੁਲਿਸ ਜਾਂਚ ਵਿੱਚ ਖੁਲਾਸਾ ਹੋਇਆ ਕਿ ਪੂਰੀ ਯੋਜਨਾ ਬਹੁਤ ਸੋਚ-ਸਮਝ ਕੇ ਬਣਾਈ ਗਈ ਸੀ ਅਤੇ ਮ੍ਰਿਤਕ ਨੂੰ ਪਹਿਲਾਂ ਕਤਲ ਕੀਤਾ ਗਿਆ, ਜਿਸ ਤੋਂ ਬਾਅਦ ਉਸ ਦੀ ਲਾਸ਼ ਖੇਤਾਂ ਵਿੱਚ ਸੁੱਟ ਦਿੱਤੀ ਗਈ ਤਾਂ ਜੋ ਮਾਮਲੇ ਨੂੰ ਹਾਦਸਾ ਜਾਂ ਅਣਪਛਾਤੀ ਮੌਤ ਦਾ ਰੂਪ ਦਿੱਤਾ ਜਾ ਸਕੇ। ਇਸ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਦੀ ਪਤਨੀ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਪਤਨੀ ਦਾ ਕਥਿਤ ਪ੍ਰੇਮੀ ਮੰਗਤਾ ਸਿੰਘ, ਸਤਿੰਦਰ ਸਿੰਘ, ਜਸਨਦੀਪ ਸਿੰਘ ਅਤੇ ਸਰਵਣ ਸਿੰਘ ਸ਼ਾਮਲ ਹਨ। ਐੱਸਐੱਸਪੀ ਨੇ ਦੱਸਿਆ ਕਿ ਸਾਰੇ ਮੁਲਜ਼ਮ ਇਸ ਸਾਜ਼ਿਸ਼ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਸਨ ਅਤੇ ਪੁਲਿਸ ਨੇ ਕਤਲ ਲਈ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ। ਮ੍ਰਿਤਕ ਦਾ ਵਿਆਹ ਕਰੀਬ 10 ਤੋਂ 12 ਸਾਲ ਪਹਿਲਾਂ ਹੋਇਆ ਸੀ। ਪੁਲਿਸ ਅਨੁਸਾਰ ਇਹ ਕਤਲ ਪੂਰੀ ਤਰ੍ਹਾਂ ਯੋਜਨਾਬੱਧ ਢੰਗ ਨਾਲ ਕੀਤਾ ਗਿਆ ਸੀ। ਇਸ ਤੋਂ ਇਲਾਵਾ ਐੱਸਐੱਸਪੀ ਚਾਹਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਅਤੇ “ਵਾਰ ਅਗੇਂਸਟ ਗੈਂਗਸਟਰ” ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਇੱਕ ਹੋਰ ਵੱਡੀ ਸਫ਼ਲਤਾ ਮਿਲੀ ਹੈ। ਕੇਂਦਰੀ ਏਜੰਸੀਆਂ ਨਾਲ ਮਿਲ ਕੇ ਚਲਾਏ ਗਏ ਸਾਂਝੇ ਆਪਰੇਸ਼ਨ ਦੌਰਾਨ ਦੋ ਗ੍ਰਨੇਡ ਬਰਾਮਦ ਕੀਤੇ ਗਏ ਅਤੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਜਾਂਚ ਦੌਰਾਨ ਡੀਐੱਸਪੀ ਗੁਰਿੰਦਰ ਨਾਗਰਾ ਅਤੇ ਡੀਐੱਸਪੀ ਯਾਦਵਿੰਦਰ ਸਿੰਘ ਦੀਆਂ ਟੀਮਾਂ ਨੇ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਲਿੰਕਾਂ ‘ਤੇ ਕੰਮ ਕਰਦਿਆਂ ਸੱਤ ਗੈਰ-ਕਾਨੂੰਨੀ ਪਿਸਤੌਲ ਵੀ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਇੱਕ ਹੋਰ ਕੇਸ ਵਿੱਚ ਤਿੰਨ ਕਿਲੋ ਹੈਰੋਇਨ ਦੀ ਬਰਾਮਦਗੀ ਤੋਂ ਬਾਅਦ ਗੁਰਪ੍ਰੀਤ ਨਾਮਕ ਵਿਅਕਤੀ ਨੂੰ ਨਾਮਜ਼ਦ ਕੀਤਾ ਗਿਆ। ਜਾਂਚ ਦੌਰਾਨ ਉਸ ਦੇ ਬੈਂਕ ਖਾਤਿਆਂ ਅਤੇ ਹਵਾਲਾ ਰਾਹੀਂ ਹੋ ਰਹੇ ਲੈਣ-ਦੇਣ ਦੀ ਵੀ ਪੜਤਾਲ ਕੀਤੀ ਗਈ। ਪੁਲਿਸ ਨੂੰ ਜਾਂਚ ਵਿੱਚ ਇਹ ਵੀ ਪਤਾ ਲੱਗਿਆ ਕਿ ਨਸ਼ੀਲੇ ਪਦਾਰਥ ਅਤੇ ਹਥਿਆਰ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਭਾਰਤੀ ਸਰਹੱਦ ਅੰਦਰ ਭੇਜੇ ਜਾ ਰਹੇ ਸਨ। ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਆਪਣੀ ਕਾਰਵਾਈ ਲਗਾਤਾਰ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਉਣ ਲਈ ਪੁਲਿਸ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।