ਮੋਗਾ ’ਚ ਸੜਕ ਹਾਦਸੇ ’ਚ ਐਕਟਿਵਾ ਸਵਾਰ ਦੀ ਮੌਤ/ ਤੇਜ਼ ਰਫਤਾਰ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ/ ਲੋਕਾਂ ਨੇ ਪੁਲਿਸ ਹਵਾਲੇ ਕੀਤਾ ਕਾਰ ਚਾਲਕ

0
2

 

ਮੋਗਾ ਦੇ ਨਿਗਾਹਾ ਰੋਡ ‘ਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਹੋਂਡਾ ਸਿਟੀ ਕਾਰ ਐਕਟਿਵਾ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਵਿੱਚ ਐਕਟਿਵਾ ਸਵਾਰ ਅਸ਼ੋਕ ਕੁਮਾਰ ਵਾਸੀ ਗਾਂਧੀ ਨਗਰ, ਮੋਗਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਨੇ ਕਾਰ ਚਾਲਕ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਰੱਖਵਾ ਦਿੱਤਾ ਹੈ।
ਮ੍ਰਿਤਕ ਦੇ ਰਿਸ਼ਤੇਦਾਰ ਡੇਵਿਡ ਨੇ ਦੱਸਿਆ ਕਿ ਅਸ਼ੋਕ ਕੁਮਾਰ ਇੱਕ ਫੈਕਟਰੀ ਤੋਂ ਕੰਮ ਮੁਕਾ ਕੇ ਘਰ ਵਾਪਸ ਆ ਰਹੇ ਸਨ। ਇਸ ਦੌਰਾਨ ਸਾਹਮਣੇ ਪਾਸੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਹੋਂਡਾ ਸਿਟੀ ਕਾਰ ਨੇ ਉਨ੍ਹਾਂ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਨੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਮੌਕੇ ‘ਤੇ ਮੌਜੂਦ ਇੱਕ ਦੁਕਾਨਦਾਰ ਨੇ ਦੱਸਿਆ ਕਿ ਕਾਰ ਬਹੁਤ ਤੇਜ਼ ਰਫ਼ਤਾਰ ਨਾਲ ਆ ਰਹੀ ਸੀ ਅਤੇ ਟੱਕਰ ਮਾਰਨ ਤੋਂ ਬਾਅਦ ਪਲਟ ਗਈ। ਉਸ ਦੇ ਅਨੁਸਾਰ ਕਾਰ ਇੱਕ ਨੌਜਵਾਨ ਚਲਾ ਰਿਹਾ ਸੀ।
ਹਾਦਸਾ ਇੰਨਾ ਭਿਆਨਕ ਸੀ ਕਿ ਐਕਟਿਵਾ ਸਵਾਰ ਨੂੰ ਗੰਭੀਰ ਸੱਟਾਂ ਲੱਗੀਆਂ, ਜਿਨ੍ਹਾਂ ਕਾਰਨ ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਥਾਣਾ ਮੁਖੀ ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਨਿਗਾਹਾ ਰੋਡ ‘ਤੇ ਕਾਰ ਅਤੇ ਐਕਟਿਵਾ ਵਿਚਕਾਰ ਹੋਏ ਹਾਦਸੇ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਛਾਣ ਅਸ਼ੋਕ ਕੁਮਾਰ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here