ਪੰਜਾਬ ਅੰਮ੍ਰਿਤਸਰ ‘ਚ ਕਾਕਰੋਚ ਜਨਤਾ ਪਾਰਟੀ ਦਾ ਪ੍ਰਦਰਸ਼ਨ/ ਸਿੱਖਿਆ ਪ੍ਰਣਾਲੀ ‘ਚ ਸੁਧਾਰ ਦੀ ਉਠਾਈ ਮੰਗ/ ਲੀਕ ਮਾਮਲੇ ‘ਤੇ ਨੌਜਵਾਨਾਂ ਦਾ ਗੁੱਸਾ, ਮੰਗਿਆ ਜਵਾਬ By admin - June 14, 2026 0 2 Facebook Twitter Pinterest WhatsApp ਕਾਕਰੋਟ ਜਨਤਾ ਪਾਰਟੀ ਵੱਲੋਂ ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਵੱਡਾ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਦੇ ਸੰਸਥਾਪਕ ਅਭੀਜੀਤ ਦੀਪੀਕੇ ਦੇ ਅਗਵਾਈ ਹੇਠ ਇਕੱਤਰ ਹੋਏ ਨੌਜਵਾਨਾਂ ਨੇ ਸਿਸਟਮ ’ਤੇ ਸਵਾਲ ਖੜ੍ਹੇ ਕਰਦਿਆਂ ਪਾਰਦਰਸ਼ੀ ਸਿੱਖਿਆ ਪ੍ਰਣਾਲੀ ਸਥਾਪਤ ਕਰਨ ਦੀ ਮੰਗ ਕੀਤੀ। ਇਸ ਮੌਕੇ ਪਹੁੰਚੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ, ਪ੍ਰੀਖਿਆਵਾਂ ਵਿੱਚ ਪਾਰਦਰਸ਼ਤਾ ਅਤੇ ਪੇਪਰ ਲੀਕ ਵਰਗੀਆਂ ਘਟਨਾਵਾਂ ਲਈ ਜਵਾਬਦੇਹੀ ਤੈਅ ਕਰਨ ਦੀ ਮੰਗ ਉਠਾਈ ਗਈ।ਪ੍ਰਦਰਸ਼ਨ ਤੋਂ ਪਹਿਲਾਂ ਅਭੀਜੀਤ ਦੀਪੀਕੇ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਇਸ ਅੰਦੋਲਨ ਨਾਲ ਜੁੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸੇ ਇੱਕ ਪਾਰਟੀ ਜਾਂ ਵਿਅਕਤੀ ਦੀ ਨਹੀਂ, ਸਗੋਂ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿੱਖਿਆ ਪ੍ਰਣਾਲੀ ਵਿੱਚ ਲਗਾਤਾਰ ਸਾਹਮਣੇ ਆ ਰਹੀਆਂ ਖਾਮੀਆਂ ਕਾਰਨ ਵਿਦਿਆਰਥੀਆਂ ਦਾ ਭਰੋਸਾ ਡਗਮਗਾ ਰਿਹਾ ਹੈ। ਇਸ ਮੌਕੇ ਪਾਰਟੀ ਦੇ ਸਮਰਥਕ ਕੁਲਦੀਪ ਸਿੰਘ ਨੇ ਕਿਹਾ ਕਿ ਉਹ ਕਈ ਸਾਲਾਂ ਤੋਂ ਵੱਖ-ਵੱਖ ਸਰਕਾਰਾਂ ਨੂੰ ਆਉਂਦੇ ਜਾਂਦੇ ਦੇਖ ਰਹੇ ਹਨ, ਪਰ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਨਹੀਂ ਹੋ ਸਕਿਆ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਦਾ ਸਿਸਟਮ ਆਮ ਨਾਗਰਿਕਾਂ ਅਤੇ ਨੌਜਵਾਨਾਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉਤਰ ਰਿਹਾ, ਜਿਸ ਕਾਰਨ ਲੋਕਾਂ ਵਿੱਚ ਨਿਰਾਸ਼ਾ ਵੱਧ ਰਹੀ ਹੈ। ਉਥੇ ਹੀ ਗੁਰਦਾਸਪੁਰ ਤੋਂ ਪ੍ਰਦਰਸ਼ਨ ਵਿੱਚ ਪਹੁੰਚੇ ਇੱਕ ਹੋਰ ਸਮਰਥਕ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਆਈਆਂ ਖਾਮੀਆਂ ਅਤੇ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਵਰਗੀਆਂ ਘਟਨਾਵਾਂ ਲਈ ਜਵਾਬਦੇਹ ਲੋਕਾਂ ਖਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ NEET ਪੇਪਰ ਲੀਕ ਮਾਮਲੇ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ।ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਇੱਕ ਹੋਰ ਨੌਜਵਾਨ ਨੇ ਕਿਹਾ ਕਿ ਉਹ ਇਸ ਅੰਦੋਲਨ ਨੂੰ ਇਸ ਲਈ ਸਮਰਥਨ ਦੇ ਰਹੇ ਹਨ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਉਹਨਾਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ ਜੋ ਮੌਜੂਦਾ ਨੌਜਵਾਨਾਂ ਨੂੰ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿਹਨਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਸਰਕਾਰਾਂ ਨੂੰ ਸਿੱਖਿਆ ਪ੍ਰਣਾਲੀ ਨੂੰ ਹੋਰ ਭਰੋਸੇਯੋਗ ਬਣਾਉਣ ਲਈ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ।