ਪੰਜਾਬ ਜੰਡਿਆਲਾ ਗੁਰੂ ਦੇ ਵੈਰੋਵਾਲ ਰੋਡ ‘ਤੇ ਮੁੜ ਚੱਲੀਆਂ ਗੋਲੀਆਂ/ ਅਣਪਛਾਤੇ ਨੌਜਵਾਨਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ।/ ਫਿਰੌਤੀ ਕਾਲ ਆਉਣ ਦਾ ਦਾਅਵਾ, ਪੁਲਿਸ ਕਰ ਰਹੀ ਜਾਂਚ By admin - June 15, 2026 0 2 Facebook Twitter Pinterest WhatsApp ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਵੈਰੋਵਾਲ ਰੋਡ ‘ਤੇ ਇੱਕ ਵਾਰ ਫਿਰ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਦੇਰ ਰਾਤ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਤਾਬੜਤੋੜ ਫਾਇਰਿੰਗ ਕੀਤੀ ਗਈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਹਾਲਾਂਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਘਰ ਦੇ ਦਰਵਾਜ਼ੇ ‘ਤੇ ਗੋਲੀਆਂ ਲੱਗਣ ਕਾਰਨ ਪਰਿਵਾਰ ਸਹਿਮਿਆ ਹੋਇਆ ਹੈ। ਪਰਿਵਾਰ ਨੇ ਫਿਰੌਤੀ ਦੀ ਕਾਲ ਆਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਕੁਲਵੰਤ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਜੰਡਿਆਲਾ ਗੁਰੂ ਦੇ ਘਰ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਤਿੰਨ ਦੇ ਕਰੀਬ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਗੋਲੀਆਂ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਵੀ ਘਰਾਂ ਤੋਂ ਬਾਹਰ ਨਿਕਲ ਆਏ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਪੁਰਾਣੀ ਰੰਜਿਸ਼ ਨਹੀਂ ਹੈ, ਪਰ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਫਿਰੌਤੀ ਦੀ ਕਾਲ ਜ਼ਰੂਰ ਆਈ ਸੀ। ਇਸ ਕਾਰਨ ਪੁਲਿਸ ਇਸ ਐਂਗਲ ਨੂੰ ਵੀ ਗੰਭੀਰਤਾ ਨਾਲ ਲੈ ਕੇ ਜਾਂਚ ਕਰ ਰਹੀ ਹੈ। ਪੁਲਿਸ ਚੌਂਕੀ ਇੰਚਾਰਜ ਗੁਰਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇੱਕ ਘਰ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਮੌਕੇ ਦੀ ਜਾਂਚ ਦੌਰਾਨ ਤਿੰਨ ਗੋਲੀਆਂ ਚਲਾਉਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰਕੇ ਸੱਚਾਈ ਲੋਕਾਂ ਦੇ ਸਾਹਮਣੇ ਲਿਆਂਦੀ ਜਾਵੇਗੀ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕਾਂ ਨੇ ਪੁਲਿਸ ਤੋਂ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।