ਕੇਵਲ ਢਿੱਲੋਂ ਨੇ ਮੁੱਖ ਮੰਤਰੀ ਮਾਨ ਦਾ ਮੰਗਿਆ ਅਸਤੀਫਾ/ ਅਕਾਲ ਤਖਤ ਦੇ ਹੁਕਮਾਂ ਦਾ ਸਤਿਕਾਰ ਕਰਨ ਦੀ ਨਸੀਹਤ/ ਕਿਹਾ, ਅਕਾਲ ਤਖ਼ਤ ਸਰਬਉੱਚ, ਹੁਕਮਾਂ ਦੀ ਤਾਮੀਲ ਜ਼ਰੂਰੀ

0
2

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਮਾਨ ਤੋਂ ਅਸਤੀਫੇ ਦਾ ਮੰਗ ਕੀਤੀ ਹੈ। ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਹਰ ਸਿੱਖ ਲਈ ਸਰਵਉੱਚ ਹੈ, ਇਸ ਲਈ ਮੁੱਖ ਮੰਤਰੀ ਮਾਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਸਤਿਕਾਰ ਕਰਦੇ ਹੋਏ ਤੁਰੰਤ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।
ਅਕਾਲ ਤਖਤ ਦੇ ਮੁੱਖ ਮੰਤਰੀ ਬਾਰੇ ਹੁਕਮਾਂ ਦੇ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਉਥੋਂ ਜਾਰੀ ਹੋਣ ਵਾਲੇ ਹੁਕਮ ਗੁਰੂ ਨਾਨਕ ਨਾਮ ਲੇਵਾ ਸੰਗਤ ਲਈ ਪ੍ਰਵਾਨਯੋਗ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਵਿਅਕਤੀ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ ਗੁਰੂ ਅਤੇ ਪੰਥ ਵਿਰੋਧੀ ਐਲਾਨਿਆ ਜਾਂਦਾ ਹੈ ਤਾਂ ਇਸ ਦੇ ਗੰਭੀਰ ਸਮਾਜਿਕ ਅਤੇ ਨੈਤਿਕ ਪ੍ਰਭਾਵ ਹੁੰਦੇ ਹਨ।
ਉਨ੍ਹਾਂ ਕਿਹਾ ਕਿ ਪੰਜ ਸਿੰਘ ਸਾਹਿਬਾਨਾਂ ਵੱਲੋਂ ਇੱਕ ਇਤਰਾਜ਼ਯੋਗ ਵੀਡੀਓ ਮਾਮਲੇ ਵਿੱਚ ਭਗਵੰਤ ਮਾਨ ਨੂੰ ਗੁਰੂ-ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਹੈ ਅਤੇ ਸਿੱਖ ਸੰਗਤ ਨੂੰ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਸੰਬੰਧ ਨਾ ਰੱਖਣ ਦਾ ਹੁਕਮ ਵੀ ਜਾਰੀ ਕੀਤਾ ਗਿਆ ਹੈ। ਇਸ ਲਈ ਅਜਿਹੇ ਹਾਲਾਤ ਪੰਜਾਬ ਸਰਕਾਰ ਦੇ ਅੰਦਰ ਕੰਮ ਕਰ ਰਹੇ ਸਿੱਖ ਮੰਤਰੀਆਂ ਅਤੇ ਅਧਿਕਾਰੀਆਂ ਲਈ ਵੀ ਅਸਹਿਜ ਹਾਲਾਤ ਪੈਦਾ ਹੋ ਸਕਦੇ ਹਨ, ਜਿਸ ਨਾਲ ਸਰਕਾਰ ਦੇ ਪ੍ਰਸ਼ਾਸਨਿਕ ਕੰਮਕਾਜ ਅਤੇ ਫੈਸਲਾ ਲੈਣ ਦੀ ਪ੍ਰਕਿਰਿਆ ਪ੍ਰਭਾਵਿਤ ਹੋਣ ਦਾ ਖਦਸ਼ਾ ਬਣ ਸਕਦਾ ਹੈ।
ਭਾਜਪਾ ਪ੍ਰਧਾਨ ਨੇ ਅੱਗੇ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ। ਜਦੋਂ ਸਿੱਖ ਕੌਮ ਦੀ ਸਰਵਉੱਚ ਸੰਸਥਾ ਵੱਲੋਂ ਉਨ੍ਹਾਂ ਖਿਲਾਫ਼ ਸਖਤ ਫੈਸਲਾ ਸੁਣਾਇਆ ਗਿਆ ਹੈ ਤਾਂ ਲੋਕਤੰਤਰੀ ਪਰੰਪਰਾਵਾਂ ਅਤੇ ਨੈਤਿਕ ਮਰਿਆਦਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਤੁਰੰਤ ਅਹੁਦਾ ਛੱਡ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਹਰ ਜਨਤਕ ਅਹੁਦੇਦਾਰ ਦੀ ਜ਼ਿੰਮੇਵਾਰੀ ਹੈ ਅਤੇ ਮੁੱਖ ਮੰਤਰੀ ਨੂੰ ਅਜਿਹਾ ਫੈਸਲਾ ਲੈਣਾ ਚਾਹੀਦਾ ਹੈ, ਜੋ ਪੰਜਾਬ ਦੇ ਪ੍ਰਸ਼ਾਸਨਿਕ ਢਾਂਚੇ, ਸਮਾਜਿਕ ਸਦਭਾਵਨਾ ਅਤੇ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰੇ।

LEAVE A REPLY

Please enter your comment!
Please enter your name here