ਪਟਿਆਲਾ ਤੋਂ ਧਾਰਮਿਕ ਯਾਤਰਾ ਲਈ ਜਥਾ ਰਵਾਨਾ/ ਮੰਤਰੀ ਡਾ. ਬਲਬੀਰ ਸਿੰਘ ਨੇ ਦਿਖਾਈ ਹਰੀ ਝੰਡੀ/ ਸ਼ਰਧਾਲੂਆਂ ਨੇ ਮੁੱਖ ਮੰਤਰੀ ਮਾਨ ਦੀ ਕੀਤਾ ਧੰਨਵਾਦ

0
2

ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਵੱਲੋਂ ਲਗਾਤਾਰ ਧਾਰਮਿਕ ਸਥਾਨਾਂ ਦੀ ਯਾਤਰਾ ਕੀਤੀ ਜਾ ਰਹੀ ਹੈ। ਇਸੇ ਤਹਿਤ ਪਟਿਆਲਾ ਤੋਂ ਸ਼ਰਧਾਲੂਆਂ ਦਾ ਜਥਾ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਰਵਾਨਾ ਹੋਇਆ।  ਜਥੇ ਨੂੰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਆਪਣੇ ਸੰਬੋਧਨ ਵਿਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅੱਜ ਵਾਰਡ ਨੰਬਰ 8 ਅਤੇ ਗੋਬਿੰਦ ਬਾਗ-ਹੀਰਾ ਬਾਗ ਇਲਾਕਿਆਂ ਤੋਂ 45-45 ਸ਼ਰਧਾਲੂਆਂ ਨੂੰ ਲੈ ਕੇ ਦੋ ਬੱਸਾਂ ਰਵਾਨਾ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੰਗਤ ਵਿੱਚ ਇਸ ਯਾਤਰਾ ਪ੍ਰਤੀ ਭਾਰੀ ਉਤਸ਼ਾਹ ਹੈ ਅਤੇ ਲੋਕਾਂ ਵੱਲੋਂ ਇਸ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਇਸੇ ਦੌਰਾਨ ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਮਾਨ ਦਾ ਧੰਨਵਾਦ ਕੀਤਾ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਬਹੁਤ ਸਾਰੇ ਸ਼ਰਧਾਲੂ ਪਹਿਲੀ ਵਾਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਯਾਤਰਾਵਾਂ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨਗੀਆਂ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਯਾਤਰੀਆਂ ਦੇ ਰਹਿਣ, ਖਾਣ ਅਤੇ ਸਫ਼ਰ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਗੇ ਵੀ ਸਾਲਾਸਰ ਧਾਮ, ਖਾਟੂ ਸ਼ਿਆਮ, ਵ੍ਰਿੰਦਾਵਨ ਸਮੇਤ ਹੋਰ ਧਾਰਮਿਕ ਸਰਕਟਾਂ ਲਈ ਯਾਤਰਾਵਾਂ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਮੁਸਲਿਮ ਭਾਈਚਾਰੇ ਲਈ ਵੀ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੀ ਵਿਵਸਥਾ ਕੀਤੀ ਜਾਵੇਗੀ।
ਸਿਹਤ ਮੰਤਰੀ ਨੇ ਮਹਿਲਾਵਾਂ ਲਈ ਸ਼ੁਰੂ ਕੀਤੀ ਜਾ ਰਹੀ ਸਕੀਮ ਬਾਰੇ ਦੱਸਦਿਆਂ ਕਿਹਾ ਕਿ 1 ਜੁਲਾਈ ਤੋਂ ਇਸ ਯੋਜਨਾ ਨੂੰ ਲਾਗੂ ਕੀਤਾ ਜਾਵੇਗਾ। ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ ਅਤੇ ਜੁਲਾਈ ਦੇ ਪਹਿਲੇ ਹਫ਼ਤੇ ਤੋਂ ਯੋਗ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਰਕਮ ਆਉਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਚੋਣ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕਰ ਰਹੀ ਹੈ।
ਨਰਸਿੰਗ ਸਟਾਫ਼ ਅਤੇ ਆਊਟਸੋਰਸ ਮੁਲਾਜ਼ਮਾਂ ਦੇ ਮਾਮਲੇ ‘ਤੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੇ ਹੱਕ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ 52 ਉਮੀਦਵਾਰਾਂ ਨੂੰ ਰੈਗੂਲਰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਆਊਟਸੋਰਸ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੋੜੀਂਦੇ ਟੈਸਟ ਪਾਸ ਕਰਨ ਤਾਂ ਜੋ ਉਨ੍ਹਾਂ ਨੂੰ ਵੀ ਨਿਯਮਾਂ ਅਨੁਸਾਰ ਪੱਕਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਯੋਗ ਉਮੀਦਵਾਰਾਂ ਨੂੰ ਰੁਜ਼ਗਾਰ ਅਤੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ।

LEAVE A REPLY

Please enter your comment!
Please enter your name here