ਪੰਜਾਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜਾ ਮਨਾਇਆ/ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕੀਤਾ ਪ੍ਰਣਾਮ/ ਸੰਗਤ ਨੂੰ ਗੁਰੂ ਦੇ ਬਚਨਾਂ ’ਤੇ ਪਹਿਰਾ ਦੇਣ ਦੀ ਅਪੀਲ By admin - June 18, 2026 0 2 Facebook Twitter Pinterest WhatsApp ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਸੇਧ ਲੈ ਕੇ ਗੁਰੂ ਦੇ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਦਾ ਸੱਦਾ ਦਿੱਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਮਨੁੱਖਤਾ ਦੀ ਭਲਾਈ, ਸਮਾਨਤਾ ਅਤੇ ਸੱਚ ਦੇ ਮਾਰਗ ਲਈ ਆਪਣਾ ਸਰਬਸ ਨਿਛਾਵਰ ਕਰ ਦਿੱਤਾ। ਉਨ੍ਹਾਂ ਸੰਗਤਾਂ ਨੂੰ ਸੇਵਾ, ਸਿਮਰਨ ਅਤੇ ਗੁਰੂ ਨਾਲ ਜੁੜੇ ਰਹਿਣ ਦਾ ਸੱਦਾ ਦਿੰਦਿਆਂ ਗੁਰੂ ਦੇ ਬਚਨਾਂ ਉਤੇ ਹਰ ਵਕਤ ਪਹਿਰਾ ਦੇਣ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਅਰਜਨ ਦੇਵ ਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ ਕਰਵਾ ਕੇ ਮਨੁੱਖਤਾ ਨੂੰ ਇਕੱਠਾ ਕਰਨ ਦਾ ਮਹਾਨ ਸੰਦੇਸ਼ ਦਿੱਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਸਰੂਪ ਤਿਆਰ ਕਰਵਾ ਕੇ ਸਿੱਖ ਪੰਥ ਨੂੰ ਅਮੋਲਕ ਬਾਣੀ ਦੀ ਦਾਤ ਬਖ਼ਸ਼ੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਵਧਦੀ ਲੋਕਪ੍ਰਿਯਤਾ ਤੋਂ ਈਰਖਾ ਕਰਨ ਵਾਲੀਆਂ ਤਾਕਤਾਂ ਨੇ ਸਾਜ਼ਿਸ਼ ਤਹਿਤ ਗੁਰੂ ਸਾਹਿਬ ਨੂੰ ਤਸੀਹੇ ਦਿੱਤੇ ਪਰ ਗੁਰੂ ਸਾਹਿਬ ਨੇ ਹਰ ਹਾਲਤ ਵਿੱਚ “ਤੇਰਾ ਕੀਆ ਮੀਠਾ ਲਾਗੈ” ਦਾ ਸੰਦੇਸ਼ ਦੇ ਕੇ ਸਬਰ, ਸਮਰਪਣ ਅਤੇ ਪ੍ਰਭੂ ਭਾਣੇ ਨੂੰ ਮਿੱਠਾ ਮੰਨਣ ਦੀ ਸਿੱਖਿਆ ਦਿੱਤੀ। ਉਨ੍ਹਾਂ ਦੱਸਿਆ ਕਿ 1606 ਈਸਵੀ ਵਿੱਚ ਲਾਹੌਰ ਵਿਖੇ ਗੁਰੂ ਸਾਹਿਬ ਨੇ ਸ਼ਹਾਦਤ ਪ੍ਰਾਪਤ ਕੀਤੀ, ਜਿਸ ਤੋਂ ਬਾਅਦ ਸਿੱਖ ਇਤਿਹਾਸ ਵਿੱਚ ਮੀਰੀ-ਪੀਰੀ ਦਾ ਯੁੱਗ ਸ਼ੁਰੂ ਹੋਇਆ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੇ ਸਿੱਖ ਕੌਮ ਨੂੰ ਹੋਰ ਮਜ਼ਬੂਤ ਅਤੇ ਚੜ੍ਹਦੀ ਕਲਾ ਵਾਲਾ ਬਣਾਇਆ। ਜਥੇਦਾਰ ਗੜਗੱਜ ਨੇ ਕਿਹਾ ਕਿ ਅੱਜ ਵੀ ਸਿੱਖ ਸੰਗਤਾਂ ਵੱਲੋਂ ਥਾਂ-ਥਾਂ ‘ਤੇ ਠੰਢੀਆਂ-ਮਿੱਠੀਆਂ ਛਬੀਲਾਂ ਲਗਾ ਕੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਸੇਵਾ ਕੀਤੀ ਜਾ ਰਹੀ ਹੈ। ਪਾਕਿਸਤਾਨ ਵਿੱਚ ਸਿੱਖ ਭਾਈਚਾਰੇ ‘ਤੇ ਹੋਏ ਹਮਲੇ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਜਥੇਦਾਰ ਗੜਗੱਜ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਪਹਿਲਾਂ ਹੀ ਸਿੱਖ ਘੱਟ ਗਿਣਤੀ ਵਿੱਚ ਹਨ ਅਤੇ ਅਜਿਹੀਆਂ ਘਟਨਾਵਾਂ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਉੱਥੇ ਰਹਿ ਰਹੀਆਂ ਸਿੱਖਾਂ ਸਮੇਤ ਸਾਰੀਆਂ ਘੱਟ ਗਿਣਤੀਆਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ।