ਪੰਜਾਬ ਚੰਡੀਗੜ੍ਹ ’ਚ ਭਾਜਪਾ ਖਿਲਾਫ ‘ਆਪ’ ਦਾ ਪ੍ਰਦਰਸ਼ਨ/ ਪੰਜਾਬੀਆਂ ਖਿਲਾਫ ਟਿੱਪਣੀ ਖਿਲਾਫ ਨਾਅਰੇਬਾਜ਼ੀ/ ਚੰਡੀਗੜ੍ਹ ਪ੍ਰਧਾਨ ਦਾ ਮੰਗਿਆ ਅਸਤੀਫਾ By admin - June 19, 2026 0 2 Facebook Twitter Pinterest WhatsApp ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਦੀਆਂ ਪੰਜਾਬੀ ਭਾਈਚਾਰੇ ਖਿਲਾਫ ਕਥਿਤ ਟਿੱਪਣੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ। ਇਸੇ ਤਹਿਤ ਅੱਜ ਚੰਡੀਗੜ੍ਹ ਭਾਜਪਾ ਵੱਲੋਂ ਸੈਕਟਰ-34 ਵਿਖੇ ਭਾਜਪਾ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਚੰਡੀਗੜ੍ਹ ‘ਆਪ’ ਦੇ ਪ੍ਰਧਾਨ ਵਿਜੇ ਪਾਲ ਸਿੰਘ ਅਤੇ ਪਾਰਟੀ ਕੌਂਸਲਰਾਂ ਦੀ ਅਗਵਾਈ ਹੇਠ ਇਕੱਠੇ ਹੋਏ ਵਰਕਰਾਂ ਨੇ ਭਾਜਪਾ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕੀਤੀ, ਤਾਂ ਮੌਕੇ ’ਤੇ ਮੌਜੂਦ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ। ਆਪ ਆਗੂਆਂ ਦਾ ਕਹਿਣਾ ਸੀ ਕਿ ਭਾਜਪਾ ਆਗੂ ਨੇ ਪੰਜਾਬੀਆਂ ਦਾ ਅਪਮਾਨ ਕੀਤਾ ਹੈ, ਇਸ ਲਈ ਉਸ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੇਣਾ ਚਾਹੀਦਾ ਹੈ। ਆਪਣੇ ਸੰਬੋਧਨ ਵਿਚ ਪਾਰਟੀ ਪ੍ਰਧਾਨ ਵਿਜੇ ਪਾਲ ਸਿੰਘ ਨੇ ਆਖਿਆ ਕਿ ਆਮ ਆਦਮੀ ਪਾਰਟੀ ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵੱਲੋਂ ਪੰਜਾਬੀਆਂ ਖ਼ਿਲਾਫ਼ ਵਰਤੀ ਗਈ ਭਾਸ਼ਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਮਲਹੋਤਰਾ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ, ਕਿਉਂਕਿ ਚੰਡੀਗੜ੍ਹ ਅਤੇ ਪੰਜਾਬ ਦੇ ਲੋਕ ਅਜਿਹੇ ਅਪਮਾਨਜਨਕ ਬਿਆਨਾਂ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਅੱਗੇ ਆਖਿਆ ਕਿ ਦੇਸ਼ ਦੀ ਸੁਰੱਖਿਆ, ਖੇਤੀਬਾੜੀ, ਉਦਯੋਗ ਅਤੇ ਰਾਸ਼ਟਰ ਨਿਰਮਾਣ ਵਿੱਚ ਪੰਜਾਬੀਆਂ ਦੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਅਜਿਹੇ ਮਾਣਮੱਤੇ ਅਤੇ ਦੇਸ਼ ਭਗਤ ਭਾਈਚਾਰੇ ਦਾ ਅਪਮਾਨ ਕਿਸੇ ਵੀ ਕੀਮਤ ’ਤੇ ਪ੍ਰਵਾਨ ਨਹੀਂ ਹੈ। ਇਸ ਰੋਸ ਪ੍ਰਦਰਸ਼ਨ ਦੌਰਾਨ ‘ਆਪ’ ਵਰਕਰਾਂ ਨੇ ਭਾਜਪਾ ਪ੍ਰਧਾਨ ਮਲਹੋਤਰਾ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦਾ ਪੁਤਲਾ ਵੀ ਫੂਕਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਹਰਦੀਪ ਸਿੰਘ, ਕੁਲਦੀਪ ਸਿੰਘ, ਯੋਗੇਸ਼ ਢੀਂਗਰਾ ਸਮੇਤ ਪਾਰਟੀ ਆਗੂ ਵਿਕਰਾਂਤ ਏ. ਤੰਵਰ ਅਤੇ ਸੰਨੀ ਔਲਖ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਦੂਜੇ ਪਾਸੇ, ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਕੱਲ੍ਹ ਹੀ ਆਪਣੇ ’ਤੇ ਲੱਗੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਸੀ। ਉਨ੍ਹਾਂ ਸਪੱਸ਼ਟ ਕਰਦਿਆਂ ਆਖਿਆ ਕਿ ਜਨਤਾ ਨੂੰ ਗੁਮਰਾਹ ਕਰਨ ਲਈ ਵਿਰੋਧੀਆਂ ਵੱਲੋਂ ਉਨ੍ਹਾਂ ਦੇ ਬਿਆਨ ਨੂੰ ਜਾਣਬੁੱਝ ਕੇ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਮਲਹੋਤਰਾ ਨੇ ਕਿਹਾ ਕਿ ਉਹ ਖ਼ੁਦ ਪੰਜਾਬੀ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਉਨ੍ਹਾਂ ਦੇ ਦਿਲ ਵਿੱਚ ਪੰਜਾਬ ਅਤੇ ਹਰ ਇੱਕ ਪੰਜਾਬੀ ਲਈ ਬਹੁਤ ਸਤਿਕਾਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵਿਰੋਧੀ ਧਿਰ ਵੱਲੋਂ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਜਾ ਰਹੀ ਵੀਡੀਓ ਅਧੂਰੀ ਹੈ ਅਤੇ ਉਸ ਵਿੱਚ ਉਨ੍ਹਾਂ ਦੀ ਗੱਲ ਦਾ ਪੂਰਾ ਸੰਦਰਭ ਨਹੀਂ ਦਿਖਾਇਆ ਗਿਆ।