ਚੰਡੀਗੜ੍ਹ ’ਚ ਗੁਰਨਾਮ ਸਿੰਘ ਚੜੂਨੀ ਦੀ ਪ੍ਰੈੱਸ ਕਾਨਫਰੰਸ/ ਭਾਰਤ ਅਮਰੀਕਾ ਸਮਝੌਤੇ ਖਿਲਾਫ ਸੰਘਰਸ਼ ਦਾ ਐਲਾਨ/ 23 ਜੂਨ ਨੂੰ ਕਾਲੀਆਂ ਪੱਟੀਆਂ ਬੰਨ੍ਹ ਕੇ ਹੋਵੇਗਾ ਪ੍ਰਦਰਸ਼ਨ

0
2

 

ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਭਾਰਤ-ਅਮਰੀਕਾ ਵਿਚਾਲੇ ਵਪਾਰ ਸਮਝੌਤੇ ਨੂੰ ਲੈ ਕੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗੁਰਨਾਮ ਚੜੂਨੀ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਦੇ ਕਿਸਾਨਾਂ, ਪਸ਼ੂ ਪਾਲਕਾਂ ਅਤੇ ਖੁਰਾਕ ਪ੍ਰਭੂਸੱਤਾ ਲਈ ਵੱਡਾ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੇ ਤਹਿਤ 23 ਜੂਨ ਨੂੰ ਦੇਸ਼ ਭਰ ਅੰਦਰ ਕਾਲੀਆਂ ਪੱਟੀਆਂ ਬੰਨ ਕੇ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ, ਮਜਦੂਰਾਂ ਹਰ ਵਰਗ ਦੇ ਲੋਕਾਂ ਨੂੰ ਸ਼ਮੂਲੀਅਤ ਦੀ ਅਪੀਲ ਕੀਤੀ ਹੈ।
ਚੜੂਨੀ ਨੇ ਦੱਸਿਆ ਕਿ ਫਰਵਰੀ 2025 ਤੋਂ ਚੱਲ ਰਹੀਆਂ ਭਾਰਤ-ਅਮਰੀਕਾ ਵਪਾਰਕ ਵਾਰਤਾਵਾਂ ਹੁਣ ਅੰਤਿਮ ਪੜਾਅ ਵਿੱਚ ਹਨ। 23 ਅਤੇ 24 ਜੂਨ ਨੂੰ ਨਵੀਂ ਦਿੱਲੀ ਵਿੱਚ ਅਮਰੀਕੀ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਦੀ ਅਗਵਾਈ ਹੇਠ ਹੋਣ ਵਾਲੀਆਂ ਬੈਠਕਾਂ ਦੌਰਾਨ ਇਸ ਸਮਝੌਤੇ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਪਾਹ, ਲਾਲ ਜਵਾਰ, ਸੋਇਆਬੀਨ ਤੇਲ ਅਤੇ ਸੰਤਰੇ ਦੇ ਰਸ ਵਰਗੀਆਂ ਵਸਤੂਆਂ ‘ਤੇ ਲੱਗੇ ਆਯਾਤ ਸ਼ੁਲਕ ਹਟਾ ਦਿੱਤੇ ਜਾਂਦੇ ਹਨ ਤਾਂ ਭਾਰਤੀ ਕਿਸਾਨ ਭਾਰੀ ਸਬਸਿਡੀ ਪ੍ਰਾਪਤ ਅਮਰੀਕੀ ਉਤਪਾਦਾਂ ਨਾਲ ਮੁਕਾਬਲਾ ਨਹੀਂ ਕਰ ਸਕਣਗੇ। ਇਸ ਨਾਲ ਦੇਸ਼ ਦੇ ਖੇਤੀਬਾੜੀ ਸੈਕਟਰ ਨੂੰ ਵੱਡਾ ਝਟਕਾ ਲੱਗ ਸਕਦਾ ਹੈ।
ਚੜੂਨੀ ਨੇ ਦੋਸ਼ ਲਾਇਆ ਕਿ ਅਮਰੀਕਾ ਅਤੇ ਵਿਸ਼ਵ ਵਪਾਰ ਸੰਗਠਨ ਦੇ ਦਬਾਅ ਕਾਰਨ ਐਮਐਸਪੀ   ਆਧਾਰਿਤ ਸਰਕਾਰੀ ਖਰੀਦ ਪ੍ਰਣਾਲੀ ‘ਤੇ ਵੀ ਖ਼ਤਰਾ ਮੰਡਰਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ MSP ਪ੍ਰਣਾਲੀ ਕਮਜ਼ੋਰ ਹੁੰਦੀ ਹੈ ਤਾਂ ਪੰਜਾਬ ਅਤੇ ਹਰਿਆਣਾ ਦੇ ਕਣਕ-ਝੋਨਾ ਉਤਪਾਦਕ ਕਿਸਾਨ ਸਭ ਤੋਂ ਵੱਧ ਪ੍ਰਭਾਵਿਤ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਮਝੌਤੇ ਨਾਲ ਖੇਤੀਬਾੜੀ ਖੇਤਰ ਵਿੱਚ ਕਾਰਪੋਰੇਟ ਕੰਪਨੀਆਂ ਦਾ ਦਬਦਬਾ ਵਧ ਸਕਦਾ ਹੈ ਅਤੇ ਜੈਨੇਟਿਕਲੀ ਮੋਡੀਫਾਈਡ (GM) ਫ਼ਸਲਾਂ ਅਤੇ ਉਤਪਾਦਾਂ ਨੂੰ ਦੇਸ਼ ਵਿੱਚ ਪਿਛਲੇ ਦਰਵਾਜ਼ੇ ਰਾਹੀਂ ਦਾਖਲ ਕਰਨ ਦੀ ਕੋਸ਼ਿਸ਼ ਹੋ ਸਕਦੀ ਹੈ।
ਇਸ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਨੇ 23 ਜੂਨ ਨੂੰ ਦੇਸ਼ ਵਿਆਪੀ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਚੜੂਨੀ ਨੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਕਾਲੀਆਂ ਪੱਟੀਆਂ ਬੰਨ੍ਹ ਕੇ ਅਤੇ ਬੈਨਰ ਲੈ ਕੇ ਸ਼ਾਂਤੀਪੂਰਨ ਢੰਗ ਨਾਲ ਵਿਰੋਧ ਦਰਜ ਕਰਵਾਉਣ।  ਇਸ ਤੋਂ ਇਲਾਵਾ ਦੇਸ਼ ਵਿਆਪੀ ਅੰਦੋਲਨ ਦੀ ਅਗਲੀ ਰਣਨੀਤੀ ਤਿਆਰ ਕਰਨ ਲਈ 25 ਜੂਨ ਨੂੰ ਸਵੇਰੇ 10 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਸਾਂਝੀ ਬੈਠਕ ਵੀ ਬੁਲਾਈ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸਾਨ ਹਿੱਤਾਂ ਦੇ ਵਿਰੁੱਧ ਕੋਈ ਵੀ ਸਮਝੌਤਾ ਕੀਤਾ ਗਿਆ ਤਾਂ ਦੇਸ਼ ਭਰ ਵਿੱਚ ਵੱਡੇ ਪੱਧਰ ‘ਤੇ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

LEAVE A REPLY

Please enter your comment!
Please enter your name here