ਪੰਜਾਬ ਅੰਮ੍ਰਿਤਸਰ ਤੋਂ 290 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ/ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਏਗਾ ਜਥਾ/ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ By admin - June 21, 2026 0 2 Facebook Twitter Pinterest WhatsApp ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਅਤੇ ਪਾਕਿਸਤਾਨ ਸਥਿਤ ਇਤਿਹਾਸਕ ਸਿੱਖ ਗੁਰਧਾਮਾਂ ਦੇ ਦਰਸ਼ਨਾਂ ਲਈ 290 ਸ਼ਰਧਾਲੂਆਂ ਦਾ ਜੱਥਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ ਹੋਇਆ। ਇਹ ਜੱਥਾ 10 ਦਿਨਾਂ ਦੀ ਯਾਤਰਾ ਦੌਰਾਨ ਨਨਕਾਣਾ ਸਾਹਿਬ, ਪੰਜਾ ਸਾਹਿਬ, ਸੱਚਾ ਸੌਦਾ, ਕਰਤਾਰਪੁਰ ਸਾਹਿਬ, ਰੋੜੀ ਸਾਹਿਬ, ਗੁਰੂ ਰਾਮਦਾਸ ਜੀ ਦੇ ਜਨਮ ਅਸਥਾਨ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰੇਗਾ। ਜੱਥਾ 30 ਜੂਨ ਨੂੰ ਵਾਪਸ ਭਾਰਤ ਪਰਤੇਗਾ। ਸੰਗਰੂਰ ਤੋਂ ਆਏ ਸ਼ਰਧਾਲੂ ਸੁਰਿੰਦਰਪਾਲ ਸਿੰਘ ਸਿਦਕੀ ਨੇ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ ਵਿੱਚ ਪਹਿਲੀ ਵਾਰ ਵੀਜ਼ਾ ਲੱਗਿਆ ਹੈ ਅਤੇ ਪਹਿਲੀ ਵਾਰ ਉਹ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੌਕਾ ਉਨ੍ਹਾਂ ਲਈ ਬਹੁਤ ਵੱਡੀ ਬਖਸ਼ਿਸ਼ ਹੈ। ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਲਾਂਘਾ ਮੁੜ ਖੋਲ੍ਹਿਆ ਜਾਵੇ ਅਤੇ ਗੁਰਧਾਮਾਂ ਦੀ ਯਾਤਰਾ ਨੂੰ ਹੋਰ ਸੁਖਾਲਾ ਬਣਾਇਆ ਜਾਵੇ। ਮਹਿਲਾ ਸ਼ਰਧਾਲੂ ਇੰਦਰਪਾਲ ਕੌਰ ਨੇ ਕਿਹਾ ਕਿ ਵੀਜ਼ਾ ਮਿਲਣ ਦੀ ਖ਼ਬਰ ਸੁਣ ਕੇ ਉਨ੍ਹਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ। ਉਨ੍ਹਾਂ ਦੱਸਿਆ ਕਿ ਉਹ ਪਹਿਲੀ ਵਾਰ ਆਪਣੇ ਗੁਰੂ ਦੇ ਜਨਮ ਅਸਥਾਨਾਂ ਅਤੇ ਹੋਰ ਪਵਿੱਤਰ ਧਰਤੀਆਂ ਦੇ ਦਰਸ਼ਨ ਕਰਨ ਜਾ ਰਹੇ ਹਨ। ਮੋਗਾ ਤੋਂ ਆਈ ਕਮਲਪ੍ਰੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਨ੍ਹਾਂ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਉਹ ਆਪਣੇ ਪਤੀ ਨਾਲ ਇਸ ਯਾਤਰਾ ‘ਤੇ ਜਾ ਰਹੇ ਹਨ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਵੀ ਨਤਮਸਤਕ ਹੋਣਗੇ। ਇੱਕ ਹੋਰ ਸ਼ਰਧਾਲੂ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਹੀ ਭਾਗਾਂ ਵਾਲਾ ਦਿਨ ਹੈ ਅਤੇ ਉਹ ਚਾਹੁੰਦੇ ਹਨ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹੇ ਤਾਂ ਜੋ ਹੋਰ ਸੰਗਤਾਂ ਵੀ ਆਸਾਨੀ ਨਾਲ ਦਰਸ਼ਨ ਕਰ ਸਕਣ। ਉਨ੍ਹਾਂ ਨੇ ਦੋਵਾਂ ਦੇਸ਼ਾਂ ਵਿਚਕਾਰ ਪਿਆਰ ਅਤੇ ਭਾਈਚਾਰੇ ਦੀ ਭਾਵਨਾ ਵਧਣ ਦੀ ਵੀ ਅਰਦਾਸ ਕੀਤੀ। ਐਸਜੀਪੀਸੀ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਜੱਥਾ ਐਸਜੀਪੀਸੀ ਦੇ ਪ੍ਰਬੰਧ ਹੇਠ 10 ਦਿਨਾਂ ਲਈ ਪਾਕਿਸਤਾਨ ਰਵਾਨਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਮੈਡੀਕਲ ਸਹਾਇਤਾ ਸਮੇਤ ਪੂਰਾ ਸਟਾਫ਼ ਜੱਥੇ ਦੇ ਨਾਲ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਜੱਥਾ ਲੀਡਰ ਭਾਟੀਆ ਸਾਹਿਬ ਨੇ ਦੱਸਿਆ ਕਿ 302 ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 290 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਹੋਏ ਹਨ। ਉਨ੍ਹਾਂ ਕਿਹਾ ਕਿ ਜੱਥਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਦੇ ਨਾਲ-ਨਾਲ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਅਸਥਾਨ, ਗੁਰੂ ਰਾਮਦਾਸ ਜੀ ਦੇ ਜਨਮ ਅਸਥਾਨ ਅਤੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਕਈ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰੇਗਾ। ਉਨ੍ਹਾਂ ਅਰਦਾਸ ਕੀਤੀ ਕਿ ਜੱਥਾ ਸੁੱਖ-ਸਾਲਮਤ ਯਾਤਰਾ ਕਰਕੇ ਵਾਪਸ ਆਪਣੇ ਵਤਨ ਪਰਤੇ।