ਪੰਜਾਬ ਮੋਗਾ ਪੁਲਿਸ ਦਾ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਐਕਸ਼ਨ/ ਨਾਕਾਬੰਦੀ ਕਰ ਕੇ ਵਾਹਨਾਂ ਦੀ ਸਖ਼ਤ ਚੈਕਿੰਗ/ ਕਈਆਂ ਦੇਕੱਟੇ ਚਲਾਨ ਤੇ ਕਈ ਵਾਹਨ ਜ਼ਬਤ By admin - June 26, 2026 0 2 Facebook Twitter Pinterest WhatsApp ਮੋਗਾ ਵਿੱਚ ਸਮਾਜ ਵਿਰੋਧੀ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮੋਗਾ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਬੀਤੀ ਦੇਰ ਰਾਤ ਤੱਕ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਈ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ, ਜਦਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕੁਝ ਵਾਹਨਾਂ ਨੂੰ ਪੁਲਿਸ ਨੇ ਕਬਜ਼ੇ ਵਿੱਚ ਵੀ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸਾਊਥ ਦੇ ਐਸਐਚਓ ਗੁਰਪਾਲ ਸਿੰਘ ਨੇ ਦੱਸਿਆ ਕਿ ਐਸਐਸਪੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਸ਼ੱਕੀ ਵਿਅਕਤੀਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਮੋਗਾ ਦੇ ਪਹਾੜਾ ਸਿੰਘ ਚੌਂਕ ਵਿਖੇ ਵਿਸ਼ੇਸ਼ ਨਾਕਾਬੰਦੀ ਕਰਕੇ ਹਰ ਆਉਣ-ਜਾਣ ਵਾਲੇ ਵਾਹਨ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਹੁਣ ਤੱਕ ਕਰੀਬ ਪੰਜ ਮੋਟਰਸਾਈਕਲਾਂ ਦੇ ਚਲਾਨ ਕੀਤੇ ਗਏ ਹਨ, ਜਦਕਿ ਦੋ ਮੋਟਰਸਾਈਕਲਾਂ ਨੂੰ ਜ਼ਬਤ (ਇੰਪਾਊਂਡ) ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮਕਸਦ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ, ਅਪਰਾਧਿਕ ਗਤੀਵਿਧੀਆਂ ‘ਤੇ ਰੋਕ ਲਗਾਉਣਾ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।ਐਸਐਚਓ ਗੁਰਪਾਲ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਵੀ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਵਾਹਨਾਂ ਦੇ ਸਾਰੇ ਲੋੜੀਂਦੇ ਦਸਤਾਵੇਜ਼ ਹਮੇਸ਼ਾ ਆਪਣੇ ਨਾਲ ਰੱਖਣ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਚੈਕਿੰਗ ਦੌਰਾਨ ਪੁਲਿਸ ਦਾ ਪੂਰਾ ਸਹਿਯੋਗ ਦੇਣ, ਤਾਂ ਜੋ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਹੋਰ ਮਜ਼ਬੂਤ ਬਣਾਈ ਰੱਖੀ ਜਾ ਸਕੇ।