ਪਾਕਿਸਤਾਨ ’ਚ ਢਾਹਿਆ 125 ਸਾਲ ਪੁਰਾਣਾ ਗੁਰਦੁਆਰਾ/ ਸਿੱਖ ਸੰਗਤ ਅੰਦਰ ਭਾਰੀ ਰੋਸ/ ਐਸਜੀਪੀਸੀ ਮੈਂਬਰ ਮਨਜੀਤ ਸਿੰਘ ਨੇ ਮੰਗੀ ਕਾਰਵਾਈ

0
2

ਪਾਕਿਸਤਾਨ ਦੇ ਫਾਰੂਕਾਬਾਦ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸੱਚਾ ਸੌਦਾ ਦੇ ਨੇੜੇ ਸਥਿਤ ਕਰੀਬ 125 ਸਾਲ ਪੁਰਾਣੇ ਗੁਰਦੁਆਰਾ ਸਿੰਘ ਸਭਾ ਨੂੰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਢਾਹੇ ਜਾਣ ਦੀ ਖ਼ਬਰ ਤੋਂ ਬਾਅਦ ਦੁਨੀਆ ਭਰ ਦੀਆਂ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਨੂੰ ਲੈ ਕੇ ਸਿੱਖ ਜਥੇਬੰਦੀਆਂ ਅਤੇ ਧਾਰਮਿਕ ਆਗੂਆਂ ਵੱਲੋਂ ਪਾਕਿਸਤਾਨ ਸਰਕਾਰ ਕੋਲ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਐਸਜੀਪੀਸੀ ਮੈਂਬਰ ਭਾਈ ਮਨਜੀਤ ਸਿੰਘ ਨੇ ਘਟਨਾ ਦੀ ਸਖਤ ਨਿੰਦਾ ਕਰਦਿਆਂ ਪਾਕਿਸਤਾਨ ਸਰਕਾਰ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ 24 ਅਤੇ 25 ਜੂਨ ਦੀ ਦਰਮਿਆਨੀ ਰਾਤ ਨੂੰ ਗੁਰਦੁਆਰਾ ਸਿੰਘ ਸਭਾ ਨੂੰ ਢਾਹੇ ਜਾਣ ਦੀ ਘਟਨਾ ਨੇ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਸਿੱਖ ਇਤਿਹਾਸ ਅਤੇ ਵਿਰਾਸਤ ਦੇ ਅਹਿਮ ਕੇਂਦਰ ਹਨ ਅਤੇ ਇਨ੍ਹਾਂ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ।
ਭਾਈ ਮਨਜੀਤ ਸਿੰਘ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰਿਯਮ ਨਵਾਜ਼ ਸ਼ਰੀਫ਼ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖੁਦ ਇਸ ਮਾਮਲੇ ਵਿੱਚ ਦਖ਼ਲ ਦੇਣ ਅਤੇ ਗੁਰਦੁਆਰਾ ਸਾਹਿਬ ਨੂੰ ਢਾਹੁਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ। ਉਨ੍ਹਾਂ ਮੰਗ ਕੀਤੀ ਕਿ ਢਾਹੀ ਗਈ ਗੁਰਦੁਆਰਾ ਇਮਾਰਤ ਨੂੰ ਜਲਦ ਤੋਂ ਜਲਦ ਮੁੜ ਉਸਾਰਿਆ ਜਾਵੇ, ਤਾਂ ਜੋ ਸੰਗਤਾਂ ਦੀਆਂ ਭਾਵਨਾਵਾਂ ਦਾ ਸਨਮਾਨ ਹੋ ਸਕੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਧਰਮ ਨਾਲ ਸਬੰਧਤ ਅਨੇਕਾਂ ਇਤਿਹਾਸਕ ਗੁਰਧਾਮ ਮੌਜੂਦ ਹਨ, ਜਿਨ੍ਹਾਂ ਦਾ ਸਬੰਧ ਸ੍ਰੀ ਗੁਰੂ ਨਾਨਕ ਦੇਵ ਜੀ ਸਮੇਤ ਹੋਰ ਗੁਰੂ ਸਾਹਿਬਾਨ ਨਾਲ ਹੈ। ਇਨ੍ਹਾਂ ਧਾਰਮਿਕ ਅਸਥਾਨਾਂ ਦੀ ਸੰਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਪਾਕਿਸਤਾਨ ਸਰਕਾਰ ਦੀ ਜ਼ਿੰਮੇਵਾਰੀ ਹੈ।
ਭਾਈ ਮਨਜੀਤ ਸਿੰਘ ਨੇ ਇਹ ਵੀ ਮੰਗ ਕੀਤੀ ਕਿ ਪਾਕਿਸਤਾਨ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਰ ਸੇਵਾ ਵਾਲੇ ਸੰਤਾਂ ਨੂੰ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੀ ਸੇਵਾ ਅਤੇ ਸੰਭਾਲ ਕਰਨ ਦੀ ਇਜਾਜ਼ਤ ਦੇਵੇ। ਉਨ੍ਹਾਂ ਕਿਹਾ ਕਿ ਜੇਕਰ ਐਸਾ ਕੀਤਾ ਜਾਂਦਾ ਹੈ ਤਾਂ ਇਨ੍ਹਾਂ ਇਤਿਹਾਸਕ ਗੁਰਧਾਮਾਂ ਦੀ ਬਿਹਤਰ ਢੰਗ ਨਾਲ ਦੇਖਭਾਲ ਅਤੇ ਸੰਭਾਲ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਆਪਣੇ ਇਤਿਹਾਸਕ ਧਾਰਮਿਕ ਅਸਥਾਨਾਂ ਨਾਲ ਡੂੰਘੀ ਸਾਂਝ ਰੱਖਦੀ ਹੈ ਅਤੇ ਅਜਿਹੀਆਂ ਘਟਨਾਵਾਂ ਕਦੇ ਵੀ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।

LEAVE A REPLY

Please enter your comment!
Please enter your name here