ਪੰਜਾਬ ਅੰਮ੍ਰਿਤਸਰ ’ਚ ਬਿਜਲੀ ਸੰਕਟ ਖਿਲਾਫ ਨਿਤਰੇ ਕਿਸਾਨ/ ਐਸਈ ਨੂੰ ਸੌਂਪਿਆ ਮੰਗ ਪੱਤਰ/ ਪੰਜਾਬ ਭਰ ਅੰਦਰ ਦਫਤਰ ਘੇਰਨ ਦੀ ਚਿਤਾਵਨੀ By admin - July 2, 2026 0 2 Facebook Twitter Pinterest WhatsApp ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਬਿਜਲੀ ਸੰਕਟ ਦੇ ਵਿਰੋਧ ਵਿੱਚ ਅੰਮ੍ਰਿਤਸਰ ਪਾਵਰਕੌਮ ਦੇ ਐੱਸ.ਈ. ਨੂੰ ਮੰਗ ਪੱਤਰ ਸੌਂਪਿਆ ਗਿਆ। ਜਥੇਬੰਦੀ ਦੇ ਆਗੂ ਪਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਕਿੱਲਤ ਕਾਰਨ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦੇ ਚਲਦਿਆਂ ਪੰਜਾਬ ਭਰ ਅੰਦਰ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 5 ਤਰੀਕ ਤਕ ਮਸਲਾ ਹੱਲ ਨਾ ਕੀਤਾ ਤਾਂ 6 ਜੁਲਾਈ ਤੋਂ ਪੰਜਾਬ ਭਰ ਅੰਦਰ ਪਾਵਰਕੌਮ ਦੇ ਐਸਈ ਦਫਤਰ ਘੇਰੇ ਜਾਣਗੇ। ਉਨ੍ਹਾਂ ਕਿਹਾ ਕਿ ਬਿਜਲੀ ਦੀ ਧੁੜ ਕਾਰਨ ਹਜ਼ਾਰਾਂ ਏਕੜ ਵਿੱਚ ਖੜ੍ਹੀ ਝੋਨੇ ਦੀ ਫ਼ਸਲ ਸੁੱਕਣ ਦੇ ਕਿਨਾਰੇ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਰਜ਼ਾ ਲੈ ਕੇ ਖੇਤੀ ਕਰਦਾ ਹੈ ਅਤੇ ਜੇਕਰ ਸਮੇਂ ਸਿਰ ਪਾਣੀ ਨਾ ਮਿਲਿਆ ਤਾਂ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਵੇਗਾ। ਉਨ੍ਹਾਂ ਦੱਸਿਆ ਕਿ ਜਥੇਬੰਦੀ ਨੇ ਸਰਕਾਰ ਅਤੇ ਬਿਜਲੀ ਵਿਭਾਗ ਨੂੰ 5 ਤਰੀਕ ਤੱਕ ਦਾ ਅਲਟੀਮੇਟਮ ਦਿੱਤਾ ਹੈ। ਜੇਕਰ ਇਸ ਮਿਆਦ ਦੌਰਾਨ ਬਿਜਲੀ ਸਪਲਾਈ ਨਿਯਮਤ ਨਾ ਕੀਤੀ ਗਈ ਤਾਂ 6 ਤਰੀਕ ਨੂੰ ਪੰਜਾਬ ਭਰ ਦੇ ਐੱਸ.ਈ. ਦਫ਼ਤਰਾਂ ਅੱਗੇ ਵੱਡੇ ਪੱਧਰ ‘ਤੇ ਧਰਨੇ ਅਤੇ ਘਿਰਾਓ ਕੀਤੇ ਜਾਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਬਿਜਲੀ ਵਿਭਾਗ ਦੀ ਹੋਵੇਗੀ। ਕਿਸਾਨ ਆਗੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਉਨ੍ਹਾਂ ਬਿਆਨਾਂ ‘ਤੇ ਵੀ ਸਵਾਲ ਚੁੱਕੇ, ਜਿਨ੍ਹਾਂ ਵਿੱਚ ਪੰਜਾਬ ਵਿੱਚ ਖੇਤੀ ਲਈ 12 ਤੋਂ 24 ਘੰਟੇ ਤੱਕ ਬਿਜਲੀ ਸਪਲਾਈ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਵੱਖਰੀ ਹੈ ਅਤੇ ਕਈ ਇਲਾਕਿਆਂ ਵਿੱਚ ਦੋ-ਦੋ ਘੰਟੇ ਵੀ ਲਗਾਤਾਰ ਬਿਜਲੀ ਨਹੀਂ ਮਿਲ ਰਹੀ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੇ ਦਾਅਵੇ ਸਿਰਫ਼ ਕਾਗਜ਼ਾਂ ਤੱਕ ਸੀਮਿਤ ਹਨ, ਜਦਕਿ ਕਿਸਾਨ ਹਕੀਕਤ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਸਾਲ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਸਰਕਾਰ ਨੂੰ ਬਿਜਲੀ ਸਪਲਾਈ ਦੇ ਪੂਰੇ ਪ੍ਰਬੰਧ ਕਰ ਲੈਣੇ ਚਾਹੀਦੇ ਹਨ, ਪਰ ਇਸ ਵਾਰ ਵੀ ਲੋੜੀਂਦੀਆਂ ਤਿਆਰੀਆਂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਜਲਦ ਰੈਗੂਲਰ ਨਾ ਕੀਤੀ ਗਈ ਤਾਂ ਹਜ਼ਾਰਾਂ ਏਕੜ ਫ਼ਸਲ ਬਰਬਾਦ ਹੋ ਸਕਦੀ ਹੈ ਅਤੇ ਪਹਿਲਾਂ ਹੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਜਾਣਗੀਆਂ।