ਸ਼੍ਰੋਮਣੀ ਕਮੇਟੀ ਦਾ ਫਿਲਮ ‘ਪੰਜਾਬ 95’ ਨੂੰ ਲੈ ਕੇ ਬਿਆਨ/ ਨੌਜਵਾਨਾਂ ਨੂੰ ਫ਼ਿਲਮ ਦੇਖਣ ਦੀ ਅਪੀਲ

0
2

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਫਿਲਮ ਪੰਜਾਬ 95 ਦਾ ਸਮਰਥਨ ਕੀਤਾ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਐਸਜੀਪੀਸੀ ਦੇ  ਮੁੱਖ ਸਕੱਤਰ ਕੁਲਵੰਤ ਸਿੰਘ ਮੰਨਨ ਨੇ ਕਿਹਾ ਕਿ ਇਹ ਫ਼ਿਲਮ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ, ਸੰਘਰਸ਼ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ‘ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ  ਇਹ ਫ਼ਿਲਮ ਉਸ ਦੌਰ ਦੀਆਂ ਸੱਚੀਆਂ ਘਟਨਾਵਾਂ ਨੂੰ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕਰਦੀ ਹੈ, ਇਸ ਲਈ ਹਰ ਪੰਜਾਬੀ ਨੂੰ ਇਹ ਫਿਲਮ ਵੇਖਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਖਾਲੜਾ ਨੇ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਲਾਪਤਾ ਕੀਤੇ ਗਏ ਲੋਕਾਂ ਦੇ ਮਾਮਲਿਆਂ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਲੰਮਾ ਸੰਘਰਸ਼ ਕੀਤਾ। ਫ਼ਿਲਮ ਵਿੱਚ ਇਸੇ ਸੰਘਰਸ਼ ਅਤੇ ਉਸ ਸਮੇਂ ਦੇ ਹਾਲਾਤਾਂ ਨੂੰ ਦਰਸਾਇਆ ਗਿਆ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੇ ਇਤਿਹਾਸ ਦੀ ਸੱਚਾਈ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਉਸ ਸਮੇਂ ਕਈ ਅਜਿਹੇ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿੱਚ ਲੋਕਾਂ ਨੂੰ ਬਿਨਾਂ ਕਿਸੇ ਕਾਨੂੰਨੀ ਪ੍ਰਕਿਰਿਆ ਦੇ ਲਾਪਤਾ ਕਰ ਦਿੱਤਾ ਜਾਂਦਾ ਸੀ ਜਾਂ ਸ਼ੱਕੀ ਹਾਲਾਤਾਂ ਵਿੱਚ ਉਨ੍ਹਾਂ ਦੀ ਮੌਤ ਹੋ ਜਾਂਦੀ ਸੀ। ਜਸਵੰਤ ਸਿੰਘ ਖਾਲੜਾ ਨੇ ਇਨ੍ਹਾਂ ਮਾਮਲਿਆਂ ਦੀ ਸੱਚਾਈ ਨੂੰ ਉਜਾਗਰ ਕਰਨ ਲਈ ਦਲੇਰੀ ਨਾਲ ਆਵਾਜ਼ ਉਠਾਈ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਹਿਮ ਭੂਮਿਕਾ ਨਿਭਾਈ। ਫ਼ਿਲਮ ਵਿੱਚ ਇਨ੍ਹਾਂ ਘਟਨਾਵਾਂ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਪ੍ਰਮੁੱਖਤਾ ਨਾਲ ਪੇਸ਼ ਕੀਤਾ ਗਿਆ ਹੈ।
ਐੱਸ.ਜੀ.ਪੀ.ਸੀ. ਦੇ ਮੁੱਖ ਸਕੱਤਰ ਨੇ ਖ਼ਾਸ ਤੌਰ ‘ਤੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਹ ਫ਼ਿਲਮ ਜ਼ਰੂਰ ਦੇਖਣ, ਕਿਉਂਕਿ ਇਸ ਰਾਹੀਂ ਉਨ੍ਹਾਂ ਨੂੰ ਪੰਜਾਬ ਦੇ ਇਤਿਹਾਸ ਅਤੇ ਜਸਵੰਤ ਸਿੰਘ ਖਾਲੜਾ ਦੇ ਯੋਗਦਾਨ ਨੂੰ ਸਮਝਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਜੇਕਰ ਸੈਂਸਰ ਬੋਰਡ ਜਾਂ ਕਿਸੇ ਹੋਰ ਪੱਧਰ ‘ਤੇ ਲੋੜੀਂਦੀਆਂ ਸੋਧਾਂ ਕੀਤੀਆਂ ਗਈਆਂ ਹਨ ਤਾਂ ਉਨ੍ਹਾਂ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਅਤੇ ਇਤਿਹਾਸ ਨਾਲ ਜੁੜੇ ਵਿਸ਼ਿਆਂ ‘ਤੇ ਬਣੀਆਂ ਫ਼ਿਲਮਾਂ ਨੂੰ ਖੁੱਲ੍ਹੇ ਮਨ ਨਾਲ ਦੇਖਣਾ ਅਤੇ ਸਮਝਣਾ ਬਹੁਤ ਜ਼ਰੂਰੀ ਹੈ, ਤਾਂ ਜੋ ਨਵੀਂ ਪੀੜ੍ਹੀ ਸੱਚਾਈ ਅਤੇ ਇਤਿਹਾਸ ਦੋਵਾਂ ਨਾਲ ਜਾਣੂ ਹੋ ਸਕੇ।

LEAVE A REPLY

Please enter your comment!
Please enter your name here