ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਔਜਲਾ ਦੀ ਪ੍ਰੈੱਸ ਕਾਨਫਰੰਸ/ ਨਗਰ ਕੌਂਸਲਾਂ ’ਤੇ ਕਬਜ਼ੇ ਦੇ ਇਲਜ਼ਾਮਾਂ ਤਹਿਤ ਘੇਰੀ ਸਰਕਾਰ/ ਫਿਲਮ ’ਤੇ ਸਿਆਸਤ ਛੱਡ ਬੇਗੁਨਾਹਾਂ ਨੂੰ ਇਨਸਾਫ ਦੇਣ ਦੀ ਮੰਗ

0
3

ਅੰਮ੍ਰਿਤਸਰ ਤੋਂ ਕਾਂਗਰਸੀ ਗੁਰਜੀਤ ਸਿੰਘ ਔਜਲਾ ਨੇ ਪ੍ਰੈੱਸ ਕਾਨਫਰੰਸ ਕਰ ਕੇ ਪੰਜਾਬ ਸਰਕਾਰ ’ਤੇ ਨਗਰ ਕੌਂਸਲਾਂ ’ਤੇ ਧੱਕੇ ਨਾਲ ਕਬਜ਼ੇ ਦੇ ਇਲਜ਼ਾਮ ਲਾਏ ਹਨ।  ਸਰਕਾਰ ਉਤੇ ਲੋਕਤੰਤਰ ਅਤੇ ਸੰਵਿਧਾਨ ਦੀਆਂ ਕਦਰਾਂ ਕੀਮਤਾਂ ਨੂੰ ਤਾਰ-ਤਾਰ ਕਰਨ ਦਾ ਇਲਜਾਮ ਲਾਉਂਦਿਆਂ ਉਨ੍ਹਾਂ ਕਿਹਾ ਕਿ ਕਪੂਰਥਲਾ, ਮੋਰਿੰਡਾ ਅਤੇ ਚਮਕੌਰ ਸਾਹਿਬ ਦੀਆਂ ਨਗਰ ਕੌਂਸਲਾਂ ਵਿੱਚ ਕਾਂਗਰਸ ਨੂੰ ਸਪੱਸ਼ਟ ਬਹੁਮਤ ਮਿਲਿਆ ਸੀ ਪਰ ਆਮ ਆਦਮੀ ਪਾਰਟੀ ਨੇ ਅਨੈਤਿਕ ਅਤੇ ਗੈਰ-ਸੰਵਿਧਾਨਕ ਢੰਗ ਤਰੀਕੇ ਵਰਤ ਕੇ ਆਪਣੇ  ਪ੍ਰਧਾਨ ਬਣਾ ਲਏ ਹਨ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਫ਼ਤਵੇ ਦੀ ਬੇਅਦਬੀ ਹੈ, ਜਿਸ ਦਾ ਜਵਾਬ ਲੋਕ ਆਉਂਦੀਆਂ ਚੋਣਾਂ ਵਿਚ ਦੇਣਗੇ। ‘ਸਤਲੁਜ’ ਫਿਲਮ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਫਿਲਮ ਤੇ ਸਿਆਸਤ ਕਰਨ ਦੀ ਥਾਂ ਕਾਲੇ ਦੌਰ ਦੌਰਾਨ ਮਾਰੇ ਗਏ ਬੇਗੁਨਾਹਾਂ ਨੂੰ ਇਨਸਾਫ਼ ਦੇਣ ਦੇ ਯਤਨ ਕਰਨੇ ਚਾਹੀਦੇ ਹਨ।
ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਉਤੇ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ, ਫਿਰੌਤੀਆਂ, ਗੈਂਗਸਟਰਵਾਦ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ, ਜਿਸ ਦੀ ਸਿੱਧੀ ਜ਼ਿੰਮੇਵਾਰੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਦੀ ਬਣਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਹੱਦੀ ਇਲਾਕਿਆਂ ਵਿੱਚ ਗੈਂਗਸਟਰਾਂ ਅਤੇ ਅਪਰਾਧਿਕ ਗਿਰੋਹਾਂ ਨੂੰ ਸਿਆਸੀ ਸਰਪ੍ਰਸਤੀ ਮਿਲ ਰਹੀ ਹੈ ਅਤੇ ਪੁਲਿਸ ਪ੍ਰਣਾਲੀ ਦੇ ਕੁਝ ਅਧਿਕਾਰੀ ਵੀ ਇਸ ਵਿੱਚ ਸ਼ਾਮਲ ਹਨ। ਉਨ੍ਹਾਂ ਅਮਰੀਕਾ ਵਿੱਚ ਇੱਕ ਪੰਜਾਬ ਪੁਲਿਸ ਅਧਿਕਾਰੀ ਖ਼ਿਲਾਫ਼ ਦਰਜ ਹੋਏ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ।
‘ਸਤਲੁਜ’ ਫਿਲਮ ਦੇ ਵਿਵਾਦ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮੁੱਦੇ ਨੂੰ ਰਾਜਨੀਤਿਕ ਲਾਭ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਫਿਲਮ ਦੇ ਕਿਸੇ ਹਿੱਸੇ ‘ਤੇ ਇਤਰਾਜ਼ ਸੀ ਤਾਂ ਸੈਂਸਰ ਪ੍ਰਕਿਰਿਆ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਸੀ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਕਾਲੇ ਦੌਰ ਦੌਰਾਨ ਮਾਰੇ ਗਏ ਸਾਰੇ ਬੇਗੁਨਾਹ ਲੋਕਾਂ ਦੀ ਪਛਾਣ ਕਰਕੇ, ਭਾਵੇਂ ਉਹ ਕਿਸੇ ਵੀ ਧਰਮ ਜਾਂ ਵਰਗ ਨਾਲ ਸੰਬੰਧਿਤ ਹੋਣ, ਸਾਰਿਆਂ ਨੂੰ ਬਰਾਬਰ ਇਨਸਾਫ਼ ਦਿੱਤਾ ਜਾਵੇ ਅਤੇ ਇਸ ਮਾਮਲੇ ‘ਤੇ ਰਾਜਨੀਤੀ ਨਾ ਕੀਤੀ ਜਾਵੇ।
ਕਾਂਗਰਸ ਦੀ ਅੰਦਰੂਨੀ ਸਥਿਤੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਔਜਲਾ ਨੇ ਕਿਹਾ ਕਿ ਪਾਰਟੀ ਇਕਜੁੱਟ ਹੈ ਅਤੇ ਸੀਨੀਅਰ ਆਗੂਆਂ ਦੀ ਅਗਵਾਈ ਹੇਠ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਦੇ ਅਸਲ ਮੁੱਦਿਆਂ ਜਿਵੇਂ ਬੇਰੁਜ਼ਗਾਰੀ, ਨਸ਼ਾ, ਕਾਨੂੰਨ-ਵਿਵਸਥਾ ਅਤੇ ਵਿਕਾਸ ਨੂੰ ਲੈ ਕੇ ਚੋਣ ਮੈਦਾਨ ਵਿੱਚ ਉਤਰੇਗੀ, ਨਾ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾ ਕੇ ਵੋਟਾਂ ਮੰਗੇਗੀ। ਉਨ੍ਹਾਂ ਇਹ ਵੀ ਕਿਹਾ ਕਿ 2027 ਵਿੱਚ ਕਾਂਗਰਸ ਦਾ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਭਾਜਪਾ ਨਾਲ ਹੋਵੇਗਾ।

LEAVE A REPLY

Please enter your comment!
Please enter your name here