ਮੋਗਾ ‘ਚ ਪੀਐਮ ਦੀ ਫੇਰੀ ਖਿਲਾਫ ਨਿਤਰੇ ਕਿਸਾਨ/ ਪ੍ਰਧਾਨ ਮੰਤਰੀ ਪੰਜਾਬ ਦੌਰੇ ਦਾ ਕੀਤਾ ਤਿੱਖਾ ਵਿਰੋਧ/ ਕਿਸਾਨ ਜਥੇਬੰਦੀਆਂ ਵੱਲੋਂ ਅਰਥੀ ਫੂਕ ਮੁਜਾਹਰਾ

0
3

ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦਾ ਵਿਰੋਧ ਕੀਤਾ ਹੈ। ਇਸੇ ਨੂੰ ਲੈ ਕੇ ਅੱਜ ਕਿਸਾਨਾਂ ਵੱਲੋਂ ਮੋਗਾ ਡੀਸੀ ਦਫਤਰ ਅੱਗੇ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਕਿਸਾਨਾਂ ਦਾ ਸਮੁੱਚਾ ਕਰਜਾ ਮੁਆਫ ਕਰਨ, ਬੰਦੀ ਸਿੰਘਾਂ ਦੀ ਰਿਹਾਈ ਤੇ ਭਾਰਤ-ਅਮਰੀਕਾ ਵਿਚਾਲੇ ਵਪਾਰ ਸਮਝੌਤਾ ਰੱਦ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਕਾਸਨ ਦਿੱਲੀ ਨਹੀਂ ਜਾ ਸਕਦੇ ਤਾਂ ਪ੍ਰਧਾਨ ਮੰਤਰੀ ਮੋਦੀ ਨੂੰ ਵੀ ਪੰਜਾਬ ਆਉਣ ਦਾ ਕੋਈ ਹੱਕ ਨਹੀਂ।
ਦੱਸਣਯੋਗ ਹੈ ਕਿ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਚਾਰ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦਾ ਤਿੱਖਾ ਵਿਰੋਧ ਕੀਤਾ। ਇਸ ਦੌਰਾਨ ਮੋਗਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਕਿਸਾਨਾਂ ਨੇ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਰੋਸ ਜ਼ਾਹਿਰ ਕੀਤਾ। ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਪ੍ਰਧਾਨ ਮੰਤਰੀ ਦਾ ਪੰਜਾਬ ਦੌਰਾ ਜਾਇਜ਼ ਨਹੀਂ ਮੰਨਿਆ ਜਾ ਸਕਦਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰ ਰਹੀ ਹੈ ਅਤੇ ਰੇਲਵੇ ਦਾ ਨਿੱਜੀਕਰਨ ਵੀ ਇਸੇ ਨੀਤੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸੰਪਤੀ ਦਾ ਨਿੱਜੀਕਰਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਸਮੂਹ ਕਰਜ਼ਾ ਮੁਆਫ਼ ਕਰਨ, ਬੰਦੀ ਸਿੰਘਾਂ ਨੂੰ ਰਿਹਾਅ ਕਰਨ ਅਤੇ ਹੋਰ ਲੰਬੇ ਸਮੇਂ ਤੋਂ ਬਕਾਇਆ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਦੁਹਰਾਈ।
ਇਸ ਤੋਂ ਇਲਾਵਾ, ਭਾਰਤ-ਅਮਰੀਕਾ ਵਿਚਾਲੇ ਹੋ ਰਹੀ ਟਰੇਡ ਡੀਲ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਮਝੌਤਾ ਕਿਸਾਨਾਂ ਦੇ ਹਿੱਤਾਂ ਦੇ ਖ਼ਿਲਾਫ਼ ਹੈ ਅਤੇ ਇਸ ਨਾਲ ਕਿਸਾਨਾਂ ਦੀ ਜ਼ਮੀਨ ਅਤੇ ਖੇਤੀਬਾੜੀ ‘ਤੇ ਨਕਾਰਾਤਮਕ ਅਸਰ ਪਵੇਗਾ। ਉਨ੍ਹਾਂ ਐਲਾਨ ਕੀਤਾ ਕਿ ਇਸ ਸਮਝੌਤੇ ਨੂੰ ਕਿਸੇ ਵੀ ਹਾਲਤ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਅਖੀਰ ਵਿੱਚ ਕਿਹਾ ਕਿ ਜਦੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਜਾਂਦਾ ਹੈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਪੰਜਾਬ ਆਉਣ ਦਾ ਕੋਈ ਨੈਤਿਕ ਹੱਕ ਨਹੀਂ ਹੈ।

LEAVE A REPLY

Please enter your comment!
Please enter your name here