ਪੰਜਾਬ ਅੰਮ੍ਰਿਤਸਰ ਆਵਾਰਾ ਕੁੱਤਿਆਂ ਦੇ ਹਮਲੇ ’ਚ ਬਜ਼ੁਰਗ ਦੀ ਮੌਤ/ ਸਕੂਲ ਦੇ ਬਾਹਰ ਆਵਾਰਾ ਕੁੱਤਿਆਂ ਦਾ ਖੌਫ/ ਬੱਚਿਆਂ ਅਤੇ ਰਾਹਗੀਰਾਂ ਦੀ ਸੁਰੱਖਿਆ ‘ਤੇ ਉੱਠੇ ਸਵਾਲ By admin - July 20, 2026 0 3 Facebook Twitter Pinterest WhatsApp ਅੰਮ੍ਰਿਤਸਰ ਸ਼ਹਿਰ ਦੇ ਇਸਲਾਮਾਬਾਦ ਇਲਾਕੇ ਦੀ ਚੌਕੀ ਵਾਲੀ ਗਲੀ ਵਿੱਚ ਆਵਾਰਾ ਕੁੱਤਿਆਂ ਦੇ ਹਮਲੇ ਵਿਚ 70 ਸਾਲਾ ਬਜ਼ੁਰਗ ਦੀ ਮੌਤ ਹੋਣ ਦੀ ਖੌਫਨਾਕ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਗਲੀ ਵਿਚੋਂ ਲੰਘ ਰਿਹਾ ਸੀ ਕਿ ਕੁੱਤਿਆਂ ਦੇ ਝੁੰਡ ਨੇ ਹਮਲਾ ਕਰ ਦਿੱਤਾ। ਹਮਲੇ ਵਿਚ ਬਜ਼ੁਰਗ ਗੰਭੀਰ ਜ਼ਖਮੀ ਹੋ ਗਿਆ। ਮੌਕੇ ਤੇ ਇਕੱਤਰ ਹੋਏ ਲੋਕਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਬਜ਼ੁਰਗ ਤੇ ਹਮਲੇ ਦੀ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਹੈ। ਸਥਾਨਕ ਵਾਸੀਆਂ ਨੇ ਪ੍ਰਸ਼ਾਸਨ ਤੋਂ ਆਵਾਰਾ ਕੁੱਤਿਆਂ ਦੀ ਰੋਕਥਾਮ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਜਿਸ ਗਲੀ ਵਿੱਚ ਇਹ ਘਟਨਾ ਵਾਪਰੀ, ਉੱਥੇ ਹੀ ਇੱਕ ਨਾਮੀ ਸਕੂਲ ਵੀ ਸਥਿਤ ਹੈ, ਜਿੱਥੇ ਹਰ ਰੋਜ਼ ਵੱਡੀ ਗਿਣਤੀ ਵਿੱਚ ਬੱਚੇ ਪੜ੍ਹਨ ਲਈ ਆਉਂਦੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਇਲਾਕੇ ਵਿੱਚ ਆਵਾਰਾ ਕੁੱਤਿਆਂ ਦਾ ਖੌਫ ਕਾਫ਼ੀ ਸਮੇਂ ਤੋਂ ਬਣਿਆ ਹੋਇਆ ਹੈ ਅਤੇ ਕਈ ਬੱਚੇ ਤੇ ਰਾਹਗੀਰ ਪਹਿਲਾਂ ਵੀ ਇਨ੍ਹਾਂ ਦੇ ਹਮਲਿਆਂ ਦਾ ਸ਼ਿਕਾਰ ਹੋ ਚੁੱਕੇ ਹਨ। ਇਸਦੇ ਬਾਵਜੂਦ ਪ੍ਰਸ਼ਾਸਨ ਅਤੇ ਨਗਰ ਨਿਗਮ ਵੱਲੋਂ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸੇ ਇਲਾਕੇ ਦੀ ਰਾਮ ਨਗਰ ਕਾਲੋਨੀ ਦੇ ਰਹਿਣ ਵਾਲੇ ਰਾਜਨ ਸੈਣੀ ਨੇ ਦੱਸਿਆ ਕਿ ਵੀਰਵਾਰ ਰਾਤ ਕਰੀਬ ਸਾਢੇ ਅੱਠ ਵਜੇ ਉਹ ਕੰਮ ਤੋਂ ਘਰ ਵਾਪਸ ਆ ਰਹੇ ਸਨ। ਜਿਵੇਂ ਹੀ ਉਹ ਸਕੂਲ ਦੇ ਨੇੜੇ ਪਹੁੰਚੇ ਤਾਂ ਤਿੰਨ ਆਵਾਰਾ ਕੁੱਤਿਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ਨੇ ਭੱਜ ਕੇ ਬਚਣ ਦੀ ਕੋਸ਼ਿਸ਼ ਕੀਤੀ ਪਰ ਕੁੱਤਿਆਂ ਨੇ ਉਨ੍ਹਾਂ ਨੂੰ ਕੱਟ ਲਿਆ। ਰੌਲਾ ਪੈਣ ‘ਤੇ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚੇ ਅਤੇ ਡੰਡਿਆਂ ਦੀ ਮਦਦ ਨਾਲ ਕੁੱਤਿਆਂ ਨੂੰ ਉੱਥੋਂ ਭਜਾਇਆ। ਰਾਜਨ ਨੇ ਦੱਸਿਆ ਕਿ ਉਨ੍ਹਾਂ ਨੂੰ ਹਰ ਰੋਜ਼ ਕਰੀਬ ਇੱਕ ਹਜ਼ਾਰ ਰੁਪਏ ਦਾ ਟੀਕਾ ਲਗਵਾਉਣਾ ਪੈ ਰਿਹਾ ਹੈ, ਜਿਸ ਨਾਲ ਉਨ੍ਹਾਂ ਦੇ ਗਰੀਬ ਪਰਿਵਾਰ ‘ਤੇ ਆਰਥਿਕ ਬੋਝ ਪੈ ਗਿਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜਿਸ ਥਾਂ ਇਹ ਘਟਨਾ ਵਾਪਰੀ, ਉਸ ਦੇ ਨਾਲ ਹੀ ਡਿਪਟੀ ਮੇਅਰ ਦਾ ਘਰ ਵੀ ਹੈ, ਪਰ ਇਸ ਦੇ ਬਾਵਜੂਦ ਆਵਾਰਾ ਕੁੱਤਿਆਂ ਨੂੰ ਫੜਨ ਲਈ ਕੋਈ ਕਾਰਵਾਈ ਨਹੀਂ ਕੀਤੀ ਗਈ। ਉੱਥੇ ਹੀ ਮ੍ਰਿਤਕ ਬਜ਼ੁਰਗ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਕੋਲ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਅਤੇ ਨਾ ਹੀ ਮੀਡੀਆ ਸਾਹਮਣੇ ਕੋਈ ਬਿਆਨ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪੁਲਿਸ ਦੀ ਕਾਨੂੰਨੀ ਕਾਰਵਾਈ ਵਿੱਚ ਨਹੀਂ ਪੈਣਾ ਚਾਹੁੰਦੇ। ਉਧਰ, ਥਾਣਾ ਇਸਲਾਮਾਬਾਦ ਦੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਪਰਿਵਾਰ ਵੱਲੋਂ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਇਲਾਕਾ ਵਾਸੀਆਂ ਨੇ ਨਗਰ ਨਿਗਮ ਅਤੇ ਪ੍ਰਸ਼ਾਸਨ ਤੋਂ ਆਵਾਰਾ ਕੁੱਤਿਆਂ ਨੂੰ ਤੁਰੰਤ ਫੜਨ ਅਤੇ ਬੱਚਿਆਂ ਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਦਰਦਨਾਕ ਘਟਨਾਵਾਂ ਦੁਬਾਰਾ ਨਾ ਵਾਪਰਨ।