ਫਿਲੌਰ ਦੇ ਪਿੰਡ ਸੰਗ ਢੇਸੀਆ ’ਚ ਅਨੋਖਾ ਪ੍ਰਦਰਸ਼ਨ/ ਲੋਕਾਂ ਨੇ ਸੜਕ ਵਿਚਕਾਰ ਲਗਾਇਆ ਝੋਨਾ/ ਸੜਕ ਦੀ ਹਾਲਤ ਸੁਧਾਰਨ ਦੀ ਕੀਤੀ ਮੰਗ

0
2

ਫਿਲੌਰ ਦੇ ਪਿੰਡ ਸੰਗ ਢੇਸੀਆਂ ਵਿਖੇ ਪਿੰਡ ਵਾਸੀਆਂ ਵੱਲੋਂ ਅਨੋਖਾ ਪ੍ਰਦਰਸ਼ਨ ਕੀਤਾ ਗਿਆ। ਇੱਥੇ ਇਕੱਤਰ ਹੋਏ ਪਿੰਡ ਵਾਸੀਆਂ ਅਤੇ ਦੁਕਾਨਦਾਰਾਂ ਨੇ ਸੜਕ ਉਤੇ ਖੜ੍ਹੇ ਪਾਣੀ ਵਿਚ ਝੋਨਾ ਲਾਇਆ ਗਿਆ। ਲੋਕਾਂ ਦੇ ਦੱਸਣ ਮੁਤਾਬਕ ਇਹ ਸੜਕ ਦੀ ਮਾੜੀ ਹਾਲਤ ਅਤੇ ਪਾਣੀ ਦੀ ਨਿਕਾਸੀ ਲਈ ਸਰਕਾਰੇ-ਦਰਬਾਰੇ ਪਹੁੰਚ ਕਰ ਚੁੱਕੇ ਹਨ ਪਰ ਕੋਈ ਸੁਣਵਾਈ ਨਹੀਂ ਹੋਈ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਮਜਬੂਰਨ ਸੜਕ ਤੇ ਝੋਨਾ ਲਾਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਸੜਕ ਦੀ ਹਾਲਤ ਐਨੀ ਜ਼ਿਆਦਾ ਮਾੜੀ ਹੈ ਕਿ ਇੱਥੇ ਹਰ ਪਾਸੇ ਵੱਡੇ-ਵੱਡੇ ਟੋਏ ਪਏ ਹੋਏ ਹਨ, ਜਿਸ ਕਾਰਨ ਲਗਾਤਾਰ ਹਾਦਸਿਆਂ ਦਾ ਖਤਰਾ ਬਣਿਆ ਹੋਇਆ ਹੈ। ਸਥਾਨਕ ਵਾਸੀਆਂ ਨੇ ਪ੍ਰਸ਼ਾਸਨ ਤੋਂ ਸੜਕ ਦੀ ਹਾਲਤ ਸੁਧਾਰਨ ਦੀ ਮੰਗ ਕੀਤੀ ਹੈ।
ਲੋਕਾਂ ਨੇ ਗਿਲਾ ਜਾਹਰ ਕੀਤਾ ਕਿ ਇਹ ਸੜਕ ਲੰਬੇ ਸਮੇਂ ਤੋਂ ਟੁੱਟੀ ਹੋਈ ਹੈ, ਅਤੇ ਉੱਚ ਅਧਿਕਾਰੀਆਂ ਨੂੰ ਵਾਰ-ਵਾਰ ਰਿਪੋਰਟ ਕਰਨ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਪਿੰਡ ਵਾਸੀਆਂ ਨੇ ਕਿਹਾ ਕਿ ਸੜਕ ‘ਤੇ ਲਗਾਤਾਰ ਪਾਣੀ ਇਕੱਠਾ ਹੁੰਦਾ ਰਹਿੰਦਾ ਹੈ, ਜਿਸ ਕਾਰਨ ਪੈਦਲ ਚੱਲਣ ਵਾਲਿਆਂ ਅਤੇ ਵਾਹਨ ਚਾਲਕਾਂ ਨੂੰ ਕਾਫ਼ੀ ਪਰੇਸ਼ਾਨੀ ਹੁੰਦੀ ਹੈ। ਕਈ ਲੋਕ ਟੋਇਆਂ ਵਿੱਚ ਡਿੱਗ ਕੇ ਜ਼ਖਮੀ ਵੀ ਹੋਏ ਹਨ। ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਉਨ੍ਹਾਂ ਨੂੰ ਸੜਕ ਦੇ ਵਿਚਕਾਰ ਝੋਨਾ ਲਗਾ ਕੇ ਆਪਣਾ ਗੁੱਸਾ ਜ਼ਾਹਰ ਕਰਨ ਲਈ ਮਜਬੂਰ ਹੋਣਾ ਪਿਆ। ਪਿੰਡ ਵਾਸੀਆਂ ਨੇ ਸਰਕਾਰ ਅਤੇ ਸਬੰਧਤ ਵਿਭਾਗ ਤੋਂ ਸੜਕ ਦੀ ਤੁਰੰਤ ਮੁਰੰਮਤ ਕਰਨ ਦੀ ਮੰਗ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਮੱਸਿਆ ਦਾ ਜਲਦੀ ਹੱਲ ਨਾ ਹੋਇਆ ਤਾਂ ਉਹ ਹੋਰ ਵੀ ਵੱਡਾ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਹੋਣਗੇ।

LEAVE A REPLY

Please enter your comment!
Please enter your name here