ਹਰਿਆਣਾ ਵਾਸੀ ਨੌਜਵਾਨ ਦੀ ਭਾਈ ਖਾਲੜਾ ਨੂੰ ਸ਼ਰਧਾਂਜਲੀ/ ਫਿਲਮ ਸਤਲੁਜ ਤੋਂ ਪ੍ਰਭਾਵਿਤ ਹੋ ਕੇ ਸ਼ੁਰੂ ਕੀਤੀ ਪੈਦਲ ਯਾਤਰਾ/ ਜੰਡਿਆਲਾ ਗੁਰੂ ਪਹੁੰਚਣ ’ਤੇ ਲੋਕਾਂ ਵੱਲੋਂ ਭਰਵਾਂ ਸਵਾਗਤ

0
2

ਹਰਿਆਣਾ ਦੇ ਸਮਾਲਕਾ ਜ਼ਿਲ੍ਹਾ ਪਾਣੀਪੱਤ ਦੇ ਰਹਿਣ ਵਾਲੇ ਸੁਨੀਲ ਰਾਠੌਰ ਵੱਲੋਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਇਤਿਹਾਸਕ ਸੰਘਰਸ਼ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ 12 ਜੁਲਾਈ ਤੋਂ ਸ਼ੁਰੂ ਕੀਤੀ ਗਈ ਪੈਦਲ ਯਾਤਰਾ ਅੱਜ ਜੰਡਿਆਲਾ ਗੁਰੂ ਪਹੁੰਚੀ। ਇਸ ਮੌਕੇ ਸ਼ਹਿਰ ਵਾਸੀਆਂ ਅਤੇ ਸਮਾਜ ਸੇਵੀਆਂ ਨੇ ਸੁਨੀਲ ਰਾਠੌਰ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਦੀ ਇਸ ਵਿਲੱਖਣ ਪਹਿਲ ਦੀ ਸ਼ਲਾਘਾ ਕੀਤੀ। ਸੁਨੀਲ ਰਾਠੌਰ ਆਪਣੀ ਪੂਰੀ ਯਾਤਰਾ ਦੌਰਾਨ ਆਪਣੇ ਮੋਢਿਆਂ ‘ਤੇ ਇੱਕ ਵਿਸ਼ੇਸ਼ ਬੋਰਡ ਚੁੱਕ ਕੇ ਚੱਲ ਰਹੇ ਹਨ, ਜਿਸ ‘ਤੇ ਸ਼ਹੀਦ ਜਸਵੰਤ ਸਿੰਘ ਖਾਲੜਾ ਵੱਲੋਂ ਹਜ਼ਾਰਾਂ ਲਾਪਤਾ ਹੋਏ ਲੋਕਾਂ ਦੇ ਮਾਮਲਿਆਂ ਨੂੰ ਬੇਨਕਾਬ ਕਰਨ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਕੀਤੇ ਗਏ ਸੰਘਰਸ਼ ਨੂੰ ਦਰਸਾਇਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਯਾਤਰਾ ਦਾ ਇੱਕੋ-ਇੱਕ ਮਕਸਦ ਲੋਕਾਂ ਨੂੰ ਸ਼ਹੀਦ ਖਾਲੜਾ ਦੀ ਕੁਰਬਾਨੀ ਅਤੇ ਸੱਚਾਈ ਨਾਲ ਜਾਣੂ ਕਰਵਾਉਣਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਰਾਠੌਰ ਨੇ ਦੱਸਿਆ ਕਿ ਉਹ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫ਼ਿਲਮ “ਸਤਲੁਜ” ਤੋਂ ਪ੍ਰਭਾਵਿਤ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਇੰਟਰਨੈੱਟ ਰਾਹੀਂ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ, ਉਨ੍ਹਾਂ ਦੇ ਸੰਘਰਸ਼ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਕੁਰਬਾਨੀ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਇਸ ਅਧਿਐਨ ਤੋਂ ਪ੍ਰੇਰਿਤ ਹੋ ਕੇ ਹੀ ਉਨ੍ਹਾਂ ਨੇ ਪੈਦਲ ਯਾਤਰਾ ਸ਼ੁਰੂ ਕਰਨ ਦਾ ਫ਼ੈਸਲਾ ਲਿਆ। ਉਨ੍ਹਾਂ ਨੇ ਦੱਸਿਆ ਕਿ ਉਹ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਤੋਂ ਬਾਅਦ ਉਹ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਧਰਮ ਪਤਨੀ ਪਰਮਜੀਤ ਕੌਰ ਖਾਲੜਾ ਨਾਲ ਉਨ੍ਹਾਂ ਦੇ ਪਿੰਡ ਵਿੱਚ ਮੁਲਾਕਾਤ ਕਰਨਗੇ, ਜਿੱਥੇ ਇਸ ਯਾਤਰਾ ਦੀ ਸਮਾਪਤੀ ਹੋਵੇਗੀ।
ਸੁਨੀਲ ਰਾਠੌਰ ਨੇ ਕਿਹਾ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਅਤੇ ਉਨ੍ਹਾਂ ਵੱਲੋਂ ਮਨੁੱਖੀ ਅਧਿਕਾਰਾਂ ਲਈ ਲੜੀ ਗਈ ਲੜਾਈ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਿਸ਼ੇ ‘ਤੇ ਬਣੀ ਫ਼ਿਲਮ “ਸਤਲੁਜ” ‘ਤੇ ਕਿਸੇ ਵੀ ਤਰ੍ਹਾਂ ਦੀ ਰੋਕ ਨਹੀਂ ਲੱਗਣੀ ਚਾਹੀਦੀ, ਕਿਉਂਕਿ ਅਜਿਹੀਆਂ ਫ਼ਿਲਮਾਂ ਨਵੀਂ ਪੀੜ੍ਹੀ ਨੂੰ ਇਤਿਹਾਸ, ਸੱਚਾਈ ਅਤੇ ਇਨਸਾਫ਼ ਲਈ ਦਿੱਤੀਆਂ ਕੁਰਬਾਨੀਆਂ ਨਾਲ ਜਾਣੂ ਕਰਵਾਉਣ ਦਾ ਮਹੱਤਵਪੂਰਨ ਸਾਧਨ ਬਣਦੀਆਂ ਹਨ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਇਹ ਪੈਦਲ ਯਾਤਰਾ ਸਮਾਜ ਵਿੱਚ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਸੋਚ ਨੂੰ ਹੋਰ ਵਿਆਪਕ ਪੱਧਰ ‘ਤੇ ਪਹੁੰਚਾਉਣ ਵਿੱਚ ਸਹਾਇਕ ਸਾਬਤ ਹੋਵੇਗੀ।

LEAVE A REPLY

Please enter your comment!
Please enter your name here