ਪੰਜਾਬ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਵੇਗਾ ਸਿੱਖ ਜਥਾ/ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ/ 10 ਅਗੱਸਤ ਤਕ ਪਾਸਪੋਰਟ ਜਮ੍ਹਾਂ ਕਰਨ ਦੀ ਅਪੀਲ By admin - July 30, 2026 0 2 Facebook Twitter Pinterest WhatsApp ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਤੋਂ 10 ਅਗਸਤ ਤੱਕ ਪਾਸਪੋਰਟ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਹੈ। 1800 ਦੀ ਗਿਣਤੀ ਵਾਲਾ ਇਹ ਜਥਾ 22 ਨਵੰਬਰ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋ ਕੇ ਸ੍ਰੀ ਨਨਕਾਣਾ ਸਾਹਿਬ ਪਹੁੰਚੇਗਾ ਜਿੱਥੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਤੋਂ ਬਾਅਦ 3 ਦਸੰਬਰ ਨੂੰ ਵਾਪਸ ਪਰਤੇਗਾ। ਇਸ ਸਬੰਧੀ ਐਸਜੀਪੀਸੀ ਦੇ ਸਕੱਤਰ ਬਲਦੇਵ ਸਿੰਘ ਕਾਹਲਵਾਂ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੁਨੀਆ ਭਰ ਵਿੱਚ ਵੱਸਦੀਆਂ ਸਿੱਖ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਇਸ ਵਾਰ ਪੰਜਾਬ ਤੋਂ ਲਗਭਗ 1800 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜੇਗੀ। ਇਸ ਲਈ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ, ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਅਤੇ ਸੰਗਤਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਕਿ ਜਿਹੜੇ ਵੀ ਸ਼ਰਧਾਲੂ ਇਸ ਯਾਤਰਾ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ ਆਪਣਾ ਪਾਸਪੋਰਟ, ਇੱਕ ਪਾਸਪੋਰਟ ਸਾਈਜ਼ ਫੋਟੋ ਅਤੇ ਸ਼ਨਾਖਤੀ ਕਾਰਡ ਦੀ ਫੋਟੋਕਾਪੀ 10 ਅਗਸਤ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਜ਼ਰੂਰ ਜਮ੍ਹਾਂ ਕਰਵਾ ਦੇਣ। ਉਨ੍ਹਾਂ ਕਿਹਾ ਕਿ 10 ਅਗਸਤ ਤੋਂ ਬਾਅਦ ਕੋਈ ਵੀ ਪਾਸਪੋਰਟ ਸਵੀਕਾਰ ਨਹੀਂ ਕੀਤਾ ਜਾਵੇਗਾ, ਕਿਉਂਕਿ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰੀ ਏਜੰਸੀਆਂ ਵੱਲੋਂ ਵੀਜ਼ਾ ਅਤੇ ਸੁਰੱਖਿਆ ਜਾਂਚ ਲਈ ਨਿਰਧਾਰਤ ਸਮਾਂ ਲੱਗਦਾ ਹੈ। ਹਰ ਸ਼ਰਧਾਲੂ ਦੀ ਪੂਰੀ ਪੜਤਾਲ ਕੀਤੀ ਜਾਂਦੀ ਹੈ ਤਾਂ ਜੋ ਯਾਤਰਾ ਵਿੱਚ ਕੋਈ ਗੈਰ-ਕਾਨੂੰਨੀ ਜਾਂ ਅਪਰਾਧਿਕ ਪਿਛੋਕੜ ਵਾਲਾ ਵਿਅਕਤੀ ਸ਼ਾਮਲ ਨਾ ਹੋ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਇਹ ਜਥਾ 22 ਨਵੰਬਰ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋ ਕੇ ਸ੍ਰੀ ਨਨਕਾਣਾ ਸਾਹਿਬ ਪਹੁੰਚੇਗਾ। ਉੱਥੇ ਸਥਿਤ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਤੋਂ ਬਾਅਦ ਜਥਾ ਪਾਕਿਸਤਾਨ ਵਿੱਚ ਸਥਿਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰੇਗਾ, ਜੋ 1947 ਦੀ ਵੰਡ ਤੋਂ ਬਾਅਦ ਭਾਰਤ ਤੋਂ ਵਿਛੜ ਗਏ ਸਨ। ਉਨ੍ਹਾਂ ਕਿਹਾ ਕਿ ਹਰ ਸਿੱਖ ਦੀ ਅਰਦਾਸ ਵਿੱਚ ਇਨ੍ਹਾਂ ਗੁਰਧਾਮਾਂ ਦੇ ਦਰਸ਼ਨਾਂ ਦੀ ਇੱਛਾ ਸ਼ਾਮਲ ਹੁੰਦੀ ਹੈ ਅਤੇ ਇਹ ਯਾਤਰਾ ਉਸ ਆਸ ਨੂੰ ਪੂਰਾ ਕਰਨ ਦਾ ਇੱਕ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਕੱਲੀਆਂ ਮਹਿਲਾਵਾਂ ਵੀ ਇਸ ਯਾਤਰਾ ਵਿੱਚ ਸ਼ਾਮਲ ਹੋ ਸਕਦੀਆਂ ਹਨ, ਪਰ ਉਨ੍ਹਾਂ ਨੂੰ ਆਪਣੇ ਪਰਿਵਾਰਕ ਮੈਂਬਰ, ਸਰਪੰਚ, ਨੰਬਰਦਾਰ ਜਾਂ ਹੋਰ ਅਧਿਕਾਰਤ ਵਿਅਕਤੀ ਵੱਲੋਂ ਜਾਰੀ ਕੀਤਾ ਗਿਆ ਘੋਸ਼ਣਾ ਪੱਤਰ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਜਥਾ 10 ਦਿਨਾਂ ਦੀ ਯਾਤਰਾ ਪੂਰੀ ਕਰਕੇ 3 ਦਸੰਬਰ ਨੂੰ ਭਾਰਤ ਵਾਪਸ ਪਰਤੇਗਾ।