ਪੰਜਾਬ ਅੰਮ੍ਰਿਤਸਰ ਚ ਅਕਾਲੀ ਦਲ ਵਾਰਿਸ ਪੰਜਾਬ ਨੂੰ ਹੁਲਾਰਾ/ ਕਈ ਨਵੇਂ ਆਗੂਆਂ ਨੇ ਪਾਰਟੀ ’ਚ ਕੀਤੀ ਸ਼ਮੂਲੀਅਤ/ ਤਰਸੇਮ ਸਿੰਘ ਸਮੇਤ ਦਿੱਗਜ਼ ਆਗੂ ਰਹੇ ਮੌਜੂਦ By admin - August 3, 2026 0 2 Facebook Twitter Pinterest WhatsApp ਅੰਮ੍ਰਿਤਸਰ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸਮਾਗਮ ਦੌਰਾਨ ਪਾਰਟੀ ਵਿੱਚ ਕਈ ਨਵੇਂ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਲੋਕ ਰਵਾਇਤੀ ਪਾਰਟੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ ਉਹ ਇੱਕ ਨਵੇਂ ਬਦਲਾਅ ਦੀ ਉਮੀਦ ਅਕਾਲੀ ਦਲ ਵਾਰਿਸ ਪੰਜਾਬ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪਾਰਟੀ ਨਾਲ ਲਗਾਤਾਰ ਜੁੜਣਾ ਇਸ ਗੱਲ ਦਾ ਸਬੂਤ ਹੈ ਕਿ ਪਾਰਟੀ ਦਾ ਆਧਾਰ ਦਿਨੋ-ਦਿਨ ਮਜ਼ਬੂਤ ਹੋ ਰਿਹਾ ਹੈ। ਬਰਨਾਲਾ ਵਿੱਚ ਵਾਪਰੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਹਰ ਵਰਗ ਦੀ ਆਵਾਜ਼ ਸੁਣਨੀ ਚਾਹੀਦੀ ਹੈ ਅਤੇ ਲੋਕਤੰਤਰੀ ਢੰਗ ਨਾਲ ਉੱਠ ਰਹੀਆਂ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਬੇਅਦਬੀ ਰੋਕੂ ਕਾਨੂੰਨ ਸਮੇਤ ਹੋਰ ਅਹਿਮ ਮਸਲਿਆਂ ‘ਤੇ ਗੰਭੀਰ ਵਿਚਾਰ ਕਰਕੇ ਸਰਬਸੰਮਤੀ ਨਾਲ ਫ਼ੈਸਲੇ ਲਏ ਜਾਣਗੇ। ਆਗੂਆਂ ਨੇ ਕਿਹਾ ਕਿ ਪਾਰਟੀ ਪੰਜਾਬ ਨਾਲ ਜੁੜੇ ਹਰ ਸੰਵੇਦਨਸ਼ੀਲ ਮਸਲੇ ਨੂੰ ਪੰਥ ਅਤੇ ਸੰਗਤ ਦੀ ਭਾਵਨਾ ਅਨੁਸਾਰ ਉਠਾਏਗੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰ ਅਤੇ ਪੰਥਕ ਪਰੰਪਰਾਵਾਂ ਨੂੰ ਹਮੇਸ਼ਾ ਪਹਿਲ ਦਿੱਤੀ ਜਾਵੇਗੀ ਅਤੇ ਕਿਸੇ ਵੀ ਕਾਨੂੰਨ ਜਾਂ ਫ਼ੈਸਲੇ ਨੂੰ ਸਾਰੇ ਧਿਰਾਂ ਦੀ ਸਲਾਹ ਨਾਲ ਅੱਗੇ ਵਧਾਇਆ ਜਾਣਾ ਚਾਹੀਦਾ ਹੈ। ਬਾਪੂ ਤਰਸੇਮ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੀ ਸਭ ਤੋਂ ਵੱਡੀ ਸਮੱਸਿਆ ਨਸ਼ਾ, ਬੇਰੁਜ਼ਗਾਰੀ ਅਤੇ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਰੁਖ ਕਰਨਾ ਹੈ। ਉਨ੍ਹਾਂ ਕਿਹਾ ਕਿ ਹਜ਼ਾਰਾਂ ਪਰਿਵਾਰ ਆਪਣੀਆਂ ਜ਼ਮੀਨਾਂ ਵੇਚ ਕੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਮਜਬੂਰ ਹਨ, ਜੋ ਸੂਬੇ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ, ਸਿੱਖਿਆ ਅਤੇ ਨਸ਼ਾ-ਮੁਕਤ ਸਮਾਜ ਦੀ ਲੜਾਈ ਨੂੰ ਪਹਿਲ ਦੇਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਰਹੇ ਹਨ। ਆਗੂਆਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਮਿਹਨਤ ਕਰਨ ਅਤੇ ਪਾਰਟੀ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਇੱਕ ਮਜ਼ਬੂਤ ਅਤੇ ਲੋਕ-ਹਿਤੈਸ਼ੀ ਬਦਲਾਅ ਲਿਆਂਦਾ ਜਾ ਸਕੇਗਾ। ਸਮਾਗਮ ਦੇ ਅੰਤ ਵਿੱਚ ਪਾਰਟੀ ਨਾਲ ਜੁੜੇ ਸਾਰੇ ਆਗੂਆਂ, ਵਰਕਰਾਂ ਅਤੇ ਸੰਗਤ ਦਾ ਧੰਨਵਾਦ ਕੀਤਾ ਗਿਆ ਅਤੇ ਪੰਜਾਬ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ ਦੁਹਰਾਇਆ ਗਿਆ।