ਫਤਹਿਗੜ੍ਹ ਸਾਹਿਬ ਵਿਖੇ ਪੰਥਕ ਏਕਤਾ ਸਮਾਗਮ/ ਗਿਆਨੀ ਹਰਪ੍ਰੀਤ ਸਿੰਘ ਸਮੇਤ ਦਿੱਗਜ਼ ਆਗੂ ਮੌਜੂਦ/ ਪੰਥ ਤੇ ਪੰਜਾਬ ਦੇ ਮੁੱਦਿਆਂ ਬਾਰੇ ਵਿਚਾਰ-ਚਰਚਾ

0
2

ਸ੍ਰੀ ਫਤਹਿਗੜ੍ਹ ਸਾਹਿਬ ਦੇ ਪਿੰਡ ਪੰਜੋਲੀ ਕਲਾਂ ਵਿਖੇ ਪੰਥਕ ਏਕਤਾ ਸਮਾਗਮ ਕਰਵਾਇਆ ਗਿਆ। ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਹਾਲ ਵਿਖੇ ਹੋਏ ਸਮਾਗਮ ਵਿਚ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਪੰਥਕ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੋਂ ਇ ਲਾਵਾ ਕਈ ਸਿਆਸੀ ਦੇ ਧਾਰਮਿਕ ਹਸਤੀਆਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਪੰਥ ਅਤੇ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਥਕ ਧਿਰਾਂ ਦੀ ਏਕਤਾ ਸਮੇਂ ਦੀ ਲੋੜ ਹੈ ਅਤੇ ਜੇਕਰ ਸਿੱਖ ਕੌਮ ਦੇ ਹਿੱਤਾਂ ਦੀ ਰਾਖੀ ਕਰਨੀ ਹੈ ਤਾਂ ਆਪਸੀ ਮਤਭੇਦ ਭੁਲਾ ਕੇ ਇੱਕ ਮੰਚ ‘ਤੇ ਇਕੱਠੇ ਹੋਣਾ ਪਵੇਗਾ।
ਉਨ੍ਹਾਂ ਕਿਹਾ ਕਿ ਸਾਂਝੀ ਸੋਚ ਅਤੇ ਸਾਂਝੇ ਉਪਰਾਲਿਆਂ ਨਾਲ ਹੀ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨੁਮਾਇੰਦਗੀ ਕੀਤੀ ਜਾ ਸਕਦੀ ਹੈ। ਸਮਾਗਮ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਨਾਲ ਜੁੜੇ ਮੁੱਦੇ ਅਤੇ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੇ ਮਾਮਲੇ ਵੀ ਚਰਚਾ ਦਾ ਕੇਂਦਰ ਰਹੇ। ਬੁਲਾਰਿਆਂ ਨੇ ਇਨ੍ਹਾਂ ਮਸਲਿਆਂ ਪ੍ਰਤੀ ਗੰਭੀਰਤਾ ਨਾਲ ਵਿਚਾਰ ਕਰਨ ਅਤੇ ਇਨਸਾਫ਼ ਲਈ ਸਾਂਝੇ ਤੌਰ ‘ਤੇ ਆਵਾਜ਼ ਉਠਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।
ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਧਰਮ ਦੇ ਸਿਧਾਂਤਾਂ ਅਨੁਸਾਰ ਰਾਜਨੀਤੀ ਕਰਨੀ ਹੈ ਤਾਂ ਸਾਰੀਆਂ ਪੰਥਕ ਧਿਰਾਂ ਨੂੰ ਆਪਣੇ ਨਿੱਜੀ ਅਤੇ ਸੰਗਠਨਾਤਮਕ ਮਤਭੇਦਾਂ ਤੋਂ ਉੱਪਰ ਉੱਠ ਕੇ ਇੱਕ ਪਲੇਟਫਾਰਮ ‘ਤੇ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਕੌਮੀ ਹਿੱਤਾਂ ਨੂੰ ਪਹਿਲ ਦੇਣ ਦਾ ਹੈ ਅਤੇ ਪੰਥਕ ਏਕਤਾ ਰਾਹੀਂ ਹੀ ਸਿੱਖ ਕੌਮ ਨਾਲ ਜੁੜੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਸਕਦਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਬੰਦੀ ਸਿੰਘਾਂ ਦੇ ਪਰਿਵਾਰਾਂ ਅਤੇ ਕੌਮ ਲਈ ਸ਼ਹੀਦੀਆਂ ਦੇਣ ਵਾਲੇ ਪਰਿਵਾਰਾਂ ਨੂੰ ਵੀ ਨੁਮਾਇੰਦਗੀ ਦਾ ਮੌਕਾ ਮਿਲਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਭਾਵਨਾਵਾਂ ਦਾ ਸਨਮਾਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਪਰਿਵਾਰਾਂ ਦੀ ਸਿਆਸੀ ਭਾਗੀਦਾਰੀ ਨਾਲ ਕੌਮੀ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਉਠਾਇਆ ਜਾ ਸਕੇਗਾ।
ਭਾਈ ਜਸਵੰਤ ਸਿੰਘ ਖਾਲੜਾ ਮਾਮਲੇ ਦੇ ਦੋਸ਼ੀਆਂ ਨੂੰ ਕਥਿਤ ਤੌਰ ‘ਤੇ ਮਿਲ ਰਹੀਆਂ ਆਲੀਸ਼ਾਨ ਸਹੂਲਤਾਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, “ਹੋ ਸਕਦਾ ਹੈ ਕਿ ਉਹ ਸਰਕਾਰਾਂ ਦੇ ਜਵਾਈ ਹੋਣ।” ਉਨ੍ਹਾਂ ਦੀ ਇਸ ਟਿੱਪਣੀ ਤੋਂ ਬਾਅਦ ਸਮਾਗਮ ਵਿੱਚ ਮੌਜੂਦ ਲੋਕਾਂ ਵਿੱਚ ਵੀ ਇਸ ਮੁੱਦੇ ਨੂੰ ਲੈ ਕੇ ਚਰਚਾ ਛਿੜ ਗਈ। ਸਮਾਗਮ ਦੌਰਾਨ ਵੱਖ-ਵੱਖ ਪੰਥਕ ਆਗੂਆਂ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਪੰਥਕ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਭਵਿੱਖ ਵਿੱਚ ਵੀ ਅਜਿਹੇ ਇਕੱਠ ਕੀਤੇ ਜਾਣਗੇ, ਤਾਂ ਜੋ ਕੌਮ ਨਾਲ ਜੁੜੇ ਮੁੱਦਿਆਂ ‘ਤੇ ਸਾਂਝੀ ਰਣਨੀਤੀ ਤਿਆਰ ਕਰਕੇ ਉਨ੍ਹਾਂ ਦੇ ਹੱਲ ਲਈ ਸੰਗਠਿਤ ਢੰਗ ਨਾਲ ਯਤਨ ਕੀਤੇ ਜਾ ਸਕਣ।

LEAVE A REPLY

Please enter your comment!
Please enter your name here