ਪੰਜਾਬ ਸ੍ਰੀ ਕੀਰਤਪੁਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ/ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਵਿਸ਼ਾਲ ਸਮਾਗਮ/ ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ By admin - August 7, 2026 0 3 Facebook Twitter Pinterest WhatsApp ਅੱਠਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਕ੍ਰਿਸ਼ਨ ਪਾਤਸ਼ਾਹ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ, ਕੀਰਤਪੁਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਅਸੀਸਾਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈ ਦਿੰਦਿਆਂ ਆਪਸੀ ਏਕਤਾ ਦਾ ਸੰਦੇਸ਼ ਦਿੱਤਾ। ਇਸੇ ਤਰ੍ਹਾਂ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਸਿੱਖ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ। ਆਪਣੇ ਸੰਬੋਧਨ ਵਿੱਚ ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਸੰਗਤ ਅਤੇ ਗੁਰੂ ਸਾਹਿਬ ਦੇ ਵਿਚਕਾਰ ਕੋਈ ਵੀ ਸਰਕਾਰ ਜਾਂ ਸਿਆਸੀ ਤਾਕਤ ਨਹੀਂ ਆ ਸਕਦੀ। ਉਨ੍ਹਾਂ ਕਿਹਾ ਕਿ ਇਹ ਵਿਧਾਨ ਸਭਾ ਜਾਂ ਸਿਆਸੀ ਲੋਕ ਤੈਅ ਨਹੀਂ ਕਰਨਗੇ ਕਿ ਸੰਗਤ ਕਿਹੜੀ ਹੈ ਅਤੇ ਸਿੱਖ ਪੰਥ ਦਾ ਰਸਤਾ ਕੀ ਹੈ। ਗਿਆਨੀ ਗੜਗੱਜ ਨੇ ਬਿਨਾਂ ਕਿਸੇ ਦਾ ਨਾਮ ਲਏ ਬੀਤੇ ਦਿਨੀਂ ਗੁਰੂ ਘਰਾਂ ਵਿੱਚੋਂ ਗੋਲਕਾਂ ਚੁੱਕਣ ਦੇ ਮਾਮਲੇ ਨੂੰ ਵੀ ਆਪਣੇ ਸੰਬੋਧਨ ਵਿੱਚ ਛੇੜਿਆ। ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਦਾ ਸਤਿਕਾਰ ਕਰਨ ਅਤੇ ਸਿਆਸੀ ਲੋਕਾਂ ਵੱਲੋਂ ਸੰਗਤ ਨੂੰ ਗੁਰੂ ਸਾਹਿਬ ਨਾਲੋਂ ਤੋੜਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ’ਤੇ ਵਿਸ਼ਵਾਸ ਨਾ ਕਰਨ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਅਸਲੀ ਤਾਕਤ ਗੁਰੂ ਨਾਲ ਜੁੜੇ ਰਹਿਣ ਵਿੱਚ ਹੈ ਅਤੇ ਪੰਥਕ ਏਕਤਾ ਨੂੰ ਕਾਇਮ ਰੱਖਣਾ ਸਮੇਂ ਦੀ ਵੱਡੀ ਲੋੜ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਹਾਜ਼ਰੀ ਭਰੀ ਅਤੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਏ। ਸਮਾਗਮ ਦੌਰਾਨ ਗੁਰਬਾਣੀ ਕੀਰਤਨ, ਕਥਾ-ਵਿਚਾਰ ਅਤੇ ਅਰਦਾਸ ਉਪਰੰਤ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਲੈ ਕੇ ਦਿਨ ਭਰ ਭਾਰੀ ਰੌਣਕ ਰਹੀ ਅਤੇ ਸੰਗਤਾਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ।