ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਚੇਅਰਮੈਨ ਗੜ੍ਹੀ/ ਮੱਥਾ ਟੇਕਣ ਕੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ/ ਗੁਰੂ ਘਰ ਦੀ ਪਵਿੱਤਰ ਪਰਿਕਰਮਾ ਦੇ ਕੀਤੇ ਦਰਸ਼ਨ

0
2

ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਪਵਿੱਤਰ ਪਰਿਕਰਮਾ ਦੇ ਦਰਸ਼ਨ ਕੀਤੇ, ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਰੂਹਾਨੀ ਮਾਹੌਲ ਵਿੱਚ ਉਨ੍ਹਾਂ ਨੇ ਕੁਝ ਸਮਾਂ ਗੁਰਬਾਣੀ ਕੀਰਤਨ ਸਰਵਣ ਕਰਦਿਆਂ ਬਿਤਾਇਆ। ਮੀਡੀਆ ਨਾਲ ਗੱਲਬਾਤ ਕਰਦਿਆਂ ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਗੁਰੂ ਘਰ ਸਮੁੱਚੀ ਲੋਕਾਈ ਨੂੰ ਬਰਾਬਰਤਾ, ਪ੍ਰੇਮ, ਸਾਂਝ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅਜਿਹਾ ਪਵਿੱਤਰ ਅਸਥਾਨ ਹੈ, ਜਿੱਥੇ ਹਰ ਵਰਗ ਅਤੇ ਹਰ ਧਰਮ ਦੇ ਲੋਕ ਬਿਨਾਂ ਕਿਸੇ ਭੇਦਭਾਵ ਦੇ ਨਤਮਸਤਕ ਹੁੰਦੇ ਹਨ।
ਉਨ੍ਹਾਂ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਦੀਆਂ ਪਹਿਲਾਂ ਸਮਾਜ ਵਿੱਚੋਂ ਜਾਤ-ਪਾਤ ਅਤੇ ਵਿਤਕਰੇ ਦੀਆਂ ਵੰਡੀਆਂ ਨੂੰ ਖ਼ਤਮ ਕਰਨ ਦਾ ਸੰਦੇਸ਼ ਦਿੱਤਾ। ਸੰਗਤ ਅਤੇ ਪੰਗਤ ਦੀ ਪ੍ਰਥਾ ਰਾਹੀਂ ਹਰ ਵਿਅਕਤੀ ਨੂੰ ਬਰਾਬਰਤਾ ਦਾ ਦਰਜਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਸਮਾਨਤਾ ਅਤੇ ਮਨੁੱਖੀ ਸਨਮਾਨ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਅੱਜ ਵੀ ਸਮੇਂ ਦੀ ਲੋੜ ਹੈ। ਭਾਰਤੀ ਸੰਵਿਧਾਨ ਵੱਲੋਂ ਨਾਗਰਿਕਾਂ ਨੂੰ ਦਿੱਤੇ ਗਏ ਸਮਾਨਤਾ ਦੇ ਅਧਿਕਾਰਾਂ ਦਾ ਹਵਾਲਾ ਦਿੰਦਿਆਂ ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਮਨੁੱਖਤਾ ਨੂੰ ਬਰਾਬਰਤਾ ਅਤੇ ਸਨਮਾਨ ਨਾਲ ਜੀਵਨ ਜਿਊਣ ਦਾ ਰਾਹ ਦਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਨੂੰ ਖ਼ਤਮ ਕਰਨ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।
ਇਸ ਦੌਰਾਨ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਨਾਲ ਵਾਪਰੇ ਮਾਮਲੇ ਸਬੰਧੀ ਪੁੱਛੇ ਗਏ ਸਵਾਲ ’ਤੇ ਐਸਸੀ ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਕਮਿਸ਼ਨ ਵੱਲੋਂ ਇਸ ਮਾਮਲੇ ਦਾ ਸੁਓ ਮੋਟੋ ਨੋਟਿਸ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਵਿੱਚ ਸਬੰਧਤ ਡੀਐਸਪੀ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ। ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੀੜਤਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਨਾਲ-ਨਾਲ ਮੁਫ਼ਤ ਇਲਾਜ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ।
ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਦੇਖਿਆ ਜਾ ਰਿਹਾ ਹੈ ਅਤੇ ਪ੍ਰਸ਼ਾਸਨ ਤੋਂ ਮੰਗੀ ਗਈ ਰਿਪੋਰਟ ਮਿਲਣ ਉਪਰੰਤ ਤੱਥਾਂ ਦੇ ਆਧਾਰ ’ਤੇ ਬਣਦੀ ਅਗਲੀ ਕਾਰਵਾਈ ਕੀਤੀ ਜਾਵੇਗੀ। ਚੇਅਰਮੈਨ ਨੇ ਕਿਹਾ ਕਿ ਐਸਸੀ ਕਮਿਸ਼ਨ ਦਾ ਮੁੱਖ ਉਦੇਸ਼ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨਾਲ ਹੋ ਰਹੇ ਕਿਸੇ ਵੀ ਤਰ੍ਹਾਂ ਦੇ ਵਿਤਕਰੇ ਜਾਂ ਬੇਇਨਸਾਫ਼ੀ ਦੇ ਮਾਮਲੇ ਵਿੱਚ ਉਚਿਤ ਕਾਰਵਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸਮਾਜ ਵਿੱਚ ਬਰਾਬਰਤਾ, ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ।

LEAVE A REPLY

Please enter your comment!
Please enter your name here