ਗੁਰਬਾਣੀ ਪ੍ਰਸਾਰਨ ਨੂੰ ਲੈ ਕੇ ਜਥੇਦਾਰ ਦਾ ਵੱਡਾ ਬਿਆਨ/ ਪ੍ਰਸਾਰਨ ਦਾ ਅਧਿਕਾਰ ਐਸਜੀਪੀਸੀ ਕੋਲ ਹੋਣ ਦਾ ਦਾਅਵਾ/ ਕਿਹਾ, ਮਨਮਰਜ਼ੀ ਨਾਲ ਨਹੀਂ ਕੀਤਾ ਜਾ ਸਕਦਾ ਪ੍ਰਸਾਰਨ

0
3

 

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਬਾਣੀ ਦੇ ਲਾਈਵ ਪ੍ਰਸਾਰਨ ਨੂੰ ਲੈ ਕੇ ਚੱਲ ਰਹੇ ਵਿਵਾਦ ਉੱਤੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਸਪੱਸ਼ਟ ਕੀਤਾ ਕਿ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਸਬੰਧੀ ਕਿਸੇ ਵੀ ਚੈਨਲ ਜਾਂ ਸੰਸਥਾ ਨੂੰ ਆਪਣੀ ਮਨਮਰਜ਼ੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਚੁਣੀ ਹੋਈ ਨੁਮਾਇੰਦਾ ਜਥੇਬੰਦੀ ਹੈ, ਇਸ ਲਈ ਗੁਰਬਾਣੀ ਪ੍ਰਸਾਰਨ ਦੇ ਸਾਰੇ ਪ੍ਰਬੰਧ ਅਤੇ ਫੈਸਲੇ ਲੈਣ ਦਾ ਏਕਾ ਅਧਿਕਾਰ ਐਸਜੀਪੀਸੀ ਕੋਲ ਹੈ ਅਤੇ ਜੇਕਰ ਕੋਈ ਧੱਕੇ ਨਾਲ ਪ੍ਰਸਾਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਹ ਗਲਤ ਹੈ।
ਉਨ੍ਹਾਂ ਕਿਹਾ ਕਿ ਗੁਰਬਾਣੀ ਸਰਬ-ਸਾਂਝੀ ਹੈ, ਪਰ ਇਸ ਦੇ ਪ੍ਰਬੰਧ, ਮਰਯਾਦਾ ਅਤੇ ਸਤਿਕਾਰ ਦੀ ਜ਼ਿੰਮੇਵਾਰੀ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਹੈ। ਜੇਕਰ ਕੋਈ ਚੈਨਲ ਗੁਰਬਾਣੀ ਦਾ ਪ੍ਰਸਾਰਨ ਕਰਨਾ ਚਾਹੁੰਦਾ ਹੈ, ਤਾਂ ਉਸ ਨੂੰ ਸ਼੍ਰੋਮਣੀ ਕਮੇਟੀ ਤੋਂ ਪੂਰਨ ਇਜਾਜ਼ਤ ਲੈਣੀ ਪਵੇਗੀ। ਕਿਸੇ ਵੀ ਧਿਰ ਵਲੋਂ ਬਿਨਾਂ ਮਨਜ਼ੂਰੀ ਤੋਂ ਪ੍ਰਸਾਰਨ ਚਲਾਉਣਾ ਬਿਲਕੁਲ ਗਲਤ ਹੈ। ਸ਼੍ਰੋਮਣੀ ਕਮੇਟੀ ਦੇ ਆਪਣੇ ਅਧਿਕਾਰਤ ਚੈਨਲ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਕੇਂਦਰ ਸਰਕਾਰ ਕੋਲ ਮਨਜ਼ੂਰੀ ਲਈ ਮਾਮਲਾ ਭੇਜਿਆ ਗਿਆ ਹੈ। ਕੇਂਦਰ ਸਰਕਾਰ ਨੂੰ ਇਸ ਚੈਨਲ ਲਈ ਛੇਤੀ ਤੋਂ ਛੇਤੀ ਹਰੀ ਝੰਡੀ ਦੇਣੀ ਚਾਹੀਦੀ ਹੈ।
ਬੰਦੀ ਸਿੰਘਾਂ ਦੀ ਰਿਹਾਈ ਅਤੇ ਪੈਰੋਲ ਬਾਰੇ ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਨਾਲ ਮਿਲਣ ਲਈ ਛੇਤੀ ਪੈਰੋਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੁੱਤਰ ਦਾ ਆਪਣੀ ਮਾਂ ਨੂੰ ਮਿਲਣਾ ਇੱਕ ਮਨੁੱਖੀ ਅਧਿਕਾਰ ਹੈ। ਜਥੇਦਾਰ ਨੇ ਬੰਦੀ ਸਿੰਘਾਂ ਦੇ ਮਾਮਲਿਆਂ ਵਿੱਚ ਸਰਕਾਰਾਂ ਵਲੋਂ ਅਪਣਾਏ ਜਾ ਰਹੇ ਦੋਹਰੇ ਮਾਪਦੰਡਾਂ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਸਮੁੱਚੇ ਪੰਥ ਨੂੰ ਨਿਸ਼ਾਨ ਸਾਹਿਬ ਹੇਠ ਇਕੱਠੇ ਹੋ ਕੇ ਚੜ੍ਹਦੀ ਕਲਾ ਲਈ ਕਾਰਜ ਕਰਨ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here