ਐਸਜੀਪੀਸੀ ਨੇ ਦੇਸ਼ ਵੰਡ ਦੇ ਸ਼ਹੀਦਾਂ ਨੂੰ ਕੀਤਾ ਯਾਦ/ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਸਮਾਗਮ/ ਜਥੇਦਾਰ ਗੜਗੱਜ ਨੇ ਕੀਤਾ ਸੰਬੋਧਨ

0
2

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਵੱਲੋਂ 1947 ਦੀ ਕਤਲੋਗਾਰਤ ਤੇ ਪੰਜਾਬ ਦੀ ਵੰਡ ਸਮੇਂ ਸ਼ਹੀਦ ਹੋਏ ਸਮੂਹ ਪੰਜਾਬੀਆਂ ਦੀ ਯਾਦ ਵਿੱਚ ਅਰਦਾਸ ਸਮਾਗਮ ਕਰਵਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ ਇਸ ਸਮਾਗਮ ਜਥੇਦਾਰ ਕੁਲਦੀਪ ਸਿੰਘ ਗੜਗੱਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਆਪਣੇ ਸੰਬੋਧਨ ਵਿਚ ਜਥੇਦਾਰ ਗੜਗੱਜ ਨੇ ਕਿਹਾ ਕਿ ਸਾਡੇ ਬਜ਼ੁਰਗਾਂ ਨੇ 1947 ਦੀ ਵੰਡ ਨੂੰ ਪੰਜਾਬ ਦਾ ਉਜਾੜਾ ਕਿਹਾ ਹੈ, ਜਿਸ ਦੌਰਾਨ 10 ਲੱਖ ਤੋਂ ਵੱਧ ਪੰਜਾਬੀਆਂ ਦੀ ਕਤਲੋਗਾਰਤ ਹੋਈ ਹੈ।
ਉਨ੍ਹਾਂ ਕਿਹਾ ਕਿ ਗਿਆਨੀ ਸੋਹਨ ਸਿੰਘ ਸੀਤਲ ਜੀ ਦੀ ਪੁਸਤਕ ਪੰਜਾਬ ਦਾ ਉਜਾੜਾ ਵਿੱਚ ਵੰਡ ਦੇ ਸਮੇਂ ਦੀਆਂ ਬਹੁਤ ਘਟਨਾਵਾਂ ਦਰਜ ਹਨ, ਜਿਨ੍ਹਾਂ ਨੂੰ ਪੜ੍ਹ ਕੇ ਲੂ-ਕੰਡੇ ਖੜ੍ਹੇ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1947 ਦੀ ਕਤਲੋਗਾਰਤ ਵਿੱਚ ਸ਼ਹੀਦ ਹੋਏ ਸਮੂਹ ਪੰਜਾਬੀਆਂ ਦੀ ਯਾਦ ਵਿੱਚ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਗਈ ਹੈ ਕਿ ਅਜਿਹਾ ਸਮਾਂ ਦੁਬਾਰਾ ਕਦੇ ਵੀ ਨਾ ਆਵੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਰੋਜ਼ਾਨਾ ਅਰਦਾਸ ਕਰਦੇ ਹਨ ਕਿ ਜਿਹੜੇ ਪਾਵਨ ਗੁਰੂਧਾਮ ਖ਼ਾਲਸਾ ਪੰਥ ਤੋਂ ਵਿਛੜੇ ਉਨ੍ਹਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਹੋਣ। ਉਨ੍ਹਾਂ ਕਿਹਾ ਕਿ 1947 ਵਿੱਚ ਸਾਡੇ ਜਾਨ ਤੋਂ ਪਿਆਰੇ ਗੁਰੂਧਾਮ ਵਿਛੜੇ, ਸਾਨੂੰ ਆਪਣੇ ਘਰ ਤੇ ਜ਼ਮੀਨਾਂ ਛੱਡਣੀਆਂ ਪਈਆਂ। ਸਿੱਖਾਂ ਦੀ ਅੱਜ ਵੀ ਇਹੀ ਭਾਵਨਾ ਹੈ ਕਿ ਆਪਣੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਦੇ ਰਹਿਣ, ਸਾਨੂੰ ਪੂਰਾ ਭਰੋਸਾ ਹੈ ਕਿ ਗੁਰੂ ਸਾਹਿਬ ਇਹ ਅਰਦਾਸ ਜ਼ਰੂਰ ਪੂਰੀ ਕਰਨਗੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਵੀ ਪਿਛਲੇ ਲਗਭਗ ਡੇਢ ਸਾਲ ਤੋਂ ਬੰਦ ਪਿਆ ਹੈ, ਜਿਸ ਨੂੰ ਸਿੱਖ ਭਾਵਨਾਵਾਂ ਅਨੁਸਾਰ ਭਾਰਤ ਤੇ ਪਾਕਿਸਤਾਨ ਸਰਕਾਰਾਂ ਨੂੰ ਆਪਸ ਵਿੱਚ ਗੱਲਬਾਤ ਕਰਕੇ ਬਿਨਾਂ ਦੇਰੀ ਖੋਲ੍ਹਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਿੱਖ ਸੰਗਤ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮਝੌਤੇ ਤਹਿਤ ਜਥਿਆਂ ਰਾਹੀਂ ਜਾਂਦੀਆਂ ਹਨ, ਤਾਂ ਵੱਧ ਤੋਂ ਵੱਧ ਸੰਗਤ ਦਰਸ਼ਨ ਲਈ ਜਾਣਾ ਚਾਹੁੰਦੀ ਹੈ। ਪਿਛਲੇ ਸਮੇਂ ਸਿੱਖ ਜਥਿਆਂ ਲਈ ਸ਼੍ਰੋਮਣੀ ਕਮੇਟੀ ਪਾਸ ਰਿਕਾਰਡ ਗਿਣਤੀ ਵਿੱਚ ਪਾਸਪੋਰਟ ਪੁੱਜ ਰਹੇ ਹਨ। ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਸਿੱਖ ਜਥਿਆਂ ਵਿੱਚ ਸ਼ਰਧਾਲੂਆਂ ਦੀ ਗਿਣਤੀ ਤੋ ਕੋਟਾ ਵਧਾਉਣ ਲਈ ਗੰਭੀਰਤਾ ਨਾਲ ਗੌਰ ਕਰਨੀ ਚਾਹੀਦੀ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਉਨ੍ਹਾਂ ਨਾਲ ਸਬੰਧਤ ਮਸਲੇ ਹੱਲ ਕਰਨ ਦੀ ਗੱਲ ਵੀ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲੀ ਦਾ ਮਾਮਲਾ ਹੋਵੇ ਜਾਂ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਅਤੇ ਉਨ੍ਹਾਂ ਦੀ ਬਜ਼ੁਰਗ ਤੇ ਬੀਮਾਰ ਮਾਤਾ ਬੀਬੀ ਨਰਿੰਦਰ ਕੌਰ ਦੀ ਮੁਲਾਕਾਤ ਦਾ ਮਾਮਲਾ ਹੋਵੇ, ਸਿੱਖਾਂ ਨਾਲ ਸਰਕਾਰਾਂ ਵੱਲੋਂ ਵਿਤਕਰਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ 1947 ਤੋਂ ਪਹਿਲਾਂ ਵੀ ਸਿੱਖਾਂ ਨੇ ਜੇਲ੍ਹਾਂ ਕੱਟੀਆਂ, ਫਾਂਸੀਆਂ ਝੱਲੀਆਂ ਅਤੇ ਅੱਜ ਵੀ ਸਿੱਖ ਜੇਲ੍ਹਾਂ ਕੱਟ ਰਹੇ ਹਨ।

LEAVE A REPLY

Please enter your comment!
Please enter your name here