ਕੋਟਕਪੂਰਾ ’ਚ ਫਰਜ਼ੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼/ 35 ਨੌਜਵਾਨਾਂ ਦਾ ਕੀਤਾ ਰੈਸਕਿਊ/ ਸਰਕਾਰੀ ਨਸ਼ਾ ਛੁਡਾਊ ਕੇਂਦਰ ’ਚ ਕਰਵਾਇਆ ਭਰਤੀ

0
2

ਕੋਟਕਪੂਰਾ ਵਿੱਚ ਸਿਹਤ ਵਿਭਾਗ ਦੀ ਟੀਮ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਸਿੱਖਾਂਵਾਲਾ ਰੋਡ ਸਥਿਤ ਦੋ ਕੋਠੀਆਂ ਵਿੱਚ ਗੈਰ-ਕਾਨੂੰਨੀ ਤੌਰ ’ਤੇ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕੀਤਾ ਹੈ। ਕਾਰਵਾਈ ਦੌਰਾਨ ਕੇਂਦਰ ਵਿੱਚ ਦਾਖ਼ਲ 35 ਨੌਜਵਾਨਾਂ ਨੂੰ ਰੈਸਕਿਊ ਕਰਕੇ ਇਲਾਜ ਲਈ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਸਥਿਤ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਗਿਆ ਹੈ। ਸਿਹਤ ਵਿਭਾਗ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਇਹ ਕਾਰਵਾਈ ਡਿਪਟੀ ਕਮਿਸ਼ਨਰ ਦਫਤਰ ਵਿਖੇ ਪਹੁੰਚੀ ਸ਼ਿਕਾਇਤ ਦੇ ਆਧਾਰ ਤੇ ਕੀਤੀ ਹੈ।
ਜਾਣਕਾਰੀ ਮੁਤਾਬਕ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਇਸ ਗੈਰ-ਕਾਨੂੰਨੀ ਕੇਂਦਰ ਸਬੰਧੀ ਸ਼ਿਕਾਇਤ ਮਿਲੀ ਸੀ। ਡੀਸੀ ਦੇ ਨਿਰਦੇਸ਼ਾਂ ’ਤੇ ਸਿਹਤ ਵਿਭਾਗ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਟੀਮ ਨੇ ਪੁਲਿਸ ਨੂੰ ਨਾਲ ਲੈ ਕੇ ਕੇਂਦਰ ’ਤੇ ਛਾਪੇਮਾਰੀ ਕੀਤੀ। ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਕੇਂਦਰ ਦਾ ਸੰਚਾਲਕ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਕੇਂਦਰ ਦੋ ਨਾਲ ਲੱਗਦੀਆਂ ਕੋਠੀਆਂ ਵਿੱਚ ਚਲਾਇਆ ਜਾ ਰਿਹਾ ਸੀ, ਜਿੱਥੇ 35 ਨੌਜਵਾਨ ਦਾਖ਼ਲ ਸਨ।
ਟੀਮ ਨੇ ਸਾਰੇ ਨੌਜਵਾਨਾਂ ਨੂੰ ਐਂਬੂਲੈਂਸ ਰਾਹੀਂ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਸ਼ਿਫਟ ਕਰ ਦਿੱਤਾ।  ਥਾਣਾ ਸਿਟੀ ਕੋਟਕਪੂਰਾ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਅਤੇ ਸਿਵਲ ਪ੍ਰਸ਼ਾਸਨ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਗੈਰ-ਕਾਨੂੰਨੀ ਤੌਰ ’ਤੇ ਚਲ ਰਹੇ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਸਿਹਤ ਵਿਭਾਗ ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਸਿਹਤ ਵਿਭਾਗ ਦੀ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here