ਪੰਜਾਬ ਪਟਿਆਲਾ ’ਚ ਡੀਸੀ ਦਫਤਰਾਂ ਦੀ ਹੜਤਾਲ ਜਾਰੀ/ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚਿਤਾਵਨੀ/ 27 ਅਗਸਤ ਨੂੰ ਪੂਰੇ ਦਫ਼ਤਰ ਬੰਦ ਕਰਨ ਦਾ ਐਲਾਨ By admin - August 25, 2026 0 2 Facebook Twitter Pinterest WhatsApp ਪਟਿਆਲਾ ਦੇ ਮਿੰਨੀ ਸਕੱਤਰੇਤ ਵਿੱਚ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੀ ਹੜਤਾਲ ਲਗਾਤਾਰ ਜਾਰੀ ਹੈ। ਇੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਕਰਮਚਾਰੀ ਧਰਨੇ ’ਤੇ ਬੈਠੇ ਹੋਏ ਹਨ। ਹੜਤਾਲੀ ਮੁਲਾਜਮਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਆਗੂਆਂ ਨੇ ਕਿਹਾ ਕਿ 26 ਅਗਸਤ ਤੱਕ ਹੜਤਾਲ ਜਾਰੀ ਰਹੇਗੀ ਅਤੇ 27 ਅਗਸਤ ਨੂੰ ਪੰਜਾਬ ਭਰ ਵਿੱਚ ਸਾਰੇ ਸਰਕਾਰੀ ਦਫ਼ਤਰ ਪੂਰੀ ਤਰ੍ਹਾਂ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਧਰਨੇ ’ਤੇ ਬੈਠੀ ਕਰਮਚਾਰੀ ਸੰਦੀਪ ਕੌਰ ਨੇ ਦੱਸਿਆ ਕਿ ਯੂਨੀਅਨ ਵੱਲੋਂ ਕਰਮਚਾਰੀਆਂ ਦੀ ਪੈਨਸ਼ਨ, ਸਰਵਿਸ ਨਾਲ ਸਬੰਧਤ ਸਰਟੀਫਿਕੇਟਾਂ ਅਤੇ ਹੋਰ ਲੰਬਿਤ ਮਾਮਲਿਆਂ ਨੂੰ ਲੈ ਕੇ ਸਰਕਾਰ ਨੂੰ ਸਮਾਂ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਅੱਗੇ ਵੀ ਜਾਰੀ ਰੱਖਿਆ ਜਾਵੇਗਾ ਅਤੇ ਪੰਜਾਬ ਦੀਆਂ ਹੋਰ ਕਰਮਚਾਰੀ ਜਥੇਬੰਦੀਆਂ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ ਵਿੱਚ ਵੀ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸੇ ਦੌਰਾਨ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪਟਿਆਲਾ ਦੇ ਪ੍ਰਧਾਨ ਦਰਸ਼ਨ ਸਿੰਘ ਨੇ ਕਿਹਾ ਕਿ ਕਰਮਚਾਰੀ ਪਿਛਲੀ 17 ਅਗਸਤ ਤੋਂ ਨਿਯਮਤ ਹੜਤਾਲ ’ਤੇ ਹਨ। ਉਨ੍ਹਾਂ ਦੱਸਿਆ ਕਿ ਸੂਬਾ ਪੱਧਰ ’ਤੇ ਕਰਮਚਾਰੀ ਜਥੇਬੰਦੀਆਂ ਦੀ ਸਰਕਾਰ ਨਾਲ ਗੱਲਬਾਤ ਅਤੇ ਵਿਚਾਰ-ਵਟਾਂਦਰਾ ਚੱਲ ਰਿਹਾ ਹੈ, ਪਰ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਸਥਾਈ ਹੱਲ ਨਹੀਂ ਹੋਇਆ। ਦਰਸ਼ਨ ਸਿੰਘ ਨੇ ਕਿਹਾ ਕਿ 26 ਅਗਸਤ ਤੱਕ ਹੜਤਾਲ ਜਾਰੀ ਰਹੇਗੀ, ਜਦਕਿ 27 ਅਗਸਤ ਨੂੰ ਪੰਜਾਬ ਭਰ ਵਿੱਚ ਸਾਰੇ ਸਰਕਾਰੀ ਦਫ਼ਤਰ ਪੂਰੀ ਤਰ੍ਹਾਂ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਵੱਖ-ਵੱਖ ਵਿਭਾਗਾਂ ਅਤੇ ਕਰਮਚਾਰੀ ਜਥੇਬੰਦੀਆਂ ਦੇ ਮੈਂਬਰ ਇਕਜੁੱਟ ਹੋ ਕੇ ਸਰਕਾਰ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਉਣਗੇ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਬਣਨ ਸਮੇਂ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਲਗਭਗ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਕਈ ਮੰਗਾਂ ਅਜੇ ਵੀ ਲੰਬਿਤ ਹਨ। ਕਰਮਚਾਰੀਆਂ ਵਿੱਚ ਇਸੇ ਗੱਲ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ। ਕਰਮਚਾਰੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਮਕਸਦ ਆਮ ਲੋਕਾਂ ਨੂੰ ਪਰੇਸ਼ਾਨ ਕਰਨਾ ਨਹੀਂ ਹੈ। ਉਨ੍ਹਾਂ ਸਰਕਾਰ ਤੋਂ ਅਪੀਲ ਕੀਤੀ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਸਵੀਕਾਰ ਕੀਤਾ ਜਾਵੇ, ਤਾਂ ਜੋ ਹੜਤਾਲ ਖ਼ਤਮ ਕਰਕੇ ਕਰਮਚਾਰੀ ਮੁੜ ਆਪਣੇ ਕੰਮ ’ਤੇ ਪਰਤ ਸਕਣ ਅਤੇ ਆਮ ਲੋਕਾਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।