ਫਤਹਿਗੜ੍ਹ ਸਾਹਿਬ ਦੇ ਮੁਹੱਲਾ ਕਲੀਨਿਕ ਕਾਮਿਆਂ ਦੀ ਹੜਤਾਲ/ ਅਣਮਿੱਥੇ ਸਮੇਂ ਲਈ ਹੜਤਾਲ ਤੇ ਗਏ ਸਾਰੇ ਮੁਲਾਜ਼ਮ/ ਸਿਹਤ ਮੰਤਰੀ ਤੋਂ ਮੰਗਾਂ ਛੇਤੀ ਮੰਗਣ ਦੀ ਕੀਤੀ ਮੰਗ

0
2

ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤ ਡਾਕਟਰ, ਫਾਰਮਾਸਿਸਟ ਅਤੇ ਕਲੀਨਿਕ ਅਸਿਸਟੈਂਟ ਅਣਮਿਥੇ ਸਮੇਂ ਦੀ ਹੜਤਾਲ ’ਤੇ ਚਲੇ ਗਏ ਹਨ। ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਇਕੱਤਰ ਹੋਏ ਹੜਤਾਲੀ ਕਾਮਿਆਂ ਨੇ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ। ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਹਿਲਾਂ 27 ਜੁਲਾਈ ਨੂੰ ਮੰਗਾਂ ਮੰਨਣ ਦੇ ਭਰੋਸੇ ਬਾਅਦ ਹੜਤਾਲ ਵਾਪਸ ਲੈ ਲਈ ਸੀ ਪਰ ਸਰਕਾਰ ਨੇ ਵਾਅਦਾ ਪੂਰਾ ਨਹੀਂ ਕੀਤਾ, ਜਿਸ ਦੇ ਚਲਦਿਆਂ ਮੁੜ ਹੜਤਾਲ ਕਰਨੀ ਪਈ ਹੈ।
ਆਮ ਆਦਮੀ ਕਲੀਨਿਕ ਸਾਂਝਾ ਫਰੰਟ ਦੇ ਆਗੂ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਸ ਸਮੇਂ ਸਰਕਾਰ ਨੇ ਮੰਗਾਂ ਪੂਰੀ ਕਰਨ ਲਈ 15 ਦਿਨ ਦਾ ਸਮਾਂ ਲਿੱਤਾ ਸੀ ਪਰ ਹੁਣ ਸਰਕਾਰ ਵੱਲੋਂ ਮੰਗਾਂ ’ਤੇ ਕੋਈ ਠੋਸ ਕਾਰਵਾਈ ਨਾ ਹੋਣ ਕਰਕੇ ਅੱਜ ਤੋਂ ਫਿਰ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਭਰੋਸੇ ਦੇ ਬਾਵਜੂਦ ਮੰਗਾਂ ਪੂਰੀਆਂ ਨਾ ਹੋਣ ਕਾਰਨ ਹੁਣ ਆਮ ਆਦਮੀ ਕਲੀਨਿਕਾਂ ਦਾ ਸਟਾਫ਼ ਮੁਕੰਮਲ ਕੰਮਕਾਜ ਦਾ ਬਾਈਕਾਟ ਕਰਕੇ ਰਾਜ ਪੱਧਰੀ ਹੜਤਾਲ ਸ਼ੁਰੂ ਹੈ।
ਉਹਨਾਂ ਕਿਹਾ ਕਿ ਐਸੋਸੀਏਸ਼ਨ ਦੀ ਮੁੱਖ ਮੰਗ ਸੇਵਾਵਾਂ ਰੈਗੂਲਰ ਕਰਨ ਦੀ ਹੈ। ਉਹਨਾਂ ਦੇ ਅਨੁਸਾਰ ਉਨ੍ਹਾਂ ਦੀ ਭਰਤੀ ਰੈਗੂਲਰ ਮੁਲਾਜ਼ਮਾਂ ਵਾਂਗ ਸਾਰੀਆਂ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਨ ਤੋਂ ਬਾਅਦ ਹੋਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਗਏ, ਪਰ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਿਆ। ਉਨ੍ਹਾਂ ਸਰਕਾਰ ਤੋਂ ਮੁਲਾਜਮਾਂ ਦੀਆਂ ਮੰਗਾਂ ਵੱਲ ਛੇਤੀ ਧਿਆਨ ਦੇਣ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here