ਪੰਜਾਬ ਜੈਤੋ ਪੁਲਿਸ ਵੱਲੋਂ ਵਾਹਨ ਚੋਰ ਗਰੋਹ ਦਾ ਪਰਦਾਫਾਸ਼/ ਚੋਰੀਸ਼ੁਦਾ 10 ਮੋਟਰਸਾਈਕਲ ਸਮੇਤ ਮੁਲਜ਼ਮ ਗ੍ਰਿਫਤਾਰ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਕੀਤੀ ਸ਼ੁਰੂ By admin - August 30, 2026 0 5 Facebook Twitter Pinterest WhatsApp ਫਰੀਦਕੋਟ ਅਧੀਨ ਆਉਂਦੇ ਥਾਣਾ ਜੈਤੋ ਦੀ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੀ ਨਿਸ਼ਾਨਦੇਹੀ ਤੇ 10 10 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਕੁੱਝ ਲੋਕ ਗਰੁੱਪ ਬਣਾ ਕੇ ਵਾਹਨ ਚੋਰੀ ਕਰ ਕੇ ਅੱਗੇ ਵੇਚਣ ਦਾ ਧੰਦਾ ਕਰਦੇ ਹਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀਐਸਪੀ ਇਕਬਾਲ ਸਿੰਘ ਨੇ ਦੱਸਿਆ ਕਿ ਥਾਣਾ ਜੈਤੋ ਵਿਖੇ ਮੁਕੱਦਮਾ ਨੰਬਰ 191 ਮਿਤੀ 28 ਅਗਸਤ 2026 ਨੂੰ ਬੀਐਨਐਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ 28 ਅਗਸਤ ਨੂੰ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਜੈਤੋ ਸ਼ਹਿਰ ਵਿੱਚ ਮੌਜੂਦ ਸੀ। ਇਸ ਦੌਰਾਨ ਰੇਲਵੇ ਸਟੇਸ਼ਨ ਜੈਤੋ ਨੇੜੇ ਇੱਕ ਭਰੋਸੇਯੋਗ ਸੂਚਨਾ ਮਿਲੀ ਕਿ ਕੁਝ ਵਿਅਕਤੀ ਸੰਗਠਿਤ ਗਰੁੱਪ ਬਣਾਕੇ ਜੈਤੋ ਅਤੇ ਆਸ-ਪਾਸ ਦੇ ਪਿੰਡਾਂ ਵਿੱਚੋਂ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚ ਰਹੇ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਚਾਰ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ। ਮੁੱਢਲੀ ਪੁੱਛਗਿੱਛ ਅਤੇ ਉਨ੍ਹਾਂ ਦੀ ਨਿਸ਼ਾਨਦੇਹੀ ਦੇ ਆਧਾਰ ’ਤੇ 10 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਲੂੰਗਰ, ਸਤਵੰਤ ਸਿੰਘ ਉਰਫ਼ ਜੱਸੂ, ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਅਤੇ ਰਵੀ ਸਿੰਘ ਵਜੋਂ ਹੋਈ ਹੈ। ਡੀਐਸਪੀ ਇਕਬਾਲ ਸਿੰਘ ਮੁਤਾਬਕ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ, ਤਾਂ ਜੋ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਹੋਰ ਚੋਰੀਸ਼ੁਦਾ ਵਾਹਨਾਂ ਦੀ ਬਰਾਮਦਗੀ, ਇਸ ਗਿਰੋਹ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਅਤੇ ਹੋਰ ਸੰਭਾਵਿਤ ਵਾਰਦਾਤਾਂ ਸਬੰਧੀ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਰਿਕਾਰਡ ਦੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਲੁੱਟ-ਖੋਹ ਅਤੇ ਹੋਰ ਧਾਰਾਵਾਂ ਤਹਿਤ ਕੁੱਲ 7 ਮਾਮਲੇ ਦਰਜ ਹੋਣ ਦੀ ਜਾਣਕਾਰੀ ਮਿਲੀ ਹੈ। ਫਰੀਦਕੋਟ ਪੁਲਿਸ ਦਾ ਕਹਿਣਾ ਹੈ ਕਿ ਜ਼ਿਲ੍ਹੇ ਵਿੱਚ ਅਪਰਾਧਿਕ ਗਤੀਵਿਧੀਆਂ ਅਤੇ ਵਾਹਨ ਚੋਰੀ ਦੀਆਂ ਘਟਨਾਵਾਂ ’ਤੇ ਨਕੇਲ ਕੱਸਣ ਲਈ ਵਿਸ਼ੇਸ਼ ਮੁਹਿੰਮ ਲਗਾਤਾਰ ਜਾਰੀ ਰਹੇਗੀ।