ਗੁਰਦਾਸਪੁਰ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ/ ਹਰਪ੍ਰੀਤ ਸਿੰਘ ਹੈਰੀ ਬਣੇ ਪ੍ਰਧਾਨ/ ਸਭ ਤੋਂ ਵੱਧ ਵੋਟਾਂ ਨਾਲ ਮੀਤ ਪ੍ਰਧਾਨ ਬਣੇ ਐਡਵੋਕੇਟ ਮਨੀਸ਼

0
2

ਗੁਰਦਾਸਪੁਰ ਬਾਰ ਐਸੋਸੀਏਸ਼ਨ ਦੀਆਂ  ਹੋਈਆਂ ਚੋਣਾਂ ਦੌਰਾਨ ਹਰਪ੍ਰੀਤ ਸਿੰਘ ਹੈਰੀ 160 ਵੋਟਾਂ ਨਾਲ ਜਿੱਤ ਕੇ ਬਾਰ ਐਸੋਸੀਏਸ਼ਨ ਗੁਰਦਾਸਪੁਰ ਦੇ ਪ੍ਰਧਾਨ ਬਣ ਗਏ ਹਨ। ਉੱਥੇ ਹੀ ਨੌਜਵਾਨ ਵਕੀਲ ਮਨੀਸ਼ ਕੁਮਾਰ ਸਭ ਤੋਂ ਵੱਧ ਵੋਟਾਂ ਨਾਲ ਜਿੱਤ ਕੇ ਬਾਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਬਣੇ ਹਨ। ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ’ਤੇ ਜਿੱਤ ਹਾਸਲ ਕਰਨ ਵਾਲੇ ਐਡਵੋਕੇਟ ਮਨੀਸ਼ ਨੇ ਉਨ੍ਹਾਂ ਨੂੰ ਸਮਰਥਨ ਦੇਣ ਵਾਲੇ ਸਮੂਹ ਵਕੀਲ ਸਾਥੀਆਂ ਅਤੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਐਡਵੋਕੇਟ ਮਨੀਸ਼ ਨੂੰ ਚੋਣ ਵਿੱਚ 616 ਵੋਟਾਂ ਪ੍ਰਾਪਤ ਹੋਈਆਂ। ਉੱਥੇ ਹੀ ਐਡਵੋਕੇਟ ਜਸਕਰਨ ਸਿੰਘ ਬਾਰ ਸੈਸ਼ਨ ਦੇ ਸੈਕਟਰੀ ਚੁਣੇ ਗਏ ਹਨ।
ਚੋਣ ਜਿੱਤਣ ਉਪਰੰਤ ਗੱਲਬਾਤ ਕਰਦਿਆਂ ਐਡਵੋਕੇਟ ਹਰਪ੍ਰੀਤ ਸਿੰਘ ਹੈਰੀ ਅਤੇ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਮਨੀਸ਼ ਨੇ ਕਿਹਾ ਕਿ ਵਕੀਲ ਭਾਈਚਾਰੇ ਵੱਲੋਂ ਉਨ੍ਹਾਂ ’ਤੇ ਜਤਾਇਆ ਗਿਆ ਭਰੋਸਾ ਉਨ੍ਹਾਂ ਲਈ ਬੇਹੱਦ ਮਾਣ ਅਤੇ ਜ਼ਿੰਮੇਵਾਰੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਬਾਰ ਐਸੋਸੀਏਸ਼ਨ ਅਤੇ ਵਕੀਲ ਭਾਈਚਾਰੇ ਦੀ ਭਲਾਈ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਟੀਮਾਂ ਵੱਲੋਂ ਬਾਰ ਅਤੇ ਵਕੀਲਾਂ ਦੀ ਭਲਾਈ ਲਈ ਕੀਤੇ ਗਏ ਕੰਮ ਸ਼ਲਾਘਾਯੋਗ ਹਨ। ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਚੰਗੇ ਕੰਮਾਂ ਨੂੰ ਅੱਗੇ ਵਧਾਉਂਦਿਆਂ ਵਕੀਲਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਾਂਝੇ ਤੌਰ ’ਤੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਰ ਸਾਲ ਬਾਰ ਦੇ ਮੈਂਬਰਾਂ ਦੀ ਗਿਣਤੀ ਵਿੱਚ ਹੋ ਰਹੇ ਵਾਧੇ ਨੂੰ ਦੇਖਦਿਆਂ ਬੁਨਿਆਦੀ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਹੋਰ ਵੱਧ ਧਿਆਨ ਦੇਣ ਦੀ ਲੋੜ ਹੈ।
ਐਡਵੋਕੇਟ ਮਨੀਸ਼ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਕੀਲ ਭਾਈਚਾਰੇ ਨੂੰ ਦਰਪੇਸ਼ ਮੁੱਖ ਸਮੱਸਿਆਵਾਂ ਵਿੱਚੋਂ ਪਾਰਕਿੰਗ ਦੀ ਸਮੱਸਿਆ ਇੱਕ ਅਹਿਮ ਮੁੱਦਾ ਹੈ। ਇਸ ਤੋਂ ਇਲਾਵਾ ਵਕੀਲਾਂ ਲਈ ਨਵੇਂ ਚੈਂਬਰਾਂ ਦੀ ਉਸਾਰੀ ਵੀ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ ਅਤੇ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਇਨ੍ਹਾਂ ਦੇ ਹੱਲ ਲਈ ਠੋਸ ਉਪਰਾਲੇ ਕੀਤੇ ਜਾਣਗੇ।
ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਟੀਮ ਵਕੀਲ ਭਾਈਚਾਰੇ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਨੂੰ ਪੂਰੀ ਗੰਭੀਰਤਾ ਨਾਲ ਲਵੇਗੀ। ਉਨ੍ਹਾਂ ਦਾ ਮੁੱਖ ਉਦੇਸ਼ ਬਾਰ ਵਿੱਚ ਵਕੀਲਾਂ ਲਈ ਬਿਹਤਰ ਸਹੂਲਤਾਂ, ਸੁਚੱਜਾ ਮਾਹੌਲ ਅਤੇ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣਾ ਹੋਵੇਗਾ।ਅੰਤ ਵਿੱਚ ਐਡਵੋਕੇਟ ਮਨੀਸ਼ ਨੇ ਇੱਕ ਵਾਰ ਫਿਰ ਸਮੂਹ ਵਕੀਲ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਉਨ੍ਹਾਂ ਦੀ ਨਹੀਂ, ਸਗੋਂ ਉਨ੍ਹਾਂ ’ਤੇ ਭਰੋਸਾ ਕਰਨ ਵਾਲੇ ਸਮੂਹ ਵਕੀਲ ਭਾਈਚਾਰੇ ਦੀ ਸਾਂਝੀ ਜਿੱਤ ਹੈ। ਉਨ੍ਹਾਂ ਕਿਹਾ ਕਿ ਉਹ ਮਿਲ ਕੇ ਬਾਰ ਦੀ ਬਿਹਤਰੀ ਅਤੇ ਵਕੀਲਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਰਹਿਣਗੇ।

LEAVE A REPLY

Please enter your comment!
Please enter your name here