ਬਰਨਾਲਾ ’ਚ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਗਰਮੀ/ ਗੁਰਦੀਪ ਬਾਠ ਨੂੰ ਸੌਂਪੀ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ/ ਆਪ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ ਗੁਰਦੀਪ ਬਾਠ

0
3

ਅਕਾਲੀ ਦਲ ਵਾਰਿਸ ਪੰਜਾਬ ਨੇ ਬਰਨਾਲਾ ਜ਼ਿਲ੍ਹੇ ਅੰਦਰ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਨੇ ਹਲਕੇ ਅੰਦਰ ਪਾਰਟੀ ਦੀ ਮਜਬੂਤੀ ਲਈ ਗੁਰਦੀਪ ਸਿੰਘ ਬਾਠ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੀਡੀਆ ਨਾਲ ਗੱਲ਼ਬਾਤ ਦੌਰਾਨ ਗੁਰਦੀਪ ਬਾਠ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਇਕ ਖੇਤਰੀ ਪਾਰਟੀ ਹੈ ਜੋ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਤੇ ਪੰਜਾਬ ਦੇ ਮੁੱਦਿਆਂ ਨੂੰ ਸਮਝਦੀ ਹੈ, ਜਦਕਿ ਦਿੱਲੀ ਨਾਲ ਸਬੰਧਤ ਪਾਰਟੀਆਂ ਦਾ ਮਕਸਦ ਕੇਵਲ ਪੰਜਾਬ ਤੇ ਪੰਜਾਬੀਆਂ ਨੂੰ ਲੁੱਟਣਾ ਹੀ ਹੈ।
ਨਸ਼ਿਆਂ ਦੀ ਦੁਰਵਰਤੋਂ ਦੇ ਮੁੱਦੇ ‘ਤੇ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਸਖ਼ਤ ਕਾਰਵਾਈ ਦੀ ਲੋੜ ਹੈ। ਉਨ੍ਹਾਂ ਭਾਜਪਾ ਦੀ ਨਸ਼ਾ ਵਿਰੋਧੀ ਮੁਹਿੰਮ ‘ਤੇ ਵੀ ਸਵਾਲ ਉਠਾਏ। ਬਾਠ ਨੇ ਕਿਹਾ ਕਿ ਸਰਹੱਦੀ ਖੇਤਰ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ। ਜੇਕਰ ਸਰਹੱਦ ਪਾਰ ਤੋਂ ਨਸ਼ਿਆਂ ਦੀਆਂ ਖੇਪਾਂ ਪੰਜਾਬ ਵਿੱਚ ਪਹੁੰਚ ਰਹੀਆਂ ਹਨ, ਤਾਂ ਇਸ ਮੁੱਦੇ ਲਈ ਕੇਂਦਰ ਅਤੇ ਪੰਜਾਬ ਦੋਵੇਂ ਸਰਕਾਰਾਂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਦੁਰਵਰਤੋਂ ਸਿਰਫ਼ ਰੈਲੀਆਂ ਜਾਂ ਮੁਹਿੰਮਾਂ ਕਰਕੇ ਹੀ ਖ਼ਤਮ ਨਹੀਂ ਕੀਤੀ ਜਾ ਸਕੇਗੀ; ਨਸ਼ਿਆਂ ਦੀਆਂ ਖੇਪਾਂ ਨੂੰ ਜ਼ਬਤ ਕਰਨ ਅਤੇ ਸਪਲਾਈ ਲੜੀ ਨੂੰ ਤੋੜਨ ਲਈ ਠੋਸ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਗੁਰਦੀਪ ਬਾਠ ਜ਼ਿਲ੍ਹਾ ਯੋਜਨਾ ਬੋਰਡ  ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ 2024 ਦੀ ਉਪ ਚੋਣ ਵਿਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਕੇ 17 ਹਜ਼ਾਰ ਵੋਟ ਹਾਸਲ ਕੀਤੇ ਸਨ। ਇਸ ਲਈ ਉਸ ਦੀ ਅਕਾਲੀ ਦਲ ਵਾਰਿਸ ਪੰਜਾਬ ਅੰਦਰ ਸਰਗਰਮੀ ਨੂੰ ਬਰਨਾਲਾ ਜ਼ਿਲ੍ਹੇ ਦੀ ਵੱਡੀ ਸਿਆਸੀ ਹਲਚਲ ਵਜੋਂ ਵੇਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here